ਜ਼ਿਲ੍ਹਾ ਲੁਧਿਆਣਾ ਵਿੱਚ ਪ੍ਰਸ਼ਾਸਨ ਤੇ ਪੁਲੀਸ ਵਿਭਾਗ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਅੱਜ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਤੇ ਪੁਲੀਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਵੱਖ ਵੱਖ ਖੇਤਰਾਂ ਦਾ ਦੌਰਾ ਕੀਤਾ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ 45 ਮਾਮਲੇ ਦਰਜ ਕਰ ਕੇ 22 ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ 45 ਮਾਮਲੇ ਦਰਜ ਕਰਨ ਤੋਂ ਇਲਾਵਾ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ 34 ਚਾਲਾਨ ਵੀ ਜਾਰੀ ਕੀਤੇ ਗਏ ਹਨ, 13 ਕੰਬਾਈਨਾਂ ਨੂੰ ਸੁਪਰ ਐੱਸ. ਐੱਮ. ਐੱਸ. ਨਾਲ ਲਗਾਉਣ ਕਾਰਨ ਪ੍ਰਤੀ ਕੰਬਾਈਨ 2 ਲੱਖ ਰੁਪਏ ਚਾਲਾਨ ਕੀਤੇ ਗਏ ਹਨ, 243 ਮਾਮਲਿਆਂ ਵਿੱਚ 8 ਲੱਖ ਰੁਪਏ ਦਾ ਮੁਆਵਜ਼ਾ ਫਾਈਲ ਕੀਤਾ ਗਿਆ ਹੈ। ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਲਾਲ ਸਿਆਹੀ ਨਾਲ ਐਂਟਰੀ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਪਰਾਲੀ ਸਾੜਨ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ 77 ਕਲੱਸਟਰ ਟੀਮਾਂ ਦਾ ਗਠਨ ਕੀਤਾ ਗਿਆ ਹੈ।
ਅੱਜ ਪੁਲੀਸ ਕਮਿਸ਼ਨਰ ਰਾਕੇਸ਼ ਕੁਮਾਰ ਅਗਰਵਾਲ, ਐੱਸ.ਡੀ.ਐੱਮ. ਅਮਰਜੀਤ ਸਿੰਘ ਬੈਂਸ, ਮੁੱੱਖ ਖੇਤੀਬਾੜੀ ਅਫ਼ਸਰ ਡਾ. ਬਲਦੇਵ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਹੋਰ ਅਧਿਕਾਰੀਆਂ ਨਾਲ ਖਾਸੀ ਕਲਾਂ, ਹਵਾਸ, ਸਹਿਬਾਣਾ, ਰਜੂਲ ਆਦਿ ਪਿੰਡਾਂ ਦਾ ਦੌਰਾ ਕਰਦਿਆਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰੱਖਣ ਦੇ ਆਦੇਸ਼ ਦਿੱਤੇ। ਡੀਸੀ ਅਗਰਵਾਲ ਨੇ ਕਿਸਾਨਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕਿਸਾਨਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਵਿੱਚ ਪਰਾਲੀ ਨੂੰ ਸਾੜਨ ਨਾ ਦੇਣ।
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਪਰਾਲੀ ਸਾੜੇ ਜਾਣ ਦੇ ਰੁਝਾਨ ਨਾਲ ਨਿਪਟਣ ਸਬੰਧੀ ਸਰਕਾਰ ਨੇ ਆਪਣੀਆਂ ਕੋਸ਼ਿਸ਼ਾਂ ਨੂੰ ਹੋਰ ਤੇਜ਼ ਕਰਦਿਆਂ ਕਿਸਾਨਾਂ ਨੂੰ ਉਨ੍ਹਾਂ ਦੇ ਨੇੜੇ ਹੀ ਪਰਾਲੀ ਪ੍ਰਬੰਧਨ ਨਾਲ ਸਬੰਧਤ ਮਸ਼ੀਨਰੀ ਮੁਹੱਈਆ ਕਰਾਉਣ ਦਾ ਬੀੜਾ ਚੁੱਕਿਆ ਹੈ। ਇਸ ਸਬੰਧੀ ਕਿਸਾਨਾਂ ਦੀ ਸਹੂਲਤ ਲਈ ਇੱਕ ਮੋਬਾਈਲ ਐਪਲੀਕੇਸ਼ਨ i-khet ਜਾਰੀ ਕੀਤੀ ਗਈ ਹੈ ਜਿਸ ਦਾ ਜ਼ਿਲ੍ਹਾ ਲੁਧਿਆਣਾ ਦੇ ਹਜ਼ਾਰਾਂ ਕਿਸਾਨਾਂ ਨੇ ਲਾਭ ਲਿਆ ਹੈ। ਇਹ ਮੋਬਾਈਲ ਐਪਲੀਕੇਸ਼ਨ ਇਸ ਸਾਲ ਵੀ ਕਿਸਾਨਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਹ ਮੋਬਾਈਲ ਐਪਲੀਕੇਸ਼ਨ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਵੱਲੋਂ ਤਿਆਰ ਕੀਤੀ ਗਈ ਹੈ, ਜਿਸ ’ਤੇ ਜ਼ਿਲ੍ਹਾ ਲੁਧਿਆਣਾ ਵਿੱਚ ਉਪਲੱਬਧ ਸਾਰੀਆਂ ਪਰਾਲੀ ਪ੍ਰਬੰਧਨ ਮਸ਼ੀਨਾਂ ਦਾ ਵੇਰਵਾ ਪਾਇਆ ਹੋਇਆ ਹੈ। ਇਹ ਐਪਲੀਕੇਸ਼ਨ ਐਂਡਰਾਈਡ ਫੋਨ ’ਤੇ ਪਲੇਅ ਸਟੋਰ ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ। ਇਹ ਐਪਲੀਕੇਸ਼ਨ ਜ਼ਿਲ੍ਹਾ, ਬਲਾਕ ਅਤੇ ਪਿੰਡ ਪੱਧਰ ’ਤੇ ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਵਿੱਚ ਸਬੰਧਤ ਸੂਚਨਾ ਮੁਹੱਈਆ ਕਰਵਾ ਰਹੀਆਂ ਹਨ।
ਡਿਪਟੀ ਕਮਿਸ਼ਨਰ ਅਗਰਵਾਲ ਨੇ ਦੱਸਿਆ ਕਿ ਜੇਕਰ ਕੋਈ ਵਿਅਕਤੀ ਪਰਾਲੀ ਨੂੰ ਸਾੜਨ ਸਬੰਧੀ ਜ਼ਿਲ੍ਹਾ ਪ੍ਰਸਾਸ਼ਨ ਨੂੰ ਸ਼ਿਕਾਇਤ ਦਰਜ ਕਰਾਉਣਾ ਚਾਹੁੰਦਾ ਹੈ ਤਾਂ ਉਹ ਹੈੱਲਪਲਾਈਨ ਨੰਬਰ 01612404502 ’ਤੇ ਦਰਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਹੈੱਲਪਲਾਈਨ ਨੰਬਰ 24 ਘੰਟੇ ਚਾਲੂ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਪਰਾਲੀ ਪ੍ਰਬੰਧਨ ਸੰਬੰਧੀ ਮਸ਼ੀਨਰੀ ਖਰੀਦਣ ਵਿੱਚ ਸਮੱਸਿਆ ਪੇਸ਼ ਆ ਰਹੀ ਹੈ ਤਾਂ ਉਹ ਇਸ ਸੰਬੰਧੀ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਦੇਵ ਸਿੰਘ ਨਾਲ ਉਨ੍ਹਾਂ ਦੇ ਸੰਪਰਕ ਨੰਬਰ 9888674820 ’ਤੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਨੇ ਹੋਰ ਦੱਸਿਆ ਕਿ ਜੇਕਰ ਕਿਸੇ ਖੇਤ ਵਿੱਚ ਅੱਗ ਆਦਿ ਲੱਗਣ ਦੀ ਘਟਨਾ ਵਾਪਰਦੀ ਹੈ ਤਾਂ ਇਸ ਸਬੰਧੀ ਫਾਇਰ ਬ੍ਰਿਗੇਡ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
INDIA ਲੁਧਿਆਣਾ ਜ਼ਿਲ੍ਹੇ ’ਚ ਪਰਾਲੀ ਫੂਕਣ ਵਾਲੇ 22 ਕਿਸਾਨ ਗ੍ਰਿਫ਼ਤਾਰ