ਚੰਡੀਗੜ੍ਹ (ਸਮਾਜ ਵੀਕਲੀ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮਲੇਰਕੋਟਲਾ ਦਾ ਪੰਜਾਬ ਦੇ 23ਵੇਂ ਜ਼ਿਲ੍ਹੇ ਵਜੋਂ ਵਰਚੁਅਲ ਢੰਗ ਨਾਲ ਰਸਮੀ ਉਦਘਾਟਨ ਕਰਦਿਆਂ ਕਿਹਾ ਕਿ ਮਾਲੇਰਕੋਟਲਾ ਦੇ ਜ਼ਿਲ੍ਹਾ ਬਣਨ ਨਾਲ ਇਸ ਖਿੱਤੇ ਦੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ, ਕਿਸੇ ਕਾਰਨਾਂ ਕਰਕੇ ਉਹ ਮਾਲੇਰਕੋਟਲਾ ਨੂੰ ਪਹਿਲਾਂ ਜ਼ਿਲ੍ਹਾ ਨਹੀਂ ਬਣਾ ਸਕੇ ਸਨ। ਉਨ੍ਹਾਂ ਕਿਹਾ ਕਿ ਨਵੇਂ ਬਣੇ ਜ਼ਿਲ੍ਹੇ ਵਿੱਚ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਸਬ-ਤਹਿਸੀਲ ਤੋਂ ਦਰਜਾ ਵਧਾ ਕੇ ਸਬ-ਡਵੀਜ਼ਨ ਬਣਾਏ ਗਏ ਅਮਰਗੜ੍ਹ ਸਬ-ਡਿਵੀਜ਼ਨਾਂ ਨੂੰ ਸ਼ਾਮਲ ਕੀਤਾ ਜਾਵੇਗਾ।
ਜ਼ਿਲ੍ਹਾ ਪੱਧਰ ’ਤੇ ਆਰਜ਼ੀ ਦਫ਼ਤਰ ਸਥਾਪਤ ਕੀਤੇ ਗਏ ਹਨ ਅਤੇ ਜ਼ਿਲ੍ਹਾ ਪੱਧਰ ’ਤੇ ਹੀ 12 ਵਿਭਾਗਾਂ ਦੇ ਦਫ਼ਤਰ ਛੇਤੀ ਹੀ ਚਾਲੂ ਕੀਤੇ ਜਾਣਗੇ। ਉਨ੍ਹਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਸਬ-ਡਵੀਜ਼ਨਲ ਕੰਪਲੈਕਸ ਦੀ ਉਸਾਰੀ ਲਈ 20 ਕਰੋੜ ਰੁਪਏ ਅਲਾਟ ਕੀਤੇ ਜਾਣ ਦੀ ਜਾਣਕਾਰੀ ਵੀ ਸਾਂਝੀ ਕੀਤੀ। ਮੁੱਖ ਮੰਤਰੀ ਨੇ ਸਿੱਖ ਇਤਿਹਾਸ ਵਿੱਚ ਮਾਲੇਰਕੋਟਲਾ ਦੇ ਖਾਸ ਮਹੱਤਵ ਦਾ ਹਵਾਲਾ ਦਿੰਦਿਆਂ ਸੂਬਾ ਸਰਹੰਦ ਵੱਲੋਂ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ (9 ਸਾਲ) ਅਤੇ ਬਾਬਾ ਫਤਿਹ ਸਿੰਘ (7 ਸਾਲ) ਨੂੰ ਜਿਊਂਦਿਆਂ ਨੀਂਹਾਂ ਵਿੱਚ ਚਿਣੇ ਜਾਣ ਵਿਰੁੱਧ ਨਵਾਬ ਸ਼ੇਰ ਮੁਹੰਮਦ ਖ਼ਾਨ ਵੱਲੋਂ ਮਾਰੇ ਗਏ ‘ਹਾਅ ਦੇ ਨਾਅਰੇ’ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ। ਜਲ ਸਪਲਾਈ ਅਤੇ ਸੈਨੀਟੇਸ਼ਨ ਤੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ।
ਮੁੱਖ ਸਕੱਤਰ ਵਿਨੀ ਮਹਾਜਨ ਨੇ ਪ੍ਰਸ਼ਾਸਨਿਕ ਢਾਂਚੇ ਦੇ ਵੇਰਵੇ ਸਾਂਝੇ ਕੀਤੇ। ਇਸ ਤੋਂ ਪਹਿਲਾਂ ਵਧੀਕ ਮੁੱਖ ਸਕੱਤਰ ਮਾਲ ਅਤੇ ਮੁੜ ਵਸੇਬਾ ਰਵਨੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਇਸ ਜ਼ਿਲ੍ਹੇ ਵਿੱਚ 192 ਪਿੰਡ, 62 ਪਟਵਾਰ ਸਰਕਲ ਅਤੇ 6 ਕਾਨੂੰਨਗੋ ਸਰਕਲ ਸ਼ਾਮਲ ਕੀਤੇ ਜਾਣਗੇ। ਇਸ ਮੌਕੇ ਮਿਉਂਸਿਪਲ ਕੌਂਸਲਰ ਮਨੋਜ ਕੁਮਾਰ, ਜ਼ੀਆ ਜਮਾਲ, ਬਲਾਕ ਸਮਿਤੀ ਮਾਲੇਰਕੋਟਲਾ ਦੇ ਸਾਬਕਾ ਪ੍ਰਧਾਨ ਜਸਪਾਲ ਦਾਸ ਅਤੇ ਪ੍ਰੋਫੈਸਰ ਰਫ਼ੀ ਨੇ ਮੁੱਖ ਮੰਤਰੀ ਨਾਲ ਗੱਲਬਾਤ ਕਰਦੇ ਹੋਏ ਮਾਲੇਰਕੋਟਲਾ ਨਿਵਾਸੀਆਂ ਤਰਫ਼ੋਂ ਧੰਨਵਾਦ ਕੀਤਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly