ਨਵੀਂ ਦਿੱਲੀ: ਜੇਐੱਨਯੂ ਵਿਦਿਆਰਥੀ ਯੂਨੀਅਨ ਨੇ ਅੱਜ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਦਸ ਵਾਰੀ ਵੀ ਸੰਸਦ ਵੱਲ ਮਾਰਚ ਕਰਨ ਨੂੰ ਤਿਆਰ ਹਨ। ਜੇਐੱਨਯੂ ਦੇ ਵੀਸੀ ਐੱਮ. ਜਗਦੀਸ਼ ਕੁਮਾਰ ਨੂੰ ਹਟਾਉਣ ਦੀ ਮੰਗ ਕਰਨ ਵਾਲੇ ਵਿਦਿਆਰਥੀਆਂ ਨੇ ਦੋਸ਼ ਲਗਾਇਆ ਕਿ ਦਿੱਲੀ ਪੁਲੀਸ ਉਨ੍ਹਾਂ ਦੀ ਯੂਨੀਅਨ ਦੇ ਮੈਂਬਰਾਂ ਨੂੰ ਹਿਰਾਸਤ ’ਚ ਲੈ ਕੇ ਉਨ੍ਹਾਂ ਦੇ ਰੋਸ ਮੁਜ਼ਾਹਰੇ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ। ਜੇਐੱਨਯੂਐੱਸਯੂ ਦੀ ਪ੍ਰਧਾਨ ਆਇਸ਼ੀ ਘੋਸ਼ ਨੇ ਕਿਹਾ, ‘ਪੁਲੀਸ ਨੇ ਮੇਰੇ ਤੇ ਯੂਨੀਅਨ ਦੇ ਜਨਰਲ ਸਕੱਤਰ ਸਤੀਸ਼ ਸਮੇਤ ਸੌ ਦੇ ਕਰੀਬ ਵਿਦਿਆਰਥੀਆਂ ਨੂੰ ਇਸ ਕਰਕੇ ਹਿਰਾਸਤ ਵਿੱਚ ਲੈ ਲਿਆ ਸੀ ਤਾਂ ਜੋ ਐੱਮਐੱਚਆਰਡੀ ਦੇ ਸਕੱਤਰ ਨਾਲ ਉਨ੍ਹਾਂ ਦੀ ਉੱਚ ਪੱਧਰੀ ਮੀਟਿੰਗ ਨਾ ਹੋ ਸਕੇ।’ ਉਨ੍ਹਾਂ ਕਿਹਾ ਕਿ ਉਹ ਸਪੱਸ਼ਟ ਕਰ ਚੁੱਕੇ ਹਨ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।