ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਵਿਚ ਗੋਬਿੰਦ ਸਿੰਘ ਲੌਂਗੋਵਾਲ ਨੂੰ ਬਿਨਾਂ ਕਿਸੇ ਵਿਰੋਧ ਦੇ ਤੀਜੀ ਵਾਰ ਪ੍ਰਧਾਨ ਚੁਣ ਲਿਆ ਗਿਆ ਹੈ। ਸ਼੍ਰੋਮਣੀ ਕਮੇਟੀ ’ਚ ਬਾਕੀ ਅਹੁਦਿਆਂ ’ਤੇ ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਜਨਰਲ ਇਜਲਾਸ ਦੌਰਾਨ ਕੁਝ ਮੰਗਾਂ ਨੂੰ ਲੈ ਕੇ ਸੁਖਦੇਵ ਸਿੰਘ ਭੌਰ ਅਤੇ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਹੇਠ ਕੁਝ ਮੈਂਬਰਾਂ ਨੇ ਬਾਈਕਾਟ ਕੀਤਾ।
ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਏ ਜਨਰਲ ਇਜਲਾਸ ਦੌਰਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ। ਭਾਈ ਰਜਿੰਦਰ ਸਿੰਘ ਮਹਿਤਾ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਬਖਸ਼ ਸਿੰਘ ਨਵਾਂਸ਼ਹਿਰ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਹਰਜਿੰਦਰ ਸਿੰਘ ਧਾਮੀ ਨੂੰ ਜਨਰਲ ਸਕੱਤਰ ਵਜੋਂ ਚੁਣਿਆ ਗਿਆ ਹੈ। ਇਸੇ ਤਰ੍ਹਾਂ 11 ਮੈਂਬਰੀ ਅੰਤ੍ਰਿੰਗ ਕਮੇਟੀ ਵਿਚ ਭੁਪਿੰਦਰ ਸਿੰਘ ਅਸੰਧ, ਜਗਸੀਰ ਸਿੰਘ ਮਾਂਗੇਆਣਾ, ਗੁਰਪਾਲ ਸਿੰਘ ਗੋਰਾ, ਸ਼ੇਰ ਸਿੰਘ ਮੰਡਵਾਲਾ, ਪਰਮਜੀਤ ਕੌਰ ਲਹਿਰਾ, ਕੁਲਦੀਪ ਕੌਰ ਟੌਹੜਾ, ਜਸਮੇਰ ਸਿੰਘ ਲਾਛੜੂ, ਅਮਰਜੀਤ ਸਿੰਘ ਭਲਾਈਪੁਰ, ਸੁਰਜੀਤ ਸਿੰਘ ਕੰਗ ਰਾਜਸਥਾਨ, ਇੰਦਰਮੋਹਨ ਸਿੰਘ ਲਖਮੀਰਵਾਲਾ ਅਤੇ ਮਗਵਿੰਦਰ ਸਿੰਘ ਖਾਪੜਖੇੜੀ ਸ਼ਾਮਲ ਹਨ।
ਦੂਜੀ ਧਿਰ ਵਲੋਂ ਕਿਸੇ ਵੀ ਅਹੁਦੇ ਲਈ ਉਮੀਦਵਾਰ ਦੇ ਨਾਂ ਦੀ ਪੇਸ਼ਕਸ਼ ਨਹੀਂ ਕੀਤੀ ਗਈ ਜਿਸ ਕਾਰਨ ਚੋਣ ਪ੍ਰਕਿਰਿਆ ਸਿਰਫ਼ ਅੱਧੇ ਘੰਟੇ ਵਿਚ ਹੀ ਮੁਕੰਮਲ ਹੋ ਗਈ। ਜ਼ਿਕਰਯੋਗ ਹੈ ਕਿ ਗੋਬਿੰਦ ਸਿੰਘ ਲੌਂਗੋਵਾਲ 2017 ਅਤੇ 2018 ਵਿਚ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਨ। ਜਨਰਲ ਇਜਲਾਸ ਦੀ ਕਾਰਵਾਈ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਕੱਤਰ ਜਨਰਲ ਡਾ. ਦਲਜੀਤ ਸਿੰਘ ਚੀਮਾ ਵੀ ਇਥੇ ਨੇੜਲੀ ਇਮਾਰਤ ਵਿਚ ਹਾਜ਼ਰ ਰਹੇ ਅਤੇ ਇਜਲਾਸ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹਨ ਮਗਰੋਂ ਉਹ ਰਵਾਨਾ ਹੋਏ। ਜਨਰਲ ਇਜਲਾਸ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵੀ ਹਾਜ਼ਰ ਸਨ ਜਦੋਂਕਿ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਹੁਕਮਨਾਮਾ ਲਿਆ। ਸ਼੍ਰੋਮਣੀ ਕਮੇਟੀ ਦੇ ਮੁਖ ਸਕੱਤਰ ਡਾ. ਰੂਪ ਸਿੰਘ ਨੇ ਇਜਲਾਸ ਦੀ ਸ਼ੁਰੂਆਤ ਕੀਤੀ ਅਤੇ ਸ਼ੁਰੂ ਵਿਚ ਲੌਂਗੋਵਾਲ ਵਲੋਂ ਸ਼ੋਕ ਮਤੇ ਪੜ੍ਹੇ ਗਏ। ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਧਾਨਗੀ ਵਾਸਤੇ ਗੋਬਿੰਦ ਸਿੰਘ ਲੌਂਗੋਵਾਲ ਦਾ ਨਾਂ ਪੇਸ਼ ਕੀਤਾ, ਜਿਸ ਦੀ ਤਾਈਦ ਤੇ ਮਜੀਦ ਅਲਵਿੰਦਰ ਪਾਲ ਸਿੰਘ ਪੱਖੋਕੇ ਅਤੇ ਦਲਜੀਤ ਸਿੰਘ ਭਿੰਡਰ ਨੇ ਕੀਤੀ। ਜਨਰਲ ਇਜਲਾਸ ਦੀ ਸਮਾਪਤੀ ’ਤੇ ਸਮੁੱਚੀ ਟੀਮ ਨੂੰ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਮੇਤ ਹੋਰਨਾਂ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਅੱਜ ਦੀ ਇਸ ਇਕੱਤਰਤਾ ਵਿਚ ਕੁਲ 154 ਮੈਂਬਰ ਹਾਜ਼ਰ ਸਨ ਅਤੇ 15 ਮੈਂਬਰ ਗੈਰਹਾਜ਼ਰ ਰਹੇ । ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਦਨ ਵਿਚੋਂ 14 ਮੈਂਬਰਾਂ ਦਾ ਦੇਹਾਂਤ ਹੋ ਚੁੱਕਾ ਹੈ ਅਤੇ ਦੋ ਮੈਂਬਰ ਅਸਤੀਫ਼ਾ ਦੇ ਚੁੱਕੇ ਹਨ।
ਤੀਜੀ ਵਾਰ ਪ੍ਰਧਾਨ ਬਣਨ ਮਗਰੋਂ ਸ੍ਰੀ ਲੌਂਗੋਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਕਾਰਜਕਾਲ ਦਾ ਸਮਾਂ ਅਤੇ ਜਨਰਲ ਇਜਲਾਸ ਵੀ ਤਿੰਨ ਦਿਨਾਂ ਦਾ ਹੋਣਾ ਚਾਹੀਦਾ ਹੈ ਤਾਂ ਜੋ ਉਸ ਵਿੱਚ ਸਾਰਿਆਂ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਮਿਲ ਸਕੇ। ਮੈਂਬਰ ਆਪਣੇ ਇਲਾਕਿਆਂ ਦੀ ਕਾਰਗੁਜ਼ਾਰੀ ਉਸ ਵਿੱਚ ਦੱਸ ਸਕਣ। ਉਨ੍ਹਾਂ ਉਮੀਦ ਪ੍ਰਗਟਾਈ ਕਿ ਨਵਾਂ ਹਾਊਸ ਸਿੱਖ ਸਿਧਾਂਤਾਂ ਅਤੇ ਪਰੰਪਰਾਵਾਂ ਦੀ ਤਰਜਮਾਨੀ ਕਰੇਗਾ।
HOME ਲੌਂਗੋਵਾਲ ਤੀਜੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ