ਅੰਮ੍ਰਿਤਸਰ (ਸਮਾਜ ਵੀਕਲੀ) : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜੰਮੂ ਕਸ਼ਮੀਰ ਦੀਆਂ ਸਰਕਾਰੀ ਭਾਸ਼ਾਵਾਂ ਦੀ ਸੂਚੀ ਵਿੱਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ।
ਸ੍ਰੀ ਲੌਂਗੋਵਾਲ ਨੇ ਕਿਹਾ ਕਿ ਬੀਤੇ ਦਿਨੀਂ ਭਾਰਤ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਪ੍ਰਵਾਨ ਕੀਤੇ ਗਏ ਜੰਮੂ ਕਸ਼ਮੀਰ ਭਾਸ਼ਾ ਬਿੱਲ ਵਿੱਚੋਂ ਪੰਜਾਬੀ ਨੂੰ ਬਾਹਰ ਰੱਖਿਆ ਗਿਆ ਹੈ, ਜਿਸ ਕਾਰਨ ਸਿੱਖਾਂ ਅੰਦਰ ਰੋਸ ਹੈ। ਇਸ ਦੇ ਨਾਲ ਹੀ ਹੋਰ ਖੇਤਰੀ ਭਾਸ਼ਾਵਾਂ ਨੂੰ ਵੀ ਮਾਨਤਾ ਨਹੀਂ ਦਿੱਤੀ ਗਈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਆਖਿਆ ਕਿ ਇਹ ਭਾਸ਼ਾ ਬਿੱਲ ਜੋ ਮੌਨਸੂਨ ਸੈਸ਼ਨ ਦੌਰਾਨ ਸੰਸਦ ਵਿਚ ਪੇਸ਼ ਕੀਤਾ ਜਾਣਾ ਹੈ, ਨੂੰ ਸੋਧਣ ਉਪਰੰਤ ਹੀ ਪਾਸ ਕੀਤਾ ਜਾਵੇ। ਸੰਸਦ ਵਿਚ ਬਿੱਲ ’ਤੇ ਮੋਹਰ ਲਾਉਣ ਤੋਂ ਪਹਿਲਾਂ ਇਸ ਵਿਚ ਪੰਜਾਬੀ ਅਤੇ ਹੋਰ ਖੇਤਰੀ ਭਾਸ਼ਾਵਾਂ ਦਰਜ ਕੀਤੀਆਂ ਜਾਣ।
ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਭਾਸ਼ਾ ਬਿੱਲ ਵਿੱਚੋਂ ਪੰਜਾਬੀ ਅਤੇ ਹੋਰ ਖੇਤਰੀ ਭਾਸ਼ਾਵਾਂ ਨੂੰ ਮਾਨਤਾ ਨਾ ਦੇਣੀ ਕਿਸੇ ਵੀ ਤਰ੍ਹਾਂ ਠੀਕ ਨਹੀਂ ਹੈ। ਕੇਂਦਰ ਦੇ ਇਸ ਫੈਸਲੇ ਨਾਲ ਘੱਟ ਗਿਣਤੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਵਿਚ ਵੱਡੀ ਗਿਣਤੀ ਲੋਕ ਪੰਜਾਬੀ ਅਤੇ ਹੋਰ ਖੇਤਰੀ ਭਾਸ਼ਾਵਾਂ ਬੋਲਦੇ ਹਨ। ਪੰਜਾਬੀ ਭਾਸ਼ਾ ਨੂੰ ਜੰਮੂ ਕਸ਼ਮੀਰ ਦੇ ਸੰਵਿਧਾਨ ਵਿੱਚ ਵੀ ਮਾਨਤਾ ਸੀ, ਇਸ ਲਈ ਪੰਜਾਬੀ ਭਾਸ਼ਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ।
ਉਨ੍ਹਾਂ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਆਖਿਆ ਕਿ ਜੰਮੂ- ਕਸ਼ਮੀਰ ਵਿਚ ਸਿੱਖਾਂ ਨੂੰ ਪਹਿਲਾਂ ਹੀ ਘੱਟ ਗਿਣਤੀ ਦੇ ਦਰਜੇ ਤੋਂ ਵਾਂਝਾ ਰੱਖਿਆ ਹੋਇਆ ਹੈ ਅਤੇ ਹੁਣ ਪੰਜਾਬੀ ਭਾਸ਼ਾ ਨਾਲ ਅਨਿਆਂ ਕਰ ਕੇ ਉਨ੍ਹਾਂ ਨਾਲ ਇਕ ਹੋਰ ਧੱਕਾ ਕੀਤਾ ਗਿਆ ਹੈ।