ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਦੇ ਬਾਵਜੂਦ ਲੰਘੇ 24 ਘੰਟਿਆਂ ਅੰਦਰ ਸੂਬੇ ’ਚ 176 ਮੋਬਾਈਲ ਟਾਵਰਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ।
ਮਾਮਲੇ ਨਾਲ ਜੁੜੇ ਦੋ ਸੂਤਰਾਂ ਨੇ ਕਿਹਾ ਕਿ ਲੰਘੇ ਚੌਵੀ ਘੰਟਿਆਂ ਅੰਦਰ 176 ਮੋਬਾਈਲ ਟਾਵਰਾਂ ਨੂੰ ਨੁਕਸਾਨ ਪਹੁੰਚਿਆ ਹੈ ਜਿਸ ਨਾਲ ਹੁਣ ਤੱਕ ਨੁਕਸਾਨੇ ਗਏ ਮੋਬਾਈਲ ਟਾਵਰਾਂ ਦੀ ਗਿਣਤੀ 1411 ਹੋ ਗਈ ਹੈ। ਪੰਜਾਬ ਦੇ ਵੱਖ ਵੱਖ ਹਿੱਸਿਆਂ ’ਚ ਮੋਬਾਈਲ ਟਾਵਰਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਜਾਣ ਦੀਆਂ ਸੂਚਨਾਵਾਂ ਵੀ ਹਨ। ਉਨ੍ਹਾਂ ਕਿਹਾ ਕਿ ਮੁਜ਼ਾਹਰਾਕਾਰੀਆਂ ਨੂੰ ਰੋਕਣ ’ਤੇ ਸਾਈਟ ਮੈਨੇਜਰਾਂ ਨੂੰ ਕੁੱਟਿਆ ਜਾ ਰਿਹਾ ਹੈ ਤੇ ਉਨ੍ਹਾਂ ਨਾਲ ਬਦਸਲੂਕੀ ਵੀ ਕੀਤੀ ਜਾ ਰਹੀ ਹੈ।
ਦੂਜੇ ਸੂਤਰ ਨੇ ਦੱਸਿਆ ਕਿ ਜਿਨ੍ਹਾਂ ਮੋਬਾਈਲ ਟਾਵਰਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ ਉਨ੍ਹਾਂ ’ਚ ਜ਼ਿਆਦਾਤਰ ਜੀਓ ਤੇ ਦੂਰਸੰਚਾਰ ਸਨਅਤ ਦੇ ਸਾਂਝੇ ਬੁਨਿਆਦੀ ਢਾਂਚਾ ਸਹੂਲਤਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਇਸ ਦਾ ਅਸਰ ਦੂਰਸੰਚਾਰ ਸੇਵਾਵਾਂ ’ਤੇ ਪਿਆ ਹੈ ਅਤੇ ਪੁਲੀਸ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਅਪਰੇਟਰਾਂ ਨੂੰ ਸੇਵਾਵਾਂ ਬਹਾਲ ਕਰਨ ’ਚ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਨ੍ਹਾਂ ਮੋਬਾਈਲ ਟਾਵਰਾਂ ਨੂੰ ਨੁਕਸਾਨ ਪਹੁੰਚਾਉਣ ਪਿੱਛੇ ਇਹ ਤਰਕ ਦਿੱਤਾ ਜਾ ਰਿਹਾ ਹੈ ਕਿ ਨਵੇਂ ਖੇਤੀ ਕਾਨੂੰਨਾਂ ਨਾਲ ਮੁਕੇਸ਼ ਅੰਬਾਨੀ ਤੇ ਗੌਤਮ ਅਡਾਨੀ ਵਰਗੇ ਕਾਰਪੋਰੇਟਾਂ ਨੂੰ ਲਾਭ ਹੋਵੇਗਾ। ਇਸੇ ਆਧਾਰ ’ਤੇ ਪੰਜਾਬ ਦੀਆਂ ਵੱਖ ਵੱਖ ਥਾਵਾਂ ’ਤੇ ਰਿਲਾਇੰਸ ਜੀਓ ਦੇ ਮੋਬਾਈਲ ਟਾਵਰਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਘੇ ਸ਼ੁੱਕਰਵਾਰ ਮੁਜ਼ਾਹਰਾਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਉਹ ਮੋਬਾਈਲ ਟਾਵਰਾਂ ਨੂੰ ਨੁਕਸਾਨ ਪਹੁੰਚਾ ਕੇ ਆਮ ਲੋਕਾਂ ਨੂੰ ਪ੍ਰੇਸ਼ਾਨ ਨਾ ਕਰਨ।