ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 700 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੇ ਵਰਚੁਅਲ ਢੰਗ ਨਾਲ ਨੀਂਹ ਪੱਥਰ ਰੱਖ ਕੇ 11,000 ਕਰੋੜ ਰੁਪਏ ਦੀ ਲਾਗਤ ਵਾਲੇ ਸ਼ਹਿਰੀ ਵਾਤਾਵਰਨ ਸੁਧਾਰ ਪ੍ਰੋਗਰਾਮ (ਯੂ.ਈ.ਆਈ.ਪੀ) ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ। ਇਸ ਦੇ ਨਾਲ ਹੀ ਸ਼ਹਿਰੀ ਖੇਤਰਾਂ ਵਿੱਚ ਆਰਥਿਕ ਸਰਗਰਮੀਆਂ ਨੂੰ ਹੁੰਗਾਰਾ ਦੇਣ ਲਈ ਬਕਾਇਆ ਵੈਟ ਮੁਲਾਂਕਣਾਂ ਲਈ ਇੱਕਮੁਸ਼ਤ ਨਿਪਟਾਰੇ ਦੀ ਨੀਤੀ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਨੇ ਸਮੂਹ ਕਸਬਿਆਂ ਦੀ ਸਾਫ਼-ਸਫ਼ਾਈ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਸਾਰੇ ਸ਼ਹਿਰਾਂ ਨੂੰ ਘਰੇਲੂ ਠੋਸ ਰਹਿੰਦ-ਖੂੰਹਦ ਨੂੰ ਵੱਖਰਾ ਕਰਨ ਲਈ ਵੀ ਕਿਹਾ। ਉਨ੍ਹਾਂ ਨੇ ਭਾਰਤ ਸਰਕਾਰ ਵੱਲੋਂ ਕਰਵਾਏ ਗਏ ਸਫ਼ਾਈ ਸਰਵੇਖਣ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਨਵਾਂਸ਼ਹਿਰ ਦੀ ਸ਼ਲਾਘਾ ਵੀ ਕੀਤੀ ਹੈ। ਮੁੱਖ ਮੰਤਰੀ ਕਿਹਾ ਕਿ ਸੂਬਾ ਸਰਕਾਰ ਨੇ ਵਿੱਤੀ ਮੁਸ਼ਕਲਾਂ ਦੇ ਬਾਵਜੂਦ ਕੋਵਿਡ ਦੌਰਾਨ ਇਨ੍ਹਾਂ ਪ੍ਰਾਜੈਕਟਾਂ ਲਈ ਵਿੱਤੀ ਸਾਧਨ ਜੁਟਾਉਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ।
ਕੈਪਟਨ ਨੇ ਅੱਗੇ ਦੱਸਿਆ ਕਿ ਅਹਿਮ ਪ੍ਰਾਜੈਕਟਾਂ ਵਿੱਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਨਹਿਰੀ ਪਾਣੀ ਦੀ ਸਪਲਾਈ ਸ਼ਾਮਲ ਹੈ ਅਤੇ ਜਲੰਧਰ ਵਿੱਚ ਇਹ ਕੰਮ ਅੱਜ ਤੋਂ ਸ਼ੁਰੂ ਹੋ ਰਿਹਾ ਹੈ ਜਦਕਿ ਪਟਿਆਲਾ ਵਿੱਚ ਇਸ ਦਾ ਨੀਂਹ ਪੱਥਰ ਭਲਕੇ 25 ਅਕਤੂਬਰ ਨੂੰ ਰੱਖਿਆ ਜਾਵੇਗਾ। ਮੁੱਖ ਮੰਤਰੀ ਮੁਤਾਬਕ 4000 ਕਰੋੜ ਰੁਪਏ ਨਾਲ ਸੂਬੇ ਵਿੱਚ ਜਲ ਸਪਲਾਈ ਤੇ ਸੀਵਰੇਜ ਦੇ ਕੰਮ ਕਰਵਾਏ ਜਾ ਰਹੇ ਹਨ ਅਤੇ ਸੂਬਾ ਸਰਕਾਰ ਵੱਲੋਂ ਲੁਧਿਆਣਾ ਦੇ ਬੁੱਢੇ ਨਾਲੇ ਦੀ ਸਫ਼ਾਈ ਦਾ ਕੰਮ ਵੀ ਛੇਤੀ ਸ਼ੁਰੂ ਕੀਤਾ ਜਾਵੇਗਾ।
ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਸਵੱਛ ਸਰਵੇਖਣ-2020 ਵਿੱਚ ਪੰਜਾਬ ਨੂੰ ਉੱਤਰੀ ਜ਼ੋਨ ਪੱਖੋਂ ਪਹਿਲਾ ਸਥਾਨ ਮਿਲਿਆ ਹੈ। ਮੁੱਖ ਮੰਤਰੀ ਨੇ ਸਥਾਨਕ ਸਰਕਾਰ ਵਿਭਾਗ ਦੇ ਅਫ਼ਸਰਾਂ ਅਤੇ ਅਮਲੇ ਨੂੰ ਵਧਾਈ ਦਿੱਤੀ।