ਵਾਲਮੀਕਿ ਜੈਅੰਤੀ ਮੌਕੇ ਮੁੱਖ ਮੰਤਰੀ ਵੱਲੋਂ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਸ਼ੁਰੂ

ਅੰਮ੍ਰਿਤਸਰ (ਸਮਾਜ ਵੀਕਲੀ) : ਭਗਵਾਨ ਵਾਲਮੀਕਿ ਦੇ ਜਨਮ ਦਿਵਸ ਮੌਕੇ ਰਾਮਤੀਰਥ ’ਚ ਕਰਵਾਏ ਗਏ ਇਕ ਸਮਾਗਮ ਵਿਚ ਮੁੱਖ ਮੰਤਰੀ ਕੈਪਟਨ ਅਮਰਿਦਰ ਸਿੰਘ ਨੇ ਆਨਲਾਈਨ ਸ਼ਮੂਲੀਅਤ ਕਰਦਿਆਂ ਦਲਿਤ ਵਿਦਿਆਰਥੀਆਂ ਲਈ ਡਾ. ਬੀ.ਆਰ. ਅੰਬੇਡਕਰ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਰਾਮ ਤੀਰਥ ’ਚ 50  ਕਰੋੜ ਰੁਪਏ ਦੀ ਇਕ ਯੋਜਨਾ ਦੀ ਆਨਲਾਈਨ ਸ਼ੁਰੂਆਤ ਕੀਤੀ ਤੇ ਇੱਥੇ ਨਵੀਂ ਆਈਟੀਆਈ ਅਤੇ ਹੁਨਰ ਵਿਕਾਸ ਕੇਂਦਰ ਦੀ ਸਥਾਪਨਾ ਨੂੰ ਹਰੀ ਝੰਡੀ ਦਿੱਤੀ। ਉਨ੍ਹਾਂ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੇ ਤਹਿਤ ਭਗਵਾਨ ਵਾਲਮੀਕਿ ਦੀ ਯਾਦ ਵਿਚ ਸਾਲਾਨਾ ਛੁੱਟੀ ਦਾ ਐਲਾਨ ਕਰਦੇ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਹਰ ਵਰ੍ਹੇ ਵਾਲਮੀਕਿ ਜੈਅੰਤੀ ਮੌਕੇ ਸੈਮੀਨਾਰ ਕਰਾਇਆ ਜਾਵੇਗਾ।

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬਾਈ ਸਕਾਲਰਸ਼ਿਪ ਸਕੀਮ ਤਹਿਤ ਯਕੀਨੀ ਬਣਾਇਆ ਜਾਵੇਗਾ ਕਿ ਗਰੀਬ ਵਰਗ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀ ਮੁਫ਼ਤ ਸਿੱਖਿਆ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਕੇਂਦਰ ਸਰਕਾਰ ਵੱਲੋਂ ਬਿਨਾਂ ਕਿਸੇ ਵਿੱਤੀ ਮਦਦ ਦੇ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਤਹਿਤ ਐੱਸਸੀ ਵਿਦਿਆਰਥੀਆਂ ਨੂੰ ਫੀਸ ਵਿਚ 100 ਫੀਸਦੀ ਛੋਟ ਮਿਲੇਗੀ।

ਇਸ ਨਾਲ ਤਿੰਨ ਲੱਖ ਤੋਂ ਵੱਧ ਐੱਸਸੀ ਵਿਦਿਆਰਥੀਆਂ ਨੂੰ ਹਰ ਵਰ੍ਹੇ ਲਾਭ ਮਿਲੇਗਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੰਸਥਾਵਾਂ ਵੱਲੋਂ ਇਸ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਸਿੱਧੀ ਸਬਸਿਡੀ ਕਾਰਨ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ ਅਤੇ ਵਿਦਿਆਰਥੀਆਂ ਨੂੰ ਕਿਤਾਬਾਂ ਤੇ ਵਰਦੀਆਂ ਖਰੀਦਣ ਲਈ ਮਹੀਨਾਵਾਰ ਭੱਤਾ ਵੀ ਮਿਲੇਗਾ। ਉਨ੍ਹਾਂ ਕਿਹਾ ਕਿ ਮਹਾਂਰਿਸ਼ੀ ਵਾਲਮੀਕਿ ਸਬੰਧੀ ਇਕ ਪੈਨੋਰਮਾ ਬਣਾਇਆ ਜਾਵੇਗਾ, ਜਿਸ ’ਤੇ 25-30 ਕਰੋੜ ਰੁਪਏ ਦੇ ਖਰਚ ਹੋਣਗੇ।

ਇਸ ਤੋਂ ਇਲਾਵਾ ਬਾਹਰੀ ਕੰਧ ਉੱਤੇ ਲਾਈਟਾਂ ਲਾਈਆਂ ਜਾਣਗੀਆਂ, ਸਰੋਵਰ ਲਈ ਫਿਲਟਰੇਸ਼ਨ ਪਲਾਂਟ ਲਗੇਗਾ, ਸਰਾਵਾਂ ਲਈ ਫਰਨੀਚਰ ਅਤੇ ਪਰਿਕਰਮਾ ਦੀ ਉਸਾਰੀ ਕੀਤੀ ਜਾਵੇਗੀ। ਉਨ੍ਹਾਂ ਰਾਮ ਤੀਰਥ ਵਿਖੇ ਆਈਟੀਆਈ ਦੇ ਆਰਜ਼ੀ ਕੈਂਪਸ ਦਾ ਵੀ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸੰਸਥਾ ਵਿੱਚ ਹੁਣ ਤਕ 90 ਸਿੱਖਿਆਰਥੀ ਦਾਖਲਾ ਲੈ ਚੁੱਕੇ ਹਨ। ਇਸ ਦੀ ਇਮਾਰਤ ਦਾ 1.82 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਹੋਵੇਗਾ ਅਤੇ 3.5 ਕਰੋੜ ਰੁਪਏ ਦੀ ਲਾਗਤ ਨਾਲ ਮਸ਼ੀਨਰੀ ਖਰੀਦੀ ਜਾਵੇਗੀ।  ਕੋਰਸਾਂ ਦੀ ਗਿਣਤੀ ਵੀ ਵਧ ਕੇ 4 ਤੋਂ 9 ਹੋ ਜਾਵੇਗੀ।

ਇਸ ਮੌਕੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਸੰਬੋਧਨ ਕੀਤਾ। ਇਸ ਤੋਂ ਪਹਿਲਾਂ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਪੋਸਟ ਮੈਟਰਿਕ ਐੱਸਸੀ ਸਕਾਲਰਸ਼ਿਪ ਬੰਦ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਇਸ ਮੌਕੇ ਵਾਲਮੀਕਿ ਸਮਾਜ ਉੱਤੇ ਅਧਾਰਤ ਇੱਕ ਲਘੂ ਫ਼ਿਲਮ ਵੀ ਦਿਖਾਈ ਗਈ ਤੇ ਸੰਤ ਸਮਾਜ ਦੇ ਮੁਖੀਆਂ ਦਾ ਸਨਮਾਨ ਕੀਤਾ ਗਿਆ।

ਸਮਾਗਮ ਵਿਚ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ, ਗੁਰਜੀਤ ਸਿੰਘ ਔਜਲਾ ਤੋਂ ਇਲਾਵਾ  ਵਿਧਾਇਕ ਸਫਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ, ਓਮ ਪ੍ਰਕਾਸ਼ ਗੱਬਰ ਤੇ ਹੋਰ ਹਾਜ਼ਰ ਸਨ।

Previous articleNYS to adopt new quarantine policy featuring more tests: Cuomo
Next articleਪੁਲਵਾਮਾ ਹਮਲੇ ਦੀ ਸਚਾਈ ਪਾਕਿ ਸੰਸਦ ਨੇ ਸਵੀਕਾਰੀ: ਮੋਦੀ