ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ

ਫ਼ਤਹਿਗੜ੍ਹ ਸਾਹਿਬ : ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਰੋਨਾ ਵਾਇਰਸ ਦੀ ਸਥਿਤੀ ਦੇ ਮੱਦੇਨਜ਼ਰ ਮੁੱਖ ਮੰਤਰੀ ਰਾਹਤ ਫੰਡ ਵਿੱਚ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ  ਕੀਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋ ਚੁੱਕੇ ਜਾ ਰਹੇ  ਕਦਮਾਂ ਸਬੰਧੀ ਲੋਕ ਪੂਰਨ ਸਹਿਯੋਗ ਦੇਣ ਕਿਉਂਕਿ ਇਹ ਕਦਮ ਲੋਕਾਂ ਦੀ ਭਲਾਈ ਲਈ ਹੀ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾਂ ਹੀ ਸਾਰੀਆਂ ਮੁਸ਼ਕਲਾਂ ਦਾ ਟਾਕਰਾ ਡਟ ਕੇ ਕੀਤਾ ਹੈ। ਇਸ ਔਖੀ ਘੜੀ ਦੇ ਵਿੱਚ ਘਬਰਾਉਣ ਦੀ ਥਾਂ, ਇਸ ਬਿਮਾਰੀ ਤੋਂ ਬਚਾਅ ਸਬੰਧੀ ਸਾਵਧਾਨੀਆਂ ਵਰਤਦੇ ਹੋਏ। ਇਸ ਮੁਸ਼ਕਲ ਤੋਂ ਵੀ ਨਿਜਾਤ ਪਾਈ ਜਾ ਸਕਦੀ ਹੈ।

ਸ. ਨਾਗਰਾ ਨੇ ਕਿਹਾ ਕਿ  ਪੰਜਾਬ ਸਰਕਾਰ ਵੱਲੋਂ ਕਰਫਿਊ ਲਾਉਣ ਦਾ ਫੈਸਲਾ ਵੀ ਲੋਕਾਂ ਦੀ ਭਲਾਈ ਲਈ ਹੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੀਨ ਨੇ ਵੀ ਸਖਤ ਕਦਮ ਚੁੱਕ ਕੇ ਹੀ ਇਸ ਬਿਮਾਰੀ ਨੂੰ ਠੱਲ੍ਹਿਆ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਇਸ ਔਖੀ ਘੜੀ ਦੇ ਵਿੱਚ ਲੋੜਵੰਦਾਂ ਦੀ ਮੱਦਦ ਜ਼ਰੂਰ ਕੀਤੀ ਜਾਵੇ ਅਤੇ ਸਰਕਾਰ ਵੱਲੋਂ ਲਏ ਜਾ ਰਹੇ ਫੈਸਲਿਆਂ ਨੂੰ ਮੰਨਦੇ ਹੋਏ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ।
ਸ. ਨਾਗਰਾ ਨੇ ਕਿਹਾ ਕਿ ਛੋਟੇ ਬੱਚਿਆਂ ਅਤੇ ਬਜ਼ੁਰਗਾਂ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਧੋਇਆ ਜਾਵੇ। ਖੰਘ ਜਾਂ ਛਿੱਕਣ ਸਮੇਂ ਆਪਣਾ ਮੂੰਹ ਅਤੇ ਨੱਕ ਰੁਮਾਲ ਨਾਲ ਢੱਕਿਆ ਜਾਵੇ ਕਿਉਂਕਿ ਇਹ ਬਿਮਾਰੀ ਇੱਕ ਪੀੜਤ ਵਿਅਕਤੀ ਤੋਂ ਤੰਦਰੁਸਤ ਵਿਅਕਤੀ ਨੂੰ ਥੁੱਕ ਕਣਾਂ ਰਾਹੀਂ ਫੈਲਦੀ ਹੈ।ਇਸ ਲਈ ਫਲੂ ਵਰਗੇ ਲੱਛਣਾਂ ਵਾਲੇ ਵਿਅਕਤੀ ਤੋਂ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖੀ ਜਾਵੇ। ਕਿਸੇ ਵੀ ਵਿਅਕਤੀ ਨਾਲ ਹੱਥ ਨਾ ਮਿਲਾਇਆ ਜਾਵੇ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿਸ ਦਾ ਫੋਨ ਨੰਬਰ 01763-232217 ਹੈ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਵਿਦੇਸ਼ ਤੋਂ ਆਇਆ ਹੈ ਤੇ ਉਸ ਨੇ ਖ਼ੁਦ ਇਸ ਬਾਰੇ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਹੀਂ ਦਿੱਤੀ ਤਾਂ ਉਸ ਵਿਅਕਤੀ ਸਬੰਧੀ ਸੂਚਨਾ, ਕੁਆਰੰਟੀਨ ਦੀ ਉਲੰਘਣਾ ਅਤੇ ਕੋਰੋਨਾ ਦੇ ਲੱਛਣਾਂ ਬਾਰੇ ਵਿਅਕਤੀਆਂ ਬਾਰੇ ਸੂਚਨਾ ਕੰਟਰੋਲ ਰੂਮ ਦੇ ਨੰਬਰ ਉਤੇ ਦਿੱਤੀ ਜਾ ਸਕਦੀ ਹੈ।

Previous articleਕੇਂਦਰ ਨੇ ਸ਼ੋਸਲ ਮੀਡੀਆ ਪਲੇਟਫਾਰਮਾਂ ਨੂੰ ਕੋਰੋਨਾ ਵਾਇਰਸ ਸਬੰਧੀ ਝੂਠੀਆਂ ਖਬਰਾਂ/ਗਲਤ ਸੂਚਨਾਵਾਂ ‘ਤੇ ਰੋਕ ਲਗਾਉਣ ਲਈ ਕਿਹਾ
Next articleਵਿਧਾਿੲਕ ਮਾਨਸ਼ਾਹੀਆ ਵੱਲੋਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਇੱਕ ਮਹੀਨੇ ਦੀ ਤਨਖਾਹ ਦਿੱਤੀ ਦਾਨ