ਵਿਧਾਇਕ ਨਵਤੇਜ ਸਿੰਘ ਚੀਮਾ ਵੱਲੋਂ 6 ਵੱਖ-ਵੱਖ ਮੰਡੀਆਂ ਦਾ ਦੌਰਾ-ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਕੈਪਸ਼ਨ-ਸੁਲਤਾਨਪੁਰ ਲੋਧੀ ਦੇ ਵਿਧਾਇਕ ਸ. ਨਵਤੇਜ ਸਿੰਘ ਚੀਮਾ ਖਾਲੂ ਮੰਡੀ ਵਿਖੇ ਝੋਨੇ ਦੀ ਖ੍ਰੀਦ ਦਾ ਜਾਇਜ਼ਾ ਲੈਂਦੇ ਹੋਏ।

ਪੰਜਾਬ ਸਰਕਾਰ ਝੋਨੇ ਦਾ ਇਕਇਕ ਦਾਣਾ ਚੁੱਕੇਗੀਵਿਧਾਇਕ ਚੀਮਾ

ਹੁਸੈਨਪੁਰ (ਸਮਾਜ ਵੀਕਲੀ) (ਕੌੜਾ)- ਸੁਲਤਾਨਪੁਰ ਦੇ ਵਿਧਾਇਕ ਸ. ਨਵਤੇਜ ਸਿੰਘ ਚੀਮਾ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਝੋਨੇ ਦਾ ਇਕ-ਇਕ ਦਾਣਾ ਚੁੱਕੇਗੀ ਅਤੇ ਕਿਸਾਨਾਂ ਨੂੰ ਅਦਾਇਗੀ ਵੀ 24 ਘੰਟੇ ਦੇ ਅੰਦਰ-ਅੰਦਰ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ।

ਅੱਜ ਸੁਲਤਾਨਪੁਰ ਲੋਧੀ ਹਲਕੇ ਵਿਚ ਵੱਖ-ਵੱਖ 6 ਅਨਾਜ ਮੰਡੀਆਂ ਖਾਲੂ, ਉੱਚਾ, ਸੁਰਖਪੁਰ, ਫੱਤੂਢੀਂਗਾ, ਟਿੱਬਾ ਤੇ ਤਲਵੰਡੀ ਚੌਧਰੀਆਂ ਦਾ ਦੌਰਾ ਕਰਨ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਦਬਾਅ ਬਣਾਉਣ ਨਾਲ ਭਾਰਤੀ ਰਿਜ਼ਰਵ ਬੈਂਕ ਵਲੋਂ ਝੋਨੇ ਦੀ ਨਿਰਵਿਘਨ ਖਰੀਦ ਲਈ 30 ਹਜ਼ਾਰ ਕਰੋੜ ਰੁਪੈ ਦੀ ਕਰੈਡਿਟ ਲਿਮਟ ਜਾਰੀ ਕਰ ਦਿੱਤੀ ਹੈ, ਜਿਸ ਨਾਲ ਕਿਸਾਨਾਂ ਨੂੰ ਤੁਰੰਤ ਅਦਾਇਗੀ ਹੋ ਸਕੇਗੀ।

ਉਨ੍ਹਾਂ ਵੱਖ- ਮੰਡੀਆਂ ਵਿਚ ਕਿਸਾਨਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੂੰ ਇਹ ਵਿਸ਼ਵਾਸ਼ ਦਿਵਾਇਆ ਕਿ ਪੰਜਾਬ ਸਰਕਾਰ ਜਲਦ ਹੀ ਵਿਧਾਨ ਸਭਾ ਦਾ ਸ਼ੈਸ਼ਨ ਬੁਲਾਕੇ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਨੂੰ ਅਸਰਹੀਣ ਕਰਨ ਲਈ ਕਾਨੂੰਨ ਪਾਸ ਕਰੇਗੀ। ਉਨ੍ਹਾਂ ਕਿਹਾ ਕਿ ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਕਿ ਹਮੇਸ਼ਾ ਕਿਸਾਨੀ ਦੇ ਹੱਕਾਂ ਲਈ ਦਲੇਰ ਫੈਸਲੇ ਲੈਣ ਲਈ ਜਾਂਦੇ ਹਨ, ਵਲੋਂ ਇਸ ਲਈ ਕਾਨੂੰਨੀ ਤੇ ਪ੍ਰਸ਼ਾਸ਼ਕੀ ਪੱਧਰ ’ਤੇ ਚਾਰੋਜਾਈ ਜਾਰੀ ਹੈ।

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਅਨਾਜ ਮੰਡੀਆਂ ਵਿਚੋਂ ਕਿਸਾਨਾਂ ਦੀ ਫ਼ਸਲ ਦੀ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਚੁਕਾਈ ਨੂੰ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਇਸ ਮੌਕੇ ਸਾਰੀਆਂ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਖਰੀਦ ਦੇ ਅਲਾਟ ਕੀਤੇ ਹਿੱਸੇ ਅਨੁਸਾਰ ਝੋਨੇ ਦੀ ਤੁਰੰਤ ਅਤੇ ਨਿਰਵਿਘਨ ਲਿਫਟਿੰਗ ਨੂੰ ਯਕੀਨੀ ਬਣਾਉਣ ਅਤੇ ਖਰੀਦ ਕਾਰਜਾਂ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ।

ਜ਼ਿਕਰਯੋਗ ਹੈ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਲਈ ਲਗਭਗ 106  ਮੰਡੀਆਂ/ਖਰੀਦ ਕੇਂਦਰਾਂ ਬਣਾਏ ਗਏ ਹਨ। ਉਨਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਫ਼ਸਲ ਸੁਕਾ ਕੇ ਲੈ ਕੇ ਆਉਣ ਦੀ ਅਪੀਲ  ਕੀਤੀ।

ਇਸ ਮੌਕੇ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦੇ ਚੇਅਰਮੈਨ ਪਰਮਿੰਦਰ ਸਿੰਘ ਪੱਪਾ, ਖ੍ਰੀਦ ਏਜੰਸੀਆਂ ਦੇ ਅਧਿਕਾਰੀ ਤੇ ਵੱਡੀ  ਗਿਣਤੀ ਵਿਚ ਕਿਸਾਨ ਹਾਜ਼ਰ ਸਨ।

Previous articleभवानीपुर स्कूल में विद्यार्थियों को फोन वितरित
Next articleਐਕਸਪ੍ਰੈਸ ਵੇਅ ਨਾਲ ਸੰਬੰਧਿਤ ਕਮੇਟੀ ਨੂੰ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਪੂਰੀ ਹਮਾਇਤ।