ਜਲੰਧਰ (ਸਮਾਜ ਵੀਕਲੀ):- ਆਲ ਇੰਡੀਆ ਸਮਤਾ ਸੈਨਿਕ ਦਲ (ਰਜਿ.), ਪੰਜਾਬ ਯੂਨਿਟ ਦੇ ਸੂਬਾ ਪ੍ਰਧਾਨ ਜਸਵਿੰਦਰ ਵਰਿਆਣਾ ਅਤੇ ਜਨਰਲ ਸੱਕਤਰ ਬਲਦੇਵ ਰਾਜ ਭਾਰਦਵਾਜ ਨੇ ਪ੍ਰੈਸ ਨੂੰ ਜਾਰੀ ਇਕ ਸਾਂਝੇ ਬਿਆਨ ਵਿਚ ਕਿਹਾ ਕਿ ਸਰਕਾਰੀ ਸਕੂਲ ਵਿਚ ਆਪਣੇ ਬੇਟੇ ਨੂੰ ਦਾਖਲ ਕਰਵਾ ਕੇ ਫਿਰੋਜ਼ਪੁਰ ਦੀ ਵਿਧਾਇਕ ਸ੍ਰੀਮਤੀ ਸਤਕਾਰ ਕੌਰ ਨੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਵਿਚ ਸੁਧਾਰ ਦੀ ਅਗਵਾਈ ਕੀਤੀ ਹੈ। ਉਸਨੇ ਸਾਰੇ ਐਮ.ਐਲ.ਏਸ. ਅਤੇ ਮੰਤਰੀਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਨ ਲਈ ਅਪੀਲ ਵੀ ਕੀਤੀ ਹੈ। ਸਰਕਾਰੀ ਖਜਾਨੇ ‘ਚੋਂ ਤਨਖਾਹ ਲੈਣ ਵਾਲੇ ਸਾਰੇ ਆਈ ਏ ਐੱਸ, ਆਈ ਪੀ ਐੱਸ, ਪੀ ਸੀ ਐੱਸ ਅਤੇ ਬਾਕੀ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਆਪਣੇ ਬੱਚੇ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਾਉਣੇ ਚਾਹੀਦੇ ਹਨ।
ਸਰਕਾਰੀ ਅਧਿਆਪਕਾਂ ਨੂੰ ਵੀ ਆਪਣੇ ਬੱਚੇ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਾਉਣ ਲਈ ਸਰਕਾਰ ਵੱਲੋਂ ਹਦਾਇਤਾਂ ਜਾਰੀ ਕਰਨੀਆਂ ਚਾਹੀਦੀਆਂ ਹਨ। ਜਦੋਂ ਮੰਤਰੀਆਂ ਅਤੇ ਉੱਚ ਅਧਿਕਾਰੀਆਂ ਦੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਨਗੇ, ਤਾਂ ਉਹ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਦੇ ਪ੍ਰਬੰਧਾਂ ਦੀ ਸੰਭਾਲ ਲਈ ਲੋੜੀਂਦੇ ਫੰਡਾਂ ਦੀ ਨਿਸ਼ਾਨਦੇਹੀ ਕਰਨਗੇ। ਸਰਕਾਰੀ ਸਕੂਲਾਂ ਵਿੱਚ ਹੁਣ ਤਕ ਗਰੀਬ ਲੋਕਾਂ ਦੇ ਬੱਚੇ ਹੀ ਪੜ੍ਹਦੇ ਹਨ, ਸਿੱਖਿਆ ਦਾ ਮਿਆਰ ਉੱਚਾ ਹੋਣ ਨਾਲ ਉਨ੍ਹਾਂ ਦੀ ਗਿਣਤੀ ਵੀ ਵਧੇਗੀ ਅਤੇ ਨੂੰ ਅੱਛੀ ਸਿੱਖਿਆ ਵੀ ਮਿਲੇਗੀ, ਜਿਸ ਨਾਲ ਦੇਸ਼ ਹੋਰ ਤਰੱਕੀ ਕਰੇਗਾ।
ਬਲਦੇਵ ਰਾਜ ਭਾਰਦਵਾਜ
ਜਨਰਲ ਸੱਕਤਰ
ਆਲ ਇੰਡੀਆ ਸਮਤਾ ਸੈਨਿਕ ਦਲ (ਰਜਿ.), ਪੰਜਾਬ ਯੂਨਿਟ