ਸੰਗਰੂਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਸਿਆਸੀ ਲਕੀਰ ਖਿੱਚ ਦਿੱਤੀ ਹੈ। ਸੰਗਰੂਰ ਤੇ ਬਰਨਾਲਾ ਜ਼ਿਲ੍ਹਿਆਂ ਨਾਲ ਸਬੰਧਤ ਆਪਣੇ ਸਮਰਥਕਾਂ ਦੀ ਪਲੇਠੀ ਮੀਟਿੰਗ ਦੌਰਾਨ ਸ੍ਰੀ ਢੀਂਡਸਾ ਨੇ ਜਿੱਥੇ ਪਾਰਟੀ ਪ੍ਰਧਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਉੱਥੇ ਦੋ ਟੁੱਕ ਸ਼ਬਦਾਂ ਵਿਚ ਕਿਹਾ ਕਿ ਉਹ ਖ਼ੁਦ ਅਕਾਲੀ ਦਲ ਤੋਂ ਅਸਤੀਫ਼ਾ ਨਹੀਂ ਦੇਣਗੇ। ਮੀਟਿੰਗ ਵਿਚ ਢੀਂਡਸਾ ਦੇ ਸਮਰਥਕ ਪਾਰਟੀ ਵਰਕਰ ਤੇ ਦੂਜੀ ਕਤਾਰ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ ਪਰ ਦੋਵਾਂ ਜ਼ਿਲ੍ਹਿਆਂ ਨਾਲ ਸਬੰਧਤ ਪਾਰਟੀ ਦੇ ਹਲਕਾ ਇੰਚਾਰਜ ਮੀਟਿੰਗ ਤੋਂ ਲਾਂਭੇ ਰਹੇ। ਢੀਂਡਸਾ ਦੇ ਪੁੱਤਰ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਵੀ ਮੀਟਿੰਗ ’ਚ ਸ਼ਾਮਲ ਨਹੀਂ ਹੋਏ। ਮੀਟਿੰਗ ’ਚ ਬੁਲਾਰਿਆਂ ਦੇ ਨਿਸ਼ਾਨੇ ’ਤੇ ਬਾਦਲ ਪਰਿਵਾਰ ਹੀ ਰਿਹਾ। ਭਾਜਪਾ ਦੇ ਕਈ ਆਗੂ ਵੀ ਇਸ ਮੌਕੇ ਹਾਜ਼ਰ ਸਨ। ਸ੍ਰੀ ਢੀਂਡਸਾ ਨੇ ਪਾਰਟੀ ਪ੍ਰਧਾਨ ਦੀ ਕਾਰਜਸ਼ੈਲੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਕੁਰਬਾਨੀਆਂ ਸਦਕਾ ਹੋਂਦ ’ਚ ਆਇਆ ਅਕਾਲੀ ਦਲ ਅੱਜ ਇੱਕ ਵਿਅਕਤੀ ਦੇ ਹੱਥਾਂ ’ਚ ਸੁੰਗੜ ਗਿਆ ਹੈ। ਸੁਖਦੇਵ ਢੀਂਡਸਾ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਵਲੋਂ ਉਨ੍ਹਾਂ ਨੂੰ ਕਿਹਾ ਗਿਆ ਸੀ ਕਿ ਉਨ੍ਹਾਂ ਦੀ ਸਿਹਤ ਠੀਕ ਨਹੀਂ ਰਹਿੰਦੀ ਜਿਸ ਕਾਰਨ ਸੁਖਬੀਰ ਨੂੰ ਪਾਰਟੀ ਪ੍ਰਧਾਨ ਵਜੋਂ ਮੌਕਾ ਦਿਓ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸੱਤਾ ’ਚ ਹੁੰਦਿਆਂ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਤੇ ਪ੍ਰਧਾਨ ’ਤੇ ਸਵਾਲ ਖੜ੍ਹੇ ਹੋਏ ਪਰ ਇਸ ਦੇ ਬਾਵਜੂਦ ਅਸਤੀਫ਼ਾ ਨਹੀਂ ਦਿੱਤਾ ਗਿਆ। ਫਿਰ ਵਿਧਾਨ ਸਭਾ ਚੋਣਾਂ ’ਚ ਪਾਰਟੀ ਨੂੰ ਨਮੋਸ਼ੀ ਭਰੀ ਹਾਰ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਦੋਸ਼ ਲਾਇਆ ਕਿ ਪਾਰਟੀ ਪ੍ਰਧਾਨ ਵਲੋਂ ਸਿਧਾਂਤਾਂ ਨੂੰ ਛਿੱਕੇ ਟੰਗ ਕੇ ਵੱਡੀ ਤਾਦਾਦ ’ਚ ਅਹੁਦੇਦਾਰ ਬਣਾ ਦਿੱਤੇ ਗਏ ਪਰ ਕਿਸੇ ਵੀ ਅਹੁਦੇਦਾਰ ਨੂੰ ਕੋਈ ਅਧਿਕਾਰ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਦਾ ਕਿਸੇ ਸੀਨੀਅਰ ਆਗੂ ਨਾਲ ਕੋਈ ਰਾਬਤਾ ਨਹੀਂ ਹੈ। ਲੋਕਾਂ ਦਾ ਅਕਾਲੀ ਦਲ ਤੋਂ ਭਰੋਸਾ ਉੱਠ ਗਿਆ ਹੈ ਜਿਸ ਨੂੰ ਬਹਾਲ ਕੀਤਾ ਜਾਣਾ ਹੈ, ਇਹੀ ਉਨ੍ਹਾਂ ਦਾ ਸੰਘਰਸ਼ ਹੈ। ਢੀਂਡਸਾ ਨੇ ਸਮਾਜ ਦੇ ਹਰ ਵਰਗ ਨੂੰ ਅਪੀਲ ਕੀਤੀ ਕਿ ਉਹ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਬਹਾਲ ਕਰਵਾਉਣ ਅਤੇ ਸ਼੍ਰੋਮਣੀ ਕਮੇਟੀ ’ਚ ਸੁਧਾਰ ਲਈ ਸੁਝਾਅ ਦੇਣ। ਸੁਖਦੇਵ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਪਰਮਿੰਦਰ ਖ਼ੁਦ ਫ਼ੈਸਲੇ ਲਏਗਾ ਪਰ ਪਿਤਾ ਤੋਂ ਵੱਖ ਨਹੀਂ ਹੋਵੇਗਾ। ਢੀਂਡਸਾ ਨੇ ਕਿਹਾ ਕਿ ਭਲਕੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਰਵੀਇੰਦਰ ਸਿੰਘ ਅਤੇ ਉਨ੍ਹਾਂ ਦੀ ਮੀਟਿੰਗ ਹੋਵੇਗੀ।
HOME ਵੱਡੇ ਢੀਂਡਸਾ ਨੇ ਛੋਟੇ ਬਾਦਲ ਦਾ ਅਸਤੀਫ਼ਾ ਮੰਗਿਆ