ਸੰਗਤ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਪੁਖ਼ਤਾ ਇੰਤਜ਼ਾਮ ਕੀਤੇ
ਫਤਹਿਗੜ੍ਹ ਸਾਹਿਬ– ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਭਲਕੇ ਬੁੱਧਵਾਰ 26 ਦਸੰਬਰ ਤੋਂ ਸ਼ੁਰੂ ਹੋ ਰਹੀ ਸ਼ਹੀਦੀ ਸਭਾ ਲਈ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਸੰਗਤ ਦੀ ਆਮਦ ਸ਼ੁਰੂ ਹੋ ਗਈ ਹੈ। ਅੱਜ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਸ੍ਰੀ ਜੋਤੀ ਸਰੂਪ ਸਾਹਿਬ ਅਤੇ ਹੋਰ ਗੁਰਦੁਆਰਿਆਂ ਵਿਖੇ ਨਤਮਸਤਕ ਹੋਏ। ਦੁਪਹਿਰ ਸਮੇਂ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ, ਸਕੱਤਰ ਜਨਰਲ ਸੇਵਾ ਸਿੰਘ ਸੇਖਵਾਂ, ਸੀਨੀਅਰ ਮੀਤ ਪ੍ਰਧਾਨ ਰਤਨ ਸਿੰਘ ਅਜਨਾਲਾ, ਮੀਤ ਪ੍ਰਧਾਨ ਉਜਾਗਰ ਸਿੰਘ ਬਡਾਲੀ, ਮੀਤ ਪ੍ਰਧਾਨ ਮਹਿੰਦਰ ਸਿੰਘ ਹੁਸੈਨਪੁਰਾ, ਸਾਬਕਾ ਵਿਧਾਇਕ ਮਨਮੋਹਨ ਸਿੰਘ ਸਖਿਆਲਾ, ਜਥੇ. ਮੱਖਣ ਸਿੰਘ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਆਦਿ ਨੇ ਗੁਰਦੁਆਰਾ ਸਾਹਿਬ ਮੱਥਾ ਟੇਕਿਆ। ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਆਗੂਆਂ ਨੇ ਇਸ ਮੌਕੇ ਸਿਆਸੀ ਗੱਲਬਾਤ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਇਥੇ ਸ਼ਹੀਦੀ ਸਭਾ ਵਿੱਚ ਨਤਮਸਤਕ ਹੋਣ ਲਈ ਆਏ ਹਨ। ਆਗੂਆਂ ਨੇ ਸ਼ਹੀਦੀ ਸਭਾ ਮੌਕੇ ਸਿਆਸੀ ਕਾਨਫੰਰਸਾਂ ਨਾ ਕਰਨ ਦੇ ਫੈਸਲੇ ਨੂੰ ਸਹੀ ਦੱਸਿਆ। ਜਦੋਂ ਉਨ੍ਹਾਂ ਨੂੰ ਪੁੱਛਿਆ ਕਿ ਅਕਾਲੀ ਦਲ ਅੰਮ੍ਰਿਤਸਰ ਵਲੋਂ ਕਾਨਫੰਰਸ ਕੀਤੀ ਜਾ ਰਹੀ ਹੈ ਤਾਂ ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਅਕਾਲੀ ਦਲ ਟਕਸਾਲੀ ਨੂੰ ਹੀ ਅਸਲ ਅਕਾਲੀ ਦਲ ਦੱਸਿਆ। ਉਧਰ ਵੱਡੀ ਗਿਣਤੀ ਸੰਗਤਾਂ ਦੀ ਆਮਦ ਨੂੰ ਮੁੱਖ ਰਖ ਕੇ ਸ਼ਰਧਾਲੂਆਂ ਵਲੋਂ ਲੰਗਰ ਚਾਲੂ ਕਰ ਦਿੱਤੇ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਮੈਨੇਜਰ ਅਮਰਜੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸੰਗਤਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਸ਼ਹੀਦੀ ਸਭਾ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ। 26 ਅਤੇ 27 ਦਸੰਬਰ ਨੂੰ ਆਮ ਖ਼ਾਸ ਬਾਗ਼ ਵਿਖੇ ਇਤਿਹਾਸਕ ਨਾਟਕ ਦਿਖਾਏ ਜਾਣਗੇ।