ਅੰਮ੍ਰਿਤਸਰ (ਸਮਾਜਵੀਕਲੀ) : ਕਰੋਨਾ ਮਹਾਮਾਰੀ ਕਾਰਨ ਪਹਿਲਾਂ ਵਿਸਾਖੀ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਨਹੀਂ ਜਾ ਸਕਿਆ ਅਤੇ ਹੁਣ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਵੀ ਸਿੱਖ ਸ਼ਰਧਾਲੂਆਂ ਦੇ ਦੋ ਜਥੇ ਪਾਕਿਸਤਾਨ ਨਹੀਂ ਜਾ ਸਕਣਗੇ।
ਕਰੋਨਾ ਮਹਾਮਾਰੀ ਕਾਰਨ ਦੇਸ਼ ਵਿੱਚ ਤਾਲਾਬੰਦੀ ਚਲ ਰਹੀ ਹੈ ਅਤੇ ਪੰਜਾਬ ’ਚ ਕਰਫਿਊ ਚੱਲ ਰਿਹਾ ਸੀ, ਜਿਸ ਕਾਰਨ ਸਰਹੱਦਾਂ ਵੀ ਸੀਲ ਕਰ ਦਿੱਤੀਆਂ ਗਈਆਂ ਸਨ। ਇਸੇ ਤਹਿਤ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਨਹੀਂ ਜਾ ਸਕਿਆ ਸੀ। ਹੁਣ ਵੀ ਅਜਿਹੇ ਹੀ ਹਾਲਾਤ ਬਰਕਰਾਰ ਹਨ। ਇਸੇ ਕਾਰਨ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 27 ਮਈ ਨੂੰ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 28 ਜੂਨ ਨੂੰ ਵੀ ਸਿੱਖ ਸ਼ਰਧਾਲੂਆਂ ਦੇ ਜਥੇ ਪਾਕਿਸਤਾਨ ਨਹੀਂ ਜਾ ਸਕਣਗੇ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਕਰੋਨਾ ਮਹਾਮਾਰੀ ਕਾਰਨ ਦੇਸ਼ ਹੀ ਨਹੀਂ ਸਗੋਂ ਵਿਸ਼ਵ ਵਿਚ ਹਾਲਾਤ ਨਾਜ਼ੁਕ ਬਣੇ ਹੋਏ ਹਨ। ਇਸੇ ਕਾਰਨ ਸਿੱਖ ਸ਼ਰਧਾਲੂਆਂ ਦੇ ਤਿੰਨ ਜਥੇ ਇਸ ਵਾਰ ਪਾਕਿਸਤਾਨ ਨਹੀਂ ਜਾ ਸਕਣਗੇ। ਉਨ੍ਹਾਂ ਆਖਿਆ ਕਿ ਮੌਜੂਦਾ ਸਥਿਤੀ ਵਿੱਚ ਇਹ ਪ੍ਰਤੀਤ ਹੋ ਰਿਹਾ ਹੈ ਕਿ ਹਾਲਾਤ ਠੀਕ ਹੋਣ ਮਗਰੋਂ ਨਵੰਬਰ ਮਹੀਨੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੀ ਸਿੱਖ ਸ਼ਰਧਾਲੂਆਂ ਦੇ ਜਥੇ ਪਾਕਿਸਤਾਨ ਜਾ ਸਕਦੇ ਹਨ।