ਚੰਡੀਗੜ੍ਹ– ਵਿਸ਼ਵ ਭਰ ’ਚ ਮਹਾਮਾਰੀ ਦਾ ਰੂਪ ਧਾਰ ਚੁੱਕੇ ਕਰੋਨਾਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਇਹਤਿਆਤ ਵਜੋਂ ਯੂਟੀ ਵਿੱਚ ਸ਼ਾਪਿੰਗ ਮਾਲ, ਸਿਨੇਮਾਘਰ, ਜਿਮ, ਸਵਿਮਿੰਗ ਪੂਲ, ਕੋਚਿੰਗ ਸੈਂਟਰਾਂ ਨੂੰ 31 ਮਾਰਚ ਤੱਕ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ 100 ਤੋਂ ਵੱਧ ਵਿਅਕਤੀਆਂ ਦਾ ਇਕੱਠ, ਖੇਡ ਮੇਲੇ ਅਤੇ ਸੱਭਿਆਚਾਰਕ ਸਮਾਗਮ ਕਰਵਾਉਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਆਦੇਸ਼ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦਿੱਤੇ।
ਸ੍ਰੀ ਬਦਨੌਰ ਨੇ ਦੱਸਿਆ ਕਿ ਸ਼ਾਪਿੰਗ ਮਾਲਜ਼ ਵਿੱਚ ਗਰੌਸਰੀ ਤੇ ਦਵਾਈ ਦੀਆਂ ਦੁਕਾਨਾਂ ਬੰਦ ਨਹੀਂ ਕੀਤੀਆਂ ਜਾਣਗੀਆਂ ਪਰ ਜਿੱਥੇ 100 ਤੋਂ ਵੱਧ ਵਿਅਕਤੀ ਕੰਮ ਕਰਦੇ ਹਨ ਉਨ੍ਹਾਂ ਨੂੰ ਘਰ ’ਚ ਬੈਠ ਕੇ ਕੰਮ ਕਰਨ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨਾਈਟ ਕਲੱਬਜ਼, ਪੱਬਜ਼, ਸਪਾ ਸੇਂਟਰ, ਵੀਡੀਓ ਗੈਮਿੰਗ ਸੈਂਟਰ ਅਤੇ ਕਰੈੱਚ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਰੈੱਚ ’ਤੇ ਬਤੌਰ ਸੇਵਾਦਾਰ ਕੰਮ ਕਰਨ ਵਾਲਿਆਂ ਨੂੰ ਕਰੈੱਚ ਸੈਨੇਟਾਈਜ਼ ਕਰਨ ਦੇ ਆਦੇਸ਼ ਦਿੱਤੇ ਹਨ। ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਦੱਸਿਆ ਕਿ ਕਰੋਨਾਵਾਇਰਸ ਦੇ ਮੱਦੇਨਜ਼ਰ ਲੋਕਾਂ ਨੂੰ ਸੈਨੇਟਾਈਜ਼ਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਦਵਾਈ ਦੀ ਦੁਕਾਨਦਾਰ ਵੱਲੋਂ ਮਾਸਕ ਅਤੇ ਸੈਨੇਟਾਈਜ਼ਰ ਨੂੰ ਮਹਿੰਗੇ ਭਾਅ ’ਤੇ ਵੇਚਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਸਮੂਹ ਐੱਸਡੀਐੱਮਜ਼ ਵੱਲੋਂ ਸ਼ਹਿਰ ’ਚ ਚੈਕਿੰਗ ਵੀ ਕੀਤੀ ਜਾਵੇਗੀ। ਸ੍ਰੀ ਪਰੀਦਾ ਨੇ ਦੱਸਿਆ ਕਿ ਧਾਰਮਿਕ ਸਥਾਨਾਂ ’ਤੇ ਦਿੱਤੇ ਜਾਂਦੇ ਪ੍ਰਸ਼ਾਦ ਨੂੰ ਲੈ ਕੇ ਡਿਪਟੀ ਕਮਿਸ਼ਨਰ ਮਨਦੀਪ ਸਿੰਘ ਬਰਾੜ ਨੇ ਸਮੂਹ ਮੰਦਰਾਂ, ਗੁਰਦੁਆਰਿਆਂ, ਮਸਜਿਦਾਂ ਅਤੇ ਗਿਰਜਾਘਰਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਨੂੰ ਵੀ ਸਾਵਧਾਨੀ ਵਰਤਣ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਪ੍ਰਸ਼ਾਦ ਦੇਣ ਸਮੇਂ ਮਾਸਕ ਦੀ ਵਰਤੋਂ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਸ਼ਹਿਰ ਦੇ ਨਿੱਜੀ ਹਸਪਤਾਲਾਂ ਨੂੰ ਆਦੇਸ਼ ਜਾਰੀ ਕੀਤੇ ਕਿ ਜੇਕਰ ਕੋਈ ਵੀ ਕਰੋਨਾਵਾਇਰਸ ਦਾ ਸ਼ੱਕੀ ਮਰੀਜ਼ ਪਾਇਆ ਜਾਂਦਾ ਹੈ ਤਾਂ ਉਸ ਦਾ ਪਿਛਲਾ ਰਿਕਾਰਡ (ਜਿਸ ਵਿਚ ਉਸ ਦੀ ਕੋਈ ਵਿਦੇਸ਼ ਯਾਤਰਾ) ਬਾਰੇ ਜਾਣਕਾਰੀ ਜ਼ਰੂਰ ਲਈ ਜਾਵੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਭੀੜ-ਭਾੜ ਵਾਲੀ ਥਾਂ ’ਤੇ ਜਾਣ ਤੋਂ ਗੁਰੇਜ਼ ਕਰਨ। ਇਸੇ ਦੌਰਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਚੰਡੀਗੜ੍ਹ ਦੇ ਕੁਝ ਵਕੀਲਾਂ ਦੀ ਮੰਗ ’ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਮਜੀਤ ਸਿੰਘ ਅਦਾਲਤ ’ਚ ਸਿਰਫ਼ ਜ਼ਰੂਰੀ ਕੇਸਾਂ ’ਤੇ ਹੀ ਸੁਣਵਾਈ ਕਰਨ ਦਾ ਫ਼ੈਸਲਾ ਲਿਆ ਹੈ।
INDIA ਸ਼ਾਪਿੰਗ ਮਾਲ, ਸਿਨੇਮਾ ਘਰ, ਜਿਮ, ਸਵਿਮਿੰਗ ਪੂਲ ਤੇ ਕੋਚਿੰਗ ਸੈਂਟਰ ਬੰਦ