ਸ਼ਾਹ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨਾਲ ਬੰਦ ਕਮਰਾ ਮੀਟਿੰਗ

ਅੰਮ੍ਰਿਤਸਰ (ਸਮਾਜ ਵੀਕਲੀ):  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਇੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿੱਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਇਕ ਬੰਦ ਕਮਰਾ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਜਥੇਦਾਰ ਵੱਲੋਂ ਸਿੱਖਾਂ ਦੇ ਕਈ ਮੁੱਦੇ ਹੱਲ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਕੋਲ ਰੱਖੇ ਗਏ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸ੍ਰੀ ਅਕਾਲ ਤਖਤ ਦੇ ਸਕੱਤਰੇਤ ਪੁੱਜੇ ਜਿੱਥੇ ਉਨ੍ਹਾਂ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕਰੀਬ 45 ਮਿੰਟ ਲੰਬੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਦੋਵੇਂ ਆਗੂ ਹੀ ਕਮਰੇ ਵਿਚ ਹਾਜ਼ਰ ਸਨ। ਹਾਲਾਂਕਿ, ਸ੍ਰੀ ਸ਼ਾਹ ਦੇ ਨਾਲ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਤਰੁਣ ਚੁੱਘ ਵੀ ਆਏ ਸਨ ਪਰ ਉਹ ਸਾਰੇ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ।

ਮੀਟਿੰਗ ਦੇ ਵੇਰਵੇ ਜਾਰੀ ਕਰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹਵਾਲੇ ਨਾਲ ਉਨ੍ਹਾਂ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਜਥੇਦਾਰ ਵੱਲੋਂ ਸਿੱਖਾਂ ਦੇ ਕਈ ਮਾਮਲੇ ਕੇਂਦਰੀ ਗ੍ਰਹਿ ਮੰਤਰੀ ਕੋਲ ਰੱਖੇ ਗਏ, ਜਿਨ੍ਹਾਂ ਵਿਚ ਬੰਦੀ ਸਿੱਖਾਂ ਦੀ ਰਿਹਾਈ ਦਾ ਮਾਮਲਾ ਵੀ ਸ਼ਾਮਲ ਹੈ। ਉਨ੍ਹਾਂ ਨੀਮ ਫ਼ੌਜੀ ਬਲਾਂ ਵਿੱਚ ਗ੍ਰੰਥੀ ਦੀ ਇਕ ਪੱਕੀ ਆਸਾਮੀ ਸਥਾਪਤ ਕਰਨ ਲਈ ਵੀ ਕਿਹਾ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਦੱਸਿਆ ਕਿ ਨੀਮ ਫ਼ੌਜੀ ਬਲਾਂ ਵਿੱਚ ਮੌਲਵੀ ਦੀ ਪੱਕੀ ਆਸਾਮੀ ਤਾਂ ਹੈ ਪਰ ਗ੍ਰੰਥੀ ਦੀ ਆਸਾਮੀ ਨਹੀਂ ਹੈ, ਜਿਸ ਕਾਰਨ ਨੀਮ ਫ਼ੌਜੀ ਬਲਾਂ ਦੇ ਸਿੱਖ ਜਵਾਨ ਹੀ ਆਪਣੇ ਤੌਰ ’ਤੇ ਸਾਰੇ ਪ੍ਰਬੰਧ ਕਰਦੇ ਹਨ। ਉਨ੍ਹਾਂ ਕਿਹਾ ਕਿ ਮੌਲਵੀ ਵਾਂਗ ਗ੍ਰੰਥੀ ਦੀ ਆਸਾਮੀ ਵੀ ਪੱਕੀ ਕੀਤੀ ਜਾਵੇ। ਜਥੇਦਾਰ ਨੇ ਉੱਤਰਾਖੰਡ ਸਥਿਤ ਗੁਰਦੁਆਰਾ ਗਿਆਨ ਗੋਦੜੀ ਦਾ ਮੁੜ ਨਿਰਮਾਣ ਕਰਨ ਅਤੇ ਸਿੱਕਮ ਵਿੱਚ ਗੁਰਦੁਆਰਾ ਚੁੰਗ ਥਾਮ ਦਾ ਕਬਜ਼ਾ ਸਿੱਖ ਭਾਈਚਾਰੇ ਨੂੰ ਸੌਂਪਣ, ਸਿੱਖ ਗੁਰਦੁਆਰਾ ਐਕਟ 1925 ਤਹਿਤ ਧਾਰਾ 87 ਹੇਠ ਆਉਂਦੇ ਗੁਰਦੁਆਰਿਆਂ ਦੇ ਨੋਟੀਫਿਕੇਸ਼ਨ ਦੇ ਲਟਕ ਰਹੇ ਕੰਮ ਨੂੰ ਤੁਰੰਤ ਪੂਰਾ ਕਰਨ ਦਾ ਮਾਮਲਾ ਵੀ ਕੇਂਦਰੀ ਗ੍ਰਹਿ ਮੰਤਰੀ ਕੋਲ ਰੱਖਿਆ। ਜਸਪਾਲ ਸਿੰਘ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਨਾਲ ਚੰਗੇ ਮਾਹੌਲ ’ਚ ਮੀਟਿੰਗ ਹੋਈ ਹੈ ਅਤੇ ਉਨ੍ਹਾਂ ਨੇ ਸਿੱਖ ਮਾਮਲਿਆਂ ਨੂੰ ਵਿਚਾਰਨ ਅਤੇ ਇਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨੂੰ ਸੂਚਨਾ ਕੇਂਦਰ ਵਿੱਚ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਵੱਲੋਂ ਵੀ ਸਨਮਾਨਿਤ ਕੀਤਾ ਗਿਆ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੰਨੀ ਦੋਵਾਂ ਹਲਕਿਆਂ ’ਚੋਂ ਹਾਰ ਰਹੇ ਨੇ: ਕੇਜਰੀਵਾਲ
Next articleਅਮਿਤ ਸ਼ਾਹ ਦੀ ਪਟਿਆਲਾ ਰੈਲੀ ਬੇਅਸਰ: ਅਜੀਤਪਾਲ