ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਿਚਾਲੇ ਸਿਆਸੀ ਗੱਠਜੋੜ ਪ੍ਰਵਾਨ ਚੜ੍ਹਿਆ

ਚੰਡੀਗੜ੍ਹ (ਸਮਾਜ ਵੀਕਲੀ): ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਰਲ ਕੇ ਲੜਨਗੇ। ਗੱਠਜੋੜ ਦਾ ਅਧਿਕਾਰਤ ਐਲਾਨ ਭਲਕੇ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਦਫ਼ਤਰ ’ਚ ਦੋਹਾਂ ਪਾਰਟੀਆਂ ਦੇ ਆਗੂਆਂ ਦੀ ਸਾਂਝੀ ਮੀਟਿੰਗ ਦੌਰਾਨ ਕੀਤਾ ਜਾਵੇਗਾ। ਪਾਰਟੀ ਦੇ ਇੱਕ ਸੀਨੀਅਰ ਆਗੂ ਨੇ ਇਸ ਸਿਆਸੀ ਘਟਨਾਕ੍ਰਮ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਭਲਕੇ ਬਸਪਾ ਦੇ ਸੀਨੀਅਰ ਆਗੂ ਸਤੀਸ਼ ਮਿਸ਼ਰਾ ਅਕਾਲੀ ਦਲ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕਰਕੇ ਗੱਠਜੋੜ ਨੂੰ ਅੰਤਿਮ ਰੂਪ ਦੇਣਗੇ। ਸੂਬੇ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਦੋਂ 8 ਕੁ ਮਹੀਨੇ ਦਾ ਸਮਾਂ ਬਾਕੀ ਰਹਿ ਗਿਆ ਹੈ ਤਾਂ ਅਕਾਲੀ ਦਲ ਅਤੇ ਬਸਪਾ ਦੇ ਗੱਠਜੋੜ ਨੂੰ ਵੱਡੀ ਰਾਜਸੀ ਘਟਨਾ ਮੰਨਿਆ ਜਾ ਰਿਹਾ ਹੈ।

ਅਕਾਲੀ ਦਲ ਅਤੇ ਬਸਪਾ ਤਕਰੀਬਨ 25 ਸਾਲਾਂ ਬਾਅਦ ਇੱਕ-ਦੂਜੇ ਦੇ ਨਜ਼ਦੀਕ ਆ ਰਹੇ ਹਨ। ਇਸ ਤੋਂ ਪਹਿਲਾਂ ਸਾਲ 1996 ਵਿੱਚ ਦੋਹਾਂ ਪਾਰਟੀਆਂ ਨੇ ਸੰਸਦੀ ਚੋਣਾਂ ਇਕੱਠਿਆਂ ਲੜਦਿਆਂ 13 ਵਿੱਚੋਂ 12 ਸੀਟਾਂ ’ਤੇ ਜਿੱਤ ਹਾਸਲ ਕੀਤੀ ਸੀ। ਸੂਤਰਾਂ ਮੁਤਾਬਕ ਚੋਣਾਂ ਤੋਂ ਪਹਿਲਾਂ ਦੋਵੇਂ ਪਾਰਟੀਆਂ ਦਰਮਿਆਨ ਗੱਠਜੋੜ ਨਾਲ ਸੂਬੇ ਦੀ ਸਿਆਸਤ ’ਤੇ ਵੱਡਾ ਅਸਰ ਪਵੇਗਾ। ਦੋਵੇਂ ਪਾਰਟੀਆਂ ’ਚ ਸੀਟਾਂ ਦੀ ਵੰਡ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਬਸਪਾ ਵੱਲੋਂ ਦੁਆਬਾ ਖੇਤਰ ਵਿੱਚ ਜ਼ਿਆਦਾ ਵਿਧਾਨ ਸਭਾ ਹਲਕਿਆਂ ’ਤੇ ਉਮੀਦਵਾਰ ਖੜ੍ਹੇ ਕੀਤੇ ਜਾਣ ਦੀ ਸਹਿਮਤੀ ਬਣੀ ਹੈ ਜਦੋਂ ਕਿ ਅਕਾਲੀ ਦਲ ਦੇ ਹਿੱਸੇ ਮਾਲਵੇ ਅਤੇ ਮਾਝੇ ਦੀਆਂ ਜ਼ਿਆਦਾ ਸੀਟਾਂ ਆਉਣਗੀਆਂ।

ਸੂਤਰਾਂ ਨੇ ਕਿਹਾ ਕਿ ਸੁਖਬੀਰ ਬਾਦਲ ਨਾਲ ਹੋਈਆਂ ਮੀਟਿੰਗਾਂ ਤੋਂ ਬਾਅਦ ਬਸਪਾ ਸੁਪਰੀਮੋ ਮਾਇਆਵਤੀ ਨੇ ਅਕਾਲੀ ਦਲ ਨਾਲ ਪੰਜਾਬ ਅੰਦਰ ਸਿਆਸੀ ਗੱਠਜੋੜ ਲਈ ਕੁੱਝ ਮਹੀਨੇ ਪਹਿਲਾਂ ਹੀ ਹਰੀ ਝੰਡੀ ਦੇ ਦਿੱਤੀ ਸੀ। ਸੀਟਾਂ ’ਤੇ ਸਹਿਮਤੀ ਬਣਨ ’ਚ ਦੇਰੀ ਹੋਣ ਕਾਰਨ ਸਿਆਸੀ ਸਮਝੌਤੇ ਦਾ ਰਸਮੀ ਐਲਾਨ ਲਟਕਿਆ ਹੋਇਆ ਸੀ। ਸ਼੍ਰੋਮਣੀ ਅਕਾਲੀ ਦਲ ਨੇ ਸਤੰਬਰ 2020 ਵਿੱਚ ਭਾਜਪਾ ਨਾਲ ਦੋ ਦਹਾਕਿਆਂ ਤੋਂ ਵੀ ਪੁਰਾਣੇ ਗੱਠਜੋੜ ਨੂੰ ਤੋੜਨ ਦਾ ਉਸ ਸਮੇਂ ਐਲਾਨ ਕੀਤਾ ਸੀ ਜਦੋਂ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਨੇ ਸੰਸਦ ਵਿੱਚ ਖੇਤੀ ਕਾਨੂੰਨ ਪਾਸ ਕਰਵਾ ਦਿੱਤੇ ਸਨ। ਅਕਾਲੀ ਦਲ ਦੇ ਆਗੂਆਂ ਦਾ ਮੰਨਣਾ ਹੈ ਕਿ ਭਾਜਪਾ ਨਾਲ ਗੱਠਜੋੜ ਦੀ ਸੂਰਤ ਵਿੱਚ ਜੇਕਰ ਹਿੰਦੂ ਅਤੇ ਸਿੱਖ ਵੋਟ ਰਲ ਕੇ ਦੋਹਾਂ ਪਾਰਟੀਆਂ ਨੂੰ ਸੱਤਾ ਦਿਵਾਉਣ ’ਚ ਸਹਾਈ ਹੋ ਸਕਦੇ ਹਨ ਤਾਂ ਉਸ ਦਾ ਖੱਪਾ ਬਹੁਜਨ ਸਮਾਜ ਪਾਰਟੀ ਪੂਰ ਸਕਦੀ ਹੈ। ਪੰਜਾਬ ਵਿੱਚ ਦਲਿਤਾਂ ਦੀ ਆਬਾਦੀ ਦਾ ਹਿੱਸਾ ਪੂਰੇ ਮੁਲਕ ਨਾਲੋਂ ਵੀ ਜ਼ਿਆਦਾ ਭਾਵ 33 ਫੀਸਦੀ ਤੋਂ ਵੱਧ ਹੈ ਜਦੋਂ ਕਿ ਕੌਮੀ ਔਸਤ 16 ਤੋਂ 17 ਫੀਸਦੀ ਮੰਨੀ ਜਾਂਦੀ ਹੈ।

ਇਹੋ ਕਾਰਨ ਹੈ ਕਿ ਭਾਜਪਾ ਅਤੇ ਕਾਂਗਰਸ ਵੱਲੋਂ ਦਲਿਤਾਂ ਨੂੰ ਰਿਝਾਉਣ ਲਈ ਮੁੱਖ ਮੰਤਰੀ ਤੇ ਹੋਰ ਅਹੁਦਿਆਂ ਦਾ ਪੱਤਾ ਖੇਡਿਆ ਜਾ ਰਿਹਾ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਵੀ ਦਲਿਤਾਂ ਦੀ ਵੋਟ ਹਾਸਲ ਕਰਨ ਲਈ ਉਪ ਮੁੱਖ ਮੰਤਰੀ ਦਾ ਅਹੁਦਾ ਦਲਿਤ ਆਗੂ ਨੂੰ ਦੇਣ ਦਾ ਦਾਅ ਖੇਡਿਆ ਹੈ। ਸੂਤਰਾਂ ਨੇ ਕਿਹਾ ਕਿ ਜੇਕਰ ਦੋਵੇਂ ਪਾਰਟੀਆਂ ਦਾ ਗੱਠਜੋੜ ਸੱਤਾ ’ਚ ਆਉਂਦਾ ਹੈ ਤਾਂ ਦਲਿਤਾਂ ਦੀ ਅਗਵਾਈ ਕਰਨ ਵਾਲੀ ਪਾਰਟੀ ਨੂੰ ਉਪ ਮੁੱਖ ਮੰਤਰੀ ਦਾ ਅਹੁਦਾ ਦਿੱਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਜਪਾ ਨੂੰ ਸ਼ਹਿਰੀ ਖੇਤਰ ਦੀਆਂ 23 ਸੀਟਾਂ ਛੱਡੀਆਂ ਜਾਂਦੀਆਂ ਸਨ। ਇਸੇ ਤਰ੍ਹਾਂ ਬਸਪਾ ਨੂੰ ਦਿਹਾਤੀ ਤੇ ਸ਼ਹਿਰੀ ਦੋਹਾਂ ਖੇਤਰਾਂ ’ਚੋਂ ਹੀ ਸੀਟਾਂ ਦਾ ਹਿੱਸਾ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਹੋਰ ਅਕਾਲੀ ਧੜਿਆਂ ਵੱਲੋਂ ਵੀ ਬਸਪਾ ’ਤੇ ਡੋਰੇ ਪਾਉਣ ਦੇ ਯਤਨ ਕੀਤੇ ਜਾ ਰਹੇ ਸਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਫਰਕ
Next articleਅਕਾਲੀ ਦਲ ਦਾ ਚੋਣ ਮਨੋਰਥ ਪੱਤਰ ਅਕਤੂਬਰ ਦੇ ਅਖ਼ੀਰ ਤੱਕ ਹੋਵੇਗਾ ਤਿਆਰ: ਸੁਖਬੀਰ