ਸ਼੍ਰੋਮਣੀ ਅਕਾਲੀ ਦਲ ਪੰਥਕ ਪਾਰਟੀ ਹੈ, ਮੇਰੀ ਜਾਇਦਾਦ ਨਹੀਂ: ਸੁਖਬੀਰ

ਅਟਾਰੀ-ਸਾਬਕਾ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਵੱਲੋਂ ਅੱਜ ਵਿਧਾਨ ਸਭਾ ਹਲਕਾ ਅਟਾਰੀ ਦੀ ਦਾਣਾ ਮੰਡੀ ਵਿਚ ਤੇ ਜਥੇਦਾਰ ਵੀਰ ਸਿੰਘ ਲੋਪੋਕੇ ਵੱਲੋਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਖਿਆਲਾ ਕਲਾਂ ਸਥਿਤ ਦਾਣਾ ਮੰਡੀ ਵਿਚ ਰੈਲੀਆਂ ਕੀਤੀਆਂ ਗਈਆਂ। ਇਨ੍ਹਾਂ ਰੈਲੀਆਂ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਜਥੇਦਾਰ ਗੁਲਜ਼ਾਰ ਸਿੰਘ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਟਾਰੀ ਪੁੱਜਣ ’ਤੇ ਸਵਾਗਤ ਕੀਤਾ ਗਿਆ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪੰਜਾਬ ’ਚ ਸਾਬਕਾ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੀਆਂ 10 ਸਾਲਾਂ ਦੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਜੋ ਵਾਅਦੇ ਕੀਤੇ ਸਨ, ਉਹ ਪੂਰੇ ਕੀਤੇ ਪਰ ਕੈਪਟਨ ਸਰਕਾਰ ਨੇ ਉਨ੍ਹਾਂ ਵੱਲੋਂ ਚਲਾਈਆਂ ਗਈਆਂ ਭਲਾਈ ਸਕੀਮਾਂ ਬੰਦ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥਕ ਪਾਰਟੀ ਹੈ, ਨਾ ਕਿ ਮੇਰੀ ਜਾਇਦਾਦ। ਉਨ੍ਹਾਂ ਅਕਾਲੀ ਵਰਕਰਾਂ ਨੂੰ ਕਿਹਾ ਕਿ ਉਹ ਅਕਾਲੀ ਦਲ ਦੇ ਬਿੱਲੇ ਡੇਢ ਮਹੀਨਾ ਲਾ ਕੇ ਰੱਖਣ। ਉਨ੍ਹਾਂ ਕਿਹਾ ਕਿ ਉਨ੍ਹਾਂ ਪ੍ਰਣ ਕਰ ਲਿਆ ਹੈ ਕਿ ਅੰਮ੍ਰਿਤਸਰ ਲੋਕ ਸਭਾ ਸੀਟ ਅਕਾਲੀ-ਭਾਜਪਾ ਨੂੰ ਹੀ ਜਿਤਾਉਣੀ ਹੈ। ਉਨ੍ਹਾਂ ਨੇ ਵਰਕਰਾਂ ਨੂੰ ਲੋਕ ਸਭਾ ਚੋਣਾਂ ਲਈ ਦਿਨ-ਰਾਤ ਇਕ ਕਰਨ ਦੀ ਹਦਾਇਤ ਕੀਤੀ।
ਸਾਬਕਾ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਹਲਕਾ ਅਟਾਰੀ ਦਾ ਵਿਕਾਸ ਹੋਇਆ। ਉਨ੍ਹਾਂ ਪਾਰਟੀ ਪ੍ਰਧਾਨ ਨੂੰ ਅਪੀਲ ਕੀਤੀ ਚੋਣਾਂ ਤੋਂ ਬਾਅਦ ਅਟਾਰੀ ਸਰਹੱਦ ’ਤੇ ਬੰਦ ਕਾਰੋਬਾਰ ਖੁੱਲ੍ਹਵਾਇਆ ਜਾਵੇ ਤੇ ਸਰਹੱਦੀ ਖੇਤਰ ਵਿਚ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਲਈ ਕਾਰਖਾਨੇ ਲਾਏ ਜਾਣ। ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਪੰਜਾਬ ਹੁਣ ਆਰਥਿਕ ਰੂਪ ਵਿਚ ਕੰਗਾਲ ਹੋ ਚੁੱਕਾ ਹੈ। ਭਾਜਪਾ ਆਗੂ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਵੀ ਰੈਲੀ ਨੂੰ ਸੰਬੋਧਨ ਕੀਤਾ।

Previous articleਫੇਸਬੁੱਕ ’ਤੇ ਲਾਈਵ ਹੋ ਕੇ ਗ਼ੈਰਕਾਨੂੰਨੀ ਮਾਈਨਿੰਗ ਫੜਨ ਪੁੱਜੇ ਵਿਧਾਇਕ ਬੈਂਸ
Next articleਭਾਰਤ ਵਿਚ ਸੰਤੁਲਿਤ ਭੋਜਨ ਦੀ ਕਮੀ ਨਾਲ ਹੁੰਦੀਆਂ ਨੇ ਸੈਂਕੜੇ ਮੌਤਾਂ