ਸ਼੍ਰੋਮਣੀ ਕਮੇਟੀ ਚੋਣ ਲਈ ਅਕਾਲੀ ਦਲ ਵੱਲੋਂ ਸਰਗਰਮੀਆਂ ਤੇਜ਼

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ 27 ਨਵੰਬਰ ਨੂੰ ਚੋਣ ਤੋਂ ਪਹਿਲਾਂ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਦੀਆਂ ਇਸ ਸਬੰਧੀ ਸਰਗਰਮੀਆਂ ਅੱਜ ਤੋਂ ਤੇਜ਼ ਹੋ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਲਈ ਉਮੀਦਵਾਰਾਂ ਦੇ ਨਾ ਜਾਨਣ ਲਈ ਪਾਰਟੀ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਰਾਇ ਲਈ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਇਸੇ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਵੀ ਭਲਕੇ 25 ਨਵੰਬਰ ਨੂੰ ਸੱਦੀ ਹੈ। ਇਸ ਤੋਂ ਇਲਾਵਾ ਪਾਰਟੀ ਨਾਲ ਸਬੰਧਤ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ 26 ਨਵੰਬਰ ਨੂੰ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸੱਦੀ ਗਈ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ 11 ਮੈਂਬਰਾਂ ਦੀ ਸਾਲਾਨਾ ਚੋਣ ਵਾਸਤੇ ਜਨਰਲ ਇਜਲਾਸ 27 ਨਵੰਬਰ ਨੂੰ ਸੱਦਿਆ ਗਿਆ ਹੈ। ਮਿਲੇ ਵੇਰਵਿਆਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਤੇ ਕੱਲ੍ਹ (24 ਤੇ 25 ਨਵੰਬਰ) ਦੋ ਦਿਨ ਪਾਰਟੀ ਦੇ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਇਕੱਲੇ ਇਕੱਲੇ ਅਤੇ ਗਰੁੱਪ ਵਿਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਅੱਜ ਪਹਿਲੇ ਦਿਨ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਚ ਉਨ੍ਹਾਂ ਨੇ ਹਰਿਆਣਾ, ਮੁਹਾਲੀ, ਫਤਹਿਗੜ੍ਹ ਸਾਹਿਬ, ਲੁਧਿਆਣਾ ਤੇ ਹੋਰ ਨੇੜਲੇ ਜ਼ਿਲ੍ਹਿਆਂ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੁਲਾਕਾਤ ਕੀਤੀ ਹੈ। ਮੁਲਾਕਾਤ ਦੌਰਾਨ ਮੈਂਬਰਾਂ ਨੇ ਮੌਜੂਦਾ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਕਾਰਗੁਜ਼ਾਰੀ ਬਾਰੇ ਚਰਚਾ ਕੀਤੀ। ਭਲਕੇ 25 ਨਵੰਬਰ ਨੂੰ ਮਾਝੇ ਦੇ ਜ਼ਿਲ੍ਹੇ ਤੇ ਮਾਲਵੇ ਦੇ ਕੁਝ ਜ਼ਿਲ੍ਹਿਆਂ ਦੇ ਪਾਰਟੀ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰ ਵੀ ਪਾਰਟੀ ਪ੍ਰਧਾਨ ਨੂੰ ਮਿਲਣਗੇ। ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਵਲੋਂ ਇਸ ਮਾਮਲੇ ਵਿਚ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਇਸ ਸਬੰਧੀ ਪਾਰਟੀ ਦੇ ਬੁਲਾਰੇ ਅਤੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ 24 ਤੇ 25 ਨਵੰਬਰ ਦੋ ਦਿਨ ਸੁਖਬੀਰ ਸਿੰਘ ਬਾਦਲ ਪਾਰਟੀ ਨਾਲ ਸਬੰਧਤ ਮੈਂਬਰਾਂ ਨਾਲ ਮੀਟਿੰਗਾਂ ਕਰਨਗੇ। 25 ਨਵੰਬਰ ਨੂੰ ਸ਼ਾਮ ਪੰਜ ਵਜੇ ਚੰਡੀਗੜ੍ਹ ਵਿਚ ਹੀ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਰੱਖੀ ਗਈ ਹੈ। 26 ਨਵੰਬਰ ਨੂੰ ਪਾਰਟੀ ਨਾਲ ਸਬੰਧਿਤ ਸਮੂਹ ਮੈਂਬਰਾਂ ਦੀ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਰੱਖੀ ਗਈ ਹੈ। ਉਨ੍ਹਾਂ ਆਖਿਆ ਕਿ ਪਾਰਟੀ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਰਾਇ ਲੈਣ ਮਗਰੋਂ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਬਾਰੇ ਫ਼ੈਸਲਾ ਕੀਤਾ ਜਾਵੇਗਾ।
ਇਸ ਵੇਲੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਦਨ ਵਿਚ ਕੁੱਲ 190 ਮੈਂਬਰ ਹਨ, ਜਿਨ੍ਹਾਂ ਵਿਚ ਪੰਜ ਤਖ਼ਤਾਂ ਦੇ ਜਥੇਦਾਰ ਵੀ ਸ਼ਾਮਲ ਹਨ ਪਰ ਇਨ੍ਹਾਂ ਨੂੰ ਵੋਟ ਪਾਉਣ ਦਾ ਹੱਕ ਨਹੀਂ ਹੈ। ਇਨ੍ਹਾਂ ਵਿਚ 170 ਮੈਂਬਰ ਵੋਟਾਂ ਰਾਹੀਂ ਚੁਣੇ ਹੋਏ ਅਤੇ 15 ਮੈਂਬਰ ਵੱਖ ਵੱਖ ਸੂਬਿਆਂ ਤੋਂ ਨਾਮਜ਼ਦ ਕੀਤੇ ਹੋਏ ਹਨ। 2011 ਨਾਲ ਸਬੰਧਤ ਮੌਜੂਦਾ ਸਦਨ ਦੇ ਲਗਪਗ ਦਰਜਨ ਭਰ ਮੈਂਬਰ ਅਕਾਲ ਚਲਾਣਾ ਵੀ ਕਰ ਚੁੱਕੇ ਹਨ। 2011 ਵਿਚ ਹੋਈ ਚੋਣ ਵੇਲੇ ਸ਼੍ਰੋਮਣੀ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਦੀ ਚੋਣ ਵਿਚ ਹੂੰਝਾ ਫੇਰ ਜਿੱਤ ਹਾਸਲ ਕੀਤੀ ਸੀ ਅਤੇ 150 ਤੋਂ ਵੱਧ ਮੈਂਬਰ ਜਿੱਤੇ ਸਨ। ਇਸ ਲਈ ਸਾਲਾਨਾ ਚੋਣ ਵਿਚ ਵੀ ਮੁੜ ਪ੍ਰਧਾਨ ਤੇ ਹੋਰ ਅਹੁਦੇਦਾਰ ਸ਼੍ਰੋਮਣੀ ਅਕਾਲੀ ਦਲ ਨਾਲ ਹੀ ਸਬੰਧਤ ਹੋਣਗੇ। ਇਸ ਵੇਲੇ ਮੌਜੂਦਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸੀਨੀਅਰ ਮੈਂਬਰ ਜਥੇਦਾਰ ਤੋਤਾ ਸਿੰਘ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਬਾਬਾ ਬਲਬੀਰ ਸਿੰਘ, ਰਘੁਜੀਤ ਸਿੰਘ ਵਿਰਕ ਆਦਿ ਦੇ ਨਾਵਾਂ ਦੀ ਚਰਚਾ ਚੱਲ ਰਹੀ ਹੈ।

Previous articleAjit Pawar holds meeting with Fadnavis at his residence
Next articlePolarisation, NRC key factors in Bengal bypolls