ਅੰਮ੍ਰਿਤਸਰ (ਸਮਾਜ ਵੀਕਲੀ) : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਜਨਰਲ ਇਜਲਾਸ ਦੀ ਇਕੱਤਰਤਾ 27 ਨਵੰਬਰ ਨੂੰ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਵੇੇਗੀ। ਇਹ ਫੈਸਲਾ ਅੱਜ ਇਥੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ। ਮੀਟਿੰਗ ਦੌਰਾਨ ਇਕ ਮਤਾ ਪਾਸ ਕਰਕੇ ਪਾਕਿਸਤਾਨ ਸਰਕਾਰ ਵੱਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਗ਼ੈਰ ਸਿੱਖ ਸੰਸਥਾ ਹਵਾਲੇ ਕਰਨ ਦਾ ਵਿਰੋਧ ਕਰਦਿਆਂ ਉਸ ਨੂੰ ਇਹ ਫੈਸਲਾ ਵਿਚਾਰਨ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ 328 ਲਾਪਤਾ ਪਾਵਨ ਸਰੂਪਾਂ ਦੀ ਜਾਂਚ ਦੇ ਮਾਮਲੇ ਵਿਚ ਉੱਚ ਪੱਧਰੀ ਸਮੀਖਿਆ ਕਮੇਟੀ ਬਣਾਉਣ ਦਾ ਫੈਸਲਾ ਲਿਆ ਗਿਆ ਹੈ।
ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮਗਰੋਂ ਮੀਡੀਆ ਨੂੰ ਦੱਸਿਆ ਕਿ 27 ਨਵੰਬਰ ਨੂੰ ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ। ਪਾਕਿਸਤਾਨ ਸਰਕਾਰ ਵੱਲੋਂ ਗੁਰਦੁਆਰਾ ਕਰਤਾਰਪੁਰ ਦਾ ਪ੍ਰਬੰਧ ਪ੍ਰੋਜੈਕਟ ਮੈਨੇਜਮੈਂਟ ਕੰਪਨੀ ਨੂੰ ਦੇਣ ਦੀ ਸਖ਼ਤ ਨਿੰਦਾ ਕਰਦਿਆਂ ਅੰਤ੍ਰਿੰਗ ਕਮੇਟੀ ਨੇ ਨਿੰਦਾ ਮਤਾ ਪਾਸ ਕੀਤਾ ਜੋ ਪਾਕਿਸਤਾਨ ਸਰਕਾਰ ਨੂੰ ਭੇਜਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਸਿੱਖਾਂ ਦੀ ਚਿਰੋਕਣੀ ਮੰਗ ਮਗਰੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ ਗਿਆ ਹੈ ਅਤੇ ਹੁਣ ਇਸ ਦਾ ਪ੍ਰਬੰਧ ਆਪਣੇ ਹੱਥਾਂ ਵਿਚ ਲੈ ਕੇ ਪ੍ਰੋਜੈਕਟ ਮੈਨੇਜਮੈਂਟ ਕੰਪਨੀ ਨੂੰ ਸੌਂਪਣਾ ਮਰਿਆਦਾ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਿਆਂ ਦਾ ਪ੍ਰਬੰਧ ਗੁਰਦੁਆਰਾ ਕਮੇਟੀ ਕੋਲ ਹੀ ਹੋਣਾ ਚਾਹੀਦਾ ਹੈ। ਪਾਕਿਸਤਾਨ ਸਰਕਾਰ ਦੇ ਇਸ ਫੈਸਲੇ ’ਤੇ ਰੋਸ ਜਤਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਰਾਹੀਂ ਦਿੱਲੀ ਸਥਿਤ ਪਾਕਿਸਤਾਨੀ ਸਫਾਰਤਖਾਨੇ ਨੂੰ ਇਕ ਪੱਤਰ ਵੀ ਸੌਂਪਿਆ ਗਿਆ ਹੈ।
328 ਪਾਵਨ ਸਰੂਪਾਂ ਦੇ ਮਾਮਲੇ ਵਿਚ ਹੋਈ ਜਾਂਚ ਤੋਂ ਬਾਅਦ ਪੈਦਾ ਹੋਈਆਂ ਪ੍ਰਸਿਥਤੀਆਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਸਮੁੱਚੇ ਮਾਮਲੇ ’ਤੇ ਨਜ਼ਰਸਾਨੀ ਕਰਨ ਲਈ ਉਚ ਪੱਧਰੀ ਸਮੀਖਿਆ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ, ਜਿਸ ਵਿਚ ਲੋੜ ਮੁਤਾਬਕ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਵੀ ਸ਼ਾਮਲ ਕੀਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸੇ ਮਾਮਲੇ ਵਿਚ ਸੰਸਥਾ ਦਾ ਆਡਿਟ ਕਰਦੀ ਐੱਸ ਐੱਸ ਕੋਹਲੀ ਐਂਡ ਕੰਪਨੀ ਕੋਲੋਂ ਵੀ ਰਕਮ ਵਸੂਲੀ ਲਈ ਲੀਗਲ ਨੋਟਿਸ ਭੇਜਿਆ ਗਿਆ ਹੈ। ਸ੍ਰੀ ਅਕਾਲ ਤਖ਼ਤ ਵੱਲੋਂ ਇਸ ਕੰਪਨੀ ਕੋਲੋਂ 70 ਫੀਸਦੀ ਮਿਹਨਤਾਨੇ ਦੀ ਰਕਮ ਵਸੂਲਣ ਦੇ ਆਦੇਸ਼ ਕੀਤੇ ਗਏ ਸਨ। ਇਕ ਸਵਾਲ ਦੇ ਜਵਾਬ ਵਿਚ ਸ੍ਰੀ ਲੌਂਗੋਵਾਲ ਨੇ ਆਖਿਆ ਕਿ ਪਾਵਨ ਸਰੂਪਾਂ ਦੇ ਮਾਮਲੇ ਦੀ ਸ਼੍ਰੋਮਣੀ ਕਮੇਟੀ ਵੱਲੋਂ ਉੱਚ ਅਦਾਲਤ ਵਿਚ ਵੀ ਦ੍ਰਿੜ੍ਹਤਾ ਨਾਲ ਪੈਰਵੀ ਕੀਤੀ ਜਾਵੇਗੀ।
ਸ਼੍ਰੋਮਣੀ ਕਮੇਟੀ ਸਥਾਪਨਾ ਦੀ ਸ਼ਤਾਬਦੀ ਬਾਰੇ ਉਨ੍ਹਾਂ ਦੱਸਿਆ ਕਿ 15 ਨਵੰਬਰ ਨੂੰ ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਵਿਖੇ ਅਖੰਡ ਪਾਠ ਸ਼ੁਰੂ ਹੋਵੇਗਾ ਅਤੇ 17 ਨਵੰਬਰ ਨੂੰ ਮੰਜੀ ਸਾਹਿਬ ਦੀਵਾਨ ਹਾਲ ’ਚ ਭੋਗ ਪਾਏ ਜਾਣਗੇ। ਇਸ ਮੌਕੇ ਪ੍ਰਮੁੱਖ ਸਿੱਖ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਦੌਰਾਨ 13 ਤੋਂ 17 ਨਵੰਬਰ ਤਕ ਚਿੱਤਰਕਲਾ ਪ੍ਰਦਰਸ਼ਨੀ ਵੀ ਲਾਈ ਜਾਵੇਗੀ।