ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਦੇ ਅਧਿਕਾਰ ਸੁਖਬੀਰ ਨੂੰ ਸੌਂਪੇ

ਸ਼੍ਰੋਮਣੀ ਅਕਾਲੀ ਦਲ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਭਰੋਸਾ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਦੇ ਸਮੁੱਚੇ ਅਧਿਕਾਰ ਅੱਜ ਪਾਰਟੀ ਪ੍ਰਧਾਨ ਨੂੰ ਸੌਂਪ ਦਿੱਤੇ ਹਨ। ਮੰਗਲਵਾਰ ਨੂੰ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਦੁਪਹਿਰ ਇਕ ਵਜੇ ਚੋਣ ਲਈ ਜਨਰਲ ਇਜਲਾਸ ਹੋਵੇਗਾ।
ਅੱਜ ਸ਼ਾਮ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਦੋ ਘੰਟੇ ਤੋਂ ਵਧ ਸਮੇਂ ਤਕ ਚੱਲੀ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਸੁਖਬੀਰ ਸਿੰਘ ਬਾਦਲ ਨੇ ਕੀਤੀ। ਮੀਟਿੰਗ ਵਿਚ ਪਾਰਟੀ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ, ਸਿਕੰਦਰ ਸਿੰਘ ਮਲੂਕਾ, ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ ਆਦਿ ਵੀ ਹਾਜ਼ਰ ਸਨ। ਮੀਟਿੰਗ ਨੂੰ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨਾਂ ਜਗੀਰ ਕੌਰ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਜਥੇਦਾਰ ਅਵਤਾਰ ਸਿੰਘ ਮੱਕੜ ਆਦਿ ਨੇ ਵੀ ਸੰਬੋਧਨ ਕੀਤਾ।
ਮੀਟਿੰਗ ਮਗਰੋਂ ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸਪੱਸ਼ਟ ਕੀਤਾ ਕਿ ਪਾਰਟੀ ਨਾਲ ਸਬੰਧਤ ਸਮੂਹ ਮੈਂਬਰਾਂ ਨੇ ਉਨ੍ਹਾਂ ਦੀ ਅਗਵਾਈ ਵਿਚ ਭਰੋਸਾ ਪ੍ਰਗਟ ਕੀਤਾ ਹੈ ਅਤੇ ਅਹੁਦੇਦਾਰਾਂ ਵਾਸਤੇ ਉਮੀਦਵਾਰਾਂ ਦੀ ਚੋਣ ਕਰਨ ਦਾ ਅਧਿਕਾਰ ਉਨ੍ਹਾਂ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰੇ ਮਗਰੋਂ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੇ ਉਮੀਦਵਾਰਾਂ ਬਾਰੇ ਜਨਰਲ ਇਜਲਾਸ ਤੋਂ ਪਹਿਲਾਂ ਐਲਾਨ ਕਰਨਗੇ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਮੈਂਬਰਾਂ ਕੋਲੋਂ ਵਿਚਾਰ ਮੰਗੇ ਗਏ ਹਨ। ਇਸ ਤੋਂ ਪਹਿਲਾਂ ਚੰਡੀਗੜ੍ਹ ’ਚ ਜ਼ਿਲ੍ਹਾ ਵਾਰ ਮੈਂਬਰਾਂ ਦੀ ਮੀਟਿੰਗ ਕੀਤੀ ਗਈ ਸੀ ਜਿਸ ਵਿਚ ਇਕੱਲੇ ਇਕੱਲੇ ਮੈਂਬਰ ਨੇ ਆਪਣੇ ਵਿਚਾਰ ਰੱਖੇ ਹਨ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਰਾਏ ਮੁਤਾਬਕ ਹੀ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਵਾਸਤੇ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਪਾਰਟੀ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਆਖਿਆ ਕਿ ਉਮੀਦਵਾਰਾਂ ਦੀ ਚੋਣ ਲਈ ਇਹ ਲੋਕਤੰਤਰੀ ਤਰੀਕਾ ਹੈ, ਜਿਸ ਵਿਚ ਇਕ ਇਕ ਮੈਂਬਰ ਕੋਲੋਂ ਉਸ ਦੇ ਵਿਚਾਰ ਪੁੱਛੇ ਗਏ ਹਨ। ਉਨ੍ਹਾਂ ‘ਲਿਫਾਫਾ ਕਲਚਰ’ ਨੂੰ ਵੀ ਲੋਕਤੰਤਰੀ ਤਰੀਕਾ ਕਰਾਰ ਦਿੱਤਾ ਅਤੇ ਆਖਿਆ ਕਿ ਪਾਰਟੀ ਪ੍ਰਧਾਨ ਵੱਲੋਂ ਮੈਂਬਰਾਂ ਦੁਆਰਾ ਦਿੱਤੇ ਅਧਿਕਾਰ ਦੀ ਵਰਤੋਂ ਕਰਦਿਆਂ ਆਪਣੀ ਰਾਏ ਇਸ ਢੰਗ ਤਰੀਕੇ ਨਾਲ ਮੈਂਬਰਾਂ ਕੋਲ ਪੁਜਦੀ ਕੀਤੀ ਜਾਂਦੀ ਹੈ।
ਮੀਟਿੰਗ ਵਿਚ ਕਿਸੇ ਵੀ ਅਕਾਲੀ ਆਗੂ ਜਾਂ ਸ਼੍ਰੋਮਣੀ ਕਮੇਟੀ ਮੈਂਬਰ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਖਿਲਾਫ਼ ਇਤਰਾਜ਼ ਆਦਿ ਨਹੀਂ ਪ੍ਰਗਟਾਇਆ ਗਿਆ ਸਗੋਂ ਕੁਝ ਆਗੂਆਂ ਨੇ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ ਆਦਿ ਖਿਲਾਫ਼ ਪਾਰਟੀ ਦੇ ਫ਼ੈਸਲੇ ਨੂੰ ਉਚਿਤ ਠਹਿਰਾਇਆ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਹਲਕਿਆਂ ਵਿਚ ਪ੍ਰਧਾਨ ਤੇ ਹੋਰ ਉਮੀਦਵਾਰਾਂ ਦੇ ਨਾਵਾਂ ਨੂੰ ਲੈ ਕੇ ਕਿਆਸਅਰਾਈਆਂ ਸ਼ਿਖਰਾਂ ’ਤੇ ਹਨ। ਚਰਚਾ ਵਿਚ ਗੋਬਿੰਦ ਸਿੰਘ ਲੌਂਗੋਵਾਲ, ਜਥੇਦਾਰ ਤੋਤਾ ਸਿੰਘ ਅਤੇ ਅਲਵਿੰਦਰਪਾਲ ਸਿੰਘ ਪੱਖੋਕੇ ਦੇ ਨਾਂ ਸ਼ਾਮਲ ਹਨ। ਇਹ ਵੀ ਆਖਿਆ ਜਾ ਰਿਹਾ ਹੈ ਕਿ ਜੇਕਰ ਬ੍ਰਹਮਪੁਰਾ ਸਮਰਥਕ ਸ੍ਰੀ ਪੱਖੋਕੇ ਨੂੰ ਪ੍ਰਧਾਨਗੀ ਨਾ ਮਿਲੀ ਤਾਂ ਕੋਈ ਹੋਰ ਅਹਿਮ ਅਹੁਦਾ ਦਿੱਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਸਦਨ ਵਿਚ ਕੁਲ 191 ਮੈਂਬਰ ਹਨ। ਵੋਟਾਂ ਰਾਹੀਂ ਚੁਣੇ 170 ਅਤੇ 15 ਨਾਮਜ਼ਦ ਮੈਂਬਰ ਹਨ। ਇਨ੍ਹਾਂ ਵਿਚੋਂ 9 ਮੈਂਬਰ ਅਕਾਲ ਚਲਾਣਾ ਕਰ ਚੁੱਕੇ ਹਨ ਅਤੇ ਦੋ ਮੈਂਬਰ ਅਸਤੀਫ਼ੇ ਦੇ ਚੁੱਕੇ ਹਨ।

Previous articleਬਰਗਾੜੀ ਮੋਰਚੇ ਦਾ ਮੂਲ ਮੰਤਰ ਸ਼ਾਂਤਮਈ ਢੰਗ ਨਾਲ ਇਨਸਾਫ਼ ਲੈਣਾ: ਮੰਡ
Next articleਛੱਤੀਸਗੜ੍ਹ ਚੋਣਾਂ: ਪਹਿਲੇ ਗੇੜ ’ਚ 70 ਫ਼ੀਸਦੀ ਮਤਦਾਨ