ਲਹਿੰਦੇ ਪੰਜਾਬ ਦੇ ਗਵਰਨਰ ਤੇ ਮੁੱਖ ਮੰਤਰੀ ਸਣੇ ਹੋਰਨਾਂ ਨੂੰ ਵੀ ਭੇਜੇ ਸੱਦਾ ਪੱਤਰ
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ 25 ਜੁਲਾਈ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਜਾਏ ਜਾਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ, ਲਹਿੰਦੇ ਪੰਜਾਬ ਦੇ ਗਵਰਨਰ ਅਤੇ ਮੁੱਖ ਮੰਤਰੀ ਸਮੇਤ ਹੋਰਨਾਂ ਨੂੰ ਸੱਦਾ ਪੱਤਰ ਭੇਜੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਨਗਰ ਕੀਰਤਨ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ’ਚ ਪਾਕਿਸਤਾਨ ਸਰਕਾਰ ਨੂੰ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਦਾ ਸੱਦਾ ਪੱਤਰ ਭੇਜਣ ਦਾ ਫੈਸਲਾ ਹੋਇਆ ਹੈ, ਜਿਸ ਨੂੰ ਅਮਲ ਵਿੱਚ ਲਿਆਉਂਦਿਆਂ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ, ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਅਹਿਮਦ ਖਾਨ, ਗਵਰਨਰ ਚੌਧਰੀ ਮੁਹੰਮਦ ਸਰਵਰ, ਔਕਾਫ਼ ਬੋਰਡ ਦੇ ਚੇਅਰਮੈਨ ਡਾ. ਆਮਿਰ ਅਹਿਮਦ ਅਤੇ ਪੀਜੀਪੀਸੀ ਦੇ ਪ੍ਰਧਾਨ ਤਾਰਾ ਸਿੰਘ ਨੂੰ ਸੱਦਾ ਪੱਤਰ ਭੇਜੇ ਗਏ ਹਨ। ਜਾਣਕਾਰੀ ਦਿੰਦਿਆਂ ਸ੍ਰੀ ਲੌਂਗੋਵਾਲ ਨੇ ਦੱਸਿਆ ਕਿ ਨਗਰ ਕੀਰਤਨ ਸਬੰਧੀ ਵੀਜ਼ਾ ਪ੍ਰਕਿਰਿਆ ਲਈ ਪਹਿਲੀ ਸੂਚੀ ਵੀ ਪਾਕਿਸਤਾਨ ਸਰਕਾਰ ਨੂੰ ਭੇਜ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 25 ਜੁਲਾਈ ਨੂੰ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਜਾਰੀ ਹਨ। ਉਨ੍ਹਾਂ ਨੇ ਪਾਕਿਸਤਾਨ ਵੱਸਦੇ ਸਿੱਖਾਂ ਅਤੇ ਹੋਰ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵੀ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਵਿਖੇ ਤਿੰਨ ਸੈਮੀਨਾਰ ਕਰਵਾਉਣ ਦਾ ਵੀ ਪ੍ਰੋਗਰਾਮ ਹੈ। ਇਸ ਸਬੰਧੀ ਮੁੱਖ ਸਕੱਤਰ ਡਾ. ਰੂਪ ਸਿੰਘ ਪਾਕਿਸਤਾਨੀ ਪੰਜਾਬ ਦੇ ਗਵਰਨਰ ਨਾਲ ਗੱਲਬਾਤ ਕਰ ਚੁੱਕੇ ਹਨ। ਇਸ ਦੌਰਾਨ ਮੀਟਿੰਗ ਵਿੱਚ ਅੰਤ੍ਰਿੰਗ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ, ਮੈਂਬਰ ਸੁਖਵਰਸ਼ ਸਿੰਘ ਪੰਨੂ, ਬਾਵਾ ਸਿੰਘ ਗੁਮਾਨਪੁਰਾ, ਸੁਰਜੀਤ ਸਿੰਘ ਭਿੱਟੇਵੱਡ, ਹਰਜਾਪ ਸਿੰਘ ਸੁਲਤਾਨਵਿੰਡ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਹਿੰਦਰ ਸਿੰਘ ਆਹਲੀ, ਮਨਜੀਤ ਸਿੰਘ ਬਾਠ, ਬਲਵਿੰਦਰ ਸਿੰਘ ਜੌੜਾਸਿੰਘਾ ਤੇ ਹੋਰ ਅਧਿਕਾਰੀ ਹਾਜ਼ਰ ਸਨ।