ਵਿਧਾਇਕਾਂ ਸਮੇਤ ਦਿੱਲੀ ’ਚ ਰੋਸ ਵਿਖਾਵਾ 23 ਨੂੰ
ਚੰਡੀਗੜ੍ਹ (ਸਮਾਜ ਵੀਕਲੀ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿਚ ਹੁਣ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਦੇ ਕਾਂਗਰਸੀ ਵਿਧਾਇਕ ਦਿੱਲੀ ਵਿਚ ਰੋਸ ਪ੍ਰਦਰਸ਼ਨ ਕਰਨਗੇ। ਕੈਪਟਨ ਆਪਣੇ ਸਾਰੇ ਵਿਧਾਇਕਾਂ ਨੂੰ ਨਾਲ ਲੈ ਕੇ 23 ਸਤੰਬਰ ਨੂੰ ਦਿੱਲੀ ਵਿਚ ਰੋਸ ਮੁਜ਼ਾਹਰਾ ਕਰਨਗੇ ਜਿਸ ਲਈ ਲੋੜੀਂਦੀਆਂ ਪ੍ਰਵਾਨਗੀਆਂ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੁਸ਼ਟੀ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿਚ ਪਾਰਟੀ ਵਿਧਾਇਕ ਕੇਂਦਰ ਸਰਕਾਰ ਦੇ ਖ਼ਿਲਾਫ਼ ਦਿੱਲੀ ਵਿਚ 23 ਸਤੰਬਰ ਨੂੰ ਰੋਸ ਪ੍ਰਦਰਸ਼ਨ ਕਰਨਗੇ ਕਿਉਂਕਿ ਖੇਤੀ ਕਾਨੂੰਨ ਪੰਜਾਬ ਨੂੰ ਤਬਾਹ ਕਰ ਦੇੇਣ ਵਾਲੇ ਹਨ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਂ ਕਿਸਾਨੀ ਦੇ ਪੱਖ ਵਿਚ ਫੋਕਾ ਹਾਅ ਦਾ ਨਾਅਰਾ ਵੀ ਨਹੀਂ ਮਾਰਿਆ ਜਦੋਂ ਕਿ ਸਮੁੱਚੀ ਕਿਸਾਨੀ ਮੁੜ ਵਿਚਾਰ ਕਰਨ ਬਾਰੇ ਆਖ ਰਹੀ ਸੀ। ਜਾਖੜ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਅਸਲ ਵਿਚ ਪੰਜਾਬ ਦਾ ‘ਐਂਟਰੀ ਪਰਮਿਟ’ ਹੈ ਕਿਉਂਕਿ ਕਿਸਾਨਾਂ ਦੇ ਗੁੱਸੇ ਕਰ ਕੇ ਬਾਦਲ ਪੰਜਾਬ ਵਿਚ ਦਾਖ਼ਲ ਹੋਣ ਤੋਂ ਡਰਦੇ ਹਨ। ਦਬਾਅ ਮਗਰੋਂ ਹਰਸਿਮਰਤ ਨੇ ਅਸਤੀਫ਼ਾ ਦਿੱਤਾ ਹੈ। ਜਾਖੜ ਨੇ ਕਿਹਾ ਕਿ ਜਦ ਸੁਖਬੀਰ ਬਾਦਲ ਬੋਲੇ ਸਨ ਉਦੋਂ ਹੀ ਨਰਿੰਦਰ ਮੋਦੀ ਨੇ ਨੋਟਿਸ ਲੈ ਲਿਆ ਸੀ। ਮੋਦੀ ਨੇ ਬਾਦਲਾਂ ਨੂੰ ਸੁਨੇਹਾ ਦੇ ਦਿੱਤਾ ਸੀ ਕਿ ਉਹ ਅਸਤੀਫ਼ਾ ਦੇ ਦੇਣ, ਨਹੀਂ ਤਾਂ ਉਨ੍ਹਾਂ ਨੂੰ ਉਹ ਖ਼ੁਦ ਹੀ ਵਜ਼ਾਰਤ ’ਚੋਂ ਚੱਲਦਾ ਕਰ ਦੇਣਗੇ।
ਸੁਨੀਲ ਜਾਖੜ ਨੇ ਕਿਹਾ ਕਿ ਨਰਿੰਦਰ ਮੋਦੀ ਨੇ ਇਸ ਸਾਰੇ ਮਾਮਲੇ ’ਚ ਸ਼ਿਸ਼ਟਾਚਾਰ ਵੀ ਨਹੀਂ ਦਿਖਾਇਆ ਕਿਉਂਕਿ ਪ੍ਰਧਾਨ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਫੋਨ ਤੱਕ ਨਹੀਂ ਕੀਤਾ। ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਹੰਕਾਰ ਸਿਰ ਚੜ੍ਹ ਕੇ ਬੋਲ ਰਿਹਾ ਹੈ ਤੇ ਖੇਤੀ ਕਾਨੂੰਨ ਵੀ ਇਸੇ ਦਾ ਨਮੂਨਾ ਹੈ। ਦੱਸਣਯੋਗ ਹੈ ਕਿ ਕਾਂਗਰਸ ਪਾਰਟੀ ਉਦੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਦੇ ਰਾਹ ਪਈ ਹੈ ਜਦੋਂ ਇਹ ਬਿੱਲ ਸੰਸਦ ’ਚੋਂ ਪਾਸ ਹੋ ਚੁੱਕੇ ਹਨ। ਇਸੇ ਤਰ੍ਹਾਂ ਹੀ ਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਰੰਗ ਦਿਖਾਇਆ ਹੈ। ਯੂਥ ਕਾਂਗਰਸ (ਪੰਜਾਬ) ਵੀ ਦਿੱਲੀ ਵੱਲ 20 ਸਤੰਬਰ ਨੂੰ ਟਰੈਕਟਰ ਮਾਰਚ ਕਰ ਰਹੀ ਹੈ।