ਸਪੀਕਰ ਵੱਲੋਂ ਖਹਿਰਾ ਨੂੰ ਅਸਤੀਫ਼ੇ ਬਾਰੇ ਨੋਟਿਸ ਜਾਰੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਏਕਤਾ ਪਾਰਟੀ ਦੇ ਐਡਹਾਕ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੂੰ ਅਸਤੀਫ਼ੇ ਸਬੰਧੀ ਨੋਟਿਸ ਜਾਰੀ ਕਰ ਕੇ 20 ਦਿਨਾਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਹੈ। ਸੂਤਰਾਂ ਅਨੁਸਾਰ ਇਹ ਨੋਟਿਸ 11 ਮਾਰਚ ਨੂੰ ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਸ੍ਰੀ ਖਹਿਰਾ ਨੇ 6 ਜਨਵਰੀ ਨੂੰ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਸਪੀਕਰ ਨੂੰ ਪੱਤਰ ਦੇ ਕੇ ਕਿਹਾ ਸੀ ਕਿ ਸ੍ਰੀ ਖਹਿਰਾ ‘ਆਪ’ ਦੀ ਟਿਕਟ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਹਨ ਪਰ ਹੁਣ ਉਨ੍ਹਾਂ ਨੇ ਪਾਰਟੀ ਤੋਂ ਅਸਤੀਫਾ ਦੇ ਕੇ ਆਪਣੀ ਨਵੀਂ ਪਾਰਟੀ ਬਣਾ ਲਈ ਹੈ, ਜਿਸ ਕਾਰਨ ਹੁਣ ਉਨ੍ਹਾਂ ਨੂੰ ਨੈਤਿਕ ਤੌਰ ’ਤੇ ਵਿਧਾਇਕ ਦੇ ਅਹੁਦੇ ਉੱਤੇ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਮੰਗ ਕੀਤੀ ਸੀ ਕਿ ਸ੍ਰੀ ਖਹਿਰਾ ਦੀ ਵਿਧਾਨ ਸਭਾ ਮੈਂਬਰੀ ਖ਼ਤਮ ਕੀਤੀ ਜਾਵੇ। ਇਸ ਸਬੰਧ ਵਿੱਚ ਸਪੀਕਰ ਵੱਲੋਂ ਪਹਿਲਾਂ ਵੀ ਸ੍ਰੀ ਖਹਿਰਾ ਨੂੰ ਨੋਟਿਸ ਜਾਰੀ ਕੀਤੇ ਗਏ ਸਨ ਪਰ ਉਨ੍ਹਾਂ ਨੇ ਲਏ ਨਹੀਂ ਸਨ, ਜਿਸ ਕਾਰਨ ਸਪੀਕਰ ਨੇ ਜਨਤਕ ਨੋਟਿਸ ਦੇਣ ਦਾ ਐਲਾਨ ਕੀਤਾ ਸੀ। ਉਪਰੰਤ ਬੀਤੇ ਦਿਨੀਂ ਸ੍ਰੀ ਖਹਿਰਾ ਖੁ਼ਦ ਵਿਧਾਨ ਸਭਾ ਪਹੁੰਚੇ ਸਨ ਅਤੇ ਹੁਣ ਉਨ੍ਹਾਂ ਨੂੰ ਮੁੜ ਤੋਂ ਨੋਟਿਸ ਜਾਰੀ ਕੀਤਾ ਗਿਆ ਹੈ।

Previous articleWant some things first before bench for 2G cases: SC
Next articleਕਿਸਾਨਾਂ ਵੱਲੋਂ ਐਚਡੀਐਫਸੀ ਅਤੇ ਸਹਿਕਾਰੀ ਵਿਕਾਸ ਬੈਂਕ ਦਾ ਘਿਰਾਓ