ਚੰਡੀਗੜ੍ਹ ਨਗਰ ਨਿਗਮ ਦੇ ਸਫ਼ਾਈ ਮੁਲਾਜ਼ਮਾਂ ਨੇ ਯੂਨੀਅਨ ਪ੍ਰਧਾਨ ਕ੍ਰਿਸ਼ਨ ਕੁਮਾਰ ਚੱਢਾ ਨੂੰ ਬਰਖਾਸਤ ਕੀਤੇ ਜਾਣ ਵਿਰੁੱਧ ਅੱਜ ਇਥੇ ਸੈਕਟਰ-17 ਸਥਿਤ ਨਿਗਮ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਯੂਨੀਅਨ ਮੈਂਬਰਾਂ ਨੇ ਨਗਰ ਨਿਗਮ ਨੂੰ ਕ੍ਰਿਸ਼ਨ ਕੁਮਾਰ ਚੱਢਾ ਦੇ ਬਹਾਲੀ ਲਈ ਮੰਗ ਪੱਤਰ ਵੀ ਦਿੱਤਾ। ਦੁਪਹਿਰ ਦੋ ਵਜੇ ਤੱਕ ਚਲੇ ਇਸ ਰੋਸ ਪ੍ਰਦਰਸ਼ਨ ਦੇ ਸਮਰਥਨ ਵਿੱਚ ਹੋਰ ਟਰੇਡ ਯੂਨੀਅਨਾਂ ਸਮੇਤ ਗਾਰਬੇਜ ਕੁਲੈਕਟਰਜ਼ ਯੂਨੀਅਨ ਨੇ ਵੀ ਹਿੱਸਾ ਲਿਆ। ਦੱਸਣਯੋਗ ਹੈ ਕਿ ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਚੱਢਾ ’ਤੇ ਲੰਘੇ ਦਿਨ ਮੇਅਰ ਦੀ ਮੀਟਿੰਗ ਵਿੱਚ ਜ਼ਬਰਦਸਤੀ ਪਹੁੰਚ ਕੇ ਬਦਸਲੂਕੀ ਕਰਨ ਦਾ ਦੋਸ਼ ਹੈ। ਮੇਅਰ ਰਾਜੇਸ਼ ਕਾਲੀਆ ਨੇ ਨਿਗਮ ਕਮਿਸ਼ਨਰ ਨੂੰ ਕਿਹਾ ਸੀ ਕਿ ਕ੍ਰਿਸ਼ਨ ਕੁਮਾਰ ਚੱਢਾ ਨੂੰ ਬਰਖਾਸਤ ਕਰ ਦਿੱਤਾ ਜਾਵੇ। ਮੇਅਰ ਦੀ ਸਿਫਾਰਿਸ਼ ’ਤੇ ਕਮਿਸ਼ਨਰ ਕਮਲ ਕਿਸ਼ੋਰ ਯਾਦਵ ਨੇ ਲੰਘੀ 18 ਜੂਨ ਨੂੰ ਚੱਢਾ ਨੂੰ ਬਰਖਾਸਤ ਕਰ ਦਿੱਤਾ ਸੀ। ਇਸ ਨੂੰ ਲੈ ਕੇ ਸਫਾਈ ਕਰਮਚਾਰੀ ਯੂਨੀਅਨ ਦੇ ਮੈਂਬਰਾਂ ਨੇ ਨਗਰ ਨਿਗਮ ਪ੍ਰਸ਼ਾਸਨ ਨੂੰ ਚੱਢਾ ਦੀ ਬਹਾਲੀ ਲਈ 24 ਘੰਟੇ ਦਾ ਸਮਾਂ ਦਿੱਤਾ ਸੀ ਅਤੇ ਮੰਗ ਨਾ ਮੰਨੇ ਜਾਣ ’ਤੇ ਸ਼ਹਿਰ ਵਿੱਚ ਸਫਾਈ ਵਿਵਸਥਾ ਠੱਪ ਕਰਨ ਦੀ ਧਮਕੀ ਦਿੱਤੀ ਸੀ। ਅੱਜ ਹੋਏ ਰੋਸ ਪ੍ਰਦਰਸ਼ਨ ਦੌਰਾਨ ਯੂਨੀਅਨ ਨੇ ਫ਼ੈਸਲਾ ਲਿਆ ਕਿ 24 ਜੂਨ ਨੂੰ ਚੰਡੀਗੜ੍ਹ ਦੀਆਂ ਸਮੂਹ ਕਰਮਚਾਰੀ ਯੂਨੀਅਨਾਂ, ਫੈਡਰੇਸ਼ਨਾਂ ਅਤੇ ਪੰਜਾਬ ਦੀਆਂ ਸਫਾਈ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ 27 ਜੂਨ ਨੂੰ ਮੇਅਰ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਰੋਸ ਪ੍ਰਦਰਸ਼ਨ ਦੌਰਾਨ ਧਰਨਾ ਦੇ ਰਹੇ ਸਫਾਈ ਕਾਮਿਆਂ ਨੇ ਮੇਅਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸੇ ਦੌਰਾਨ ਵਫਦ ਨਿਗਮ ਕਮਿਸ਼ਨਰ ਕਮਲ ਕਿਸ਼ੋਰ ਯਾਦਵ ਨੂੰ ਮਿਲਿਆ ਅਤੇ ਪ੍ਰਧਾਨ ਨੂੰ ਬਰਖਾਸਤ ਕਰਨ ਦੀ ਕਾਰਵਾਈ ਨੂੰ ਇੱਕ ਤਰਫਾ ਕਰਾਰ ਦਿੱਤਾ।
INDIA ਸਫ਼ਾਈ ਕਾਮਿਆਂ ਵੱਲੋਂ ਨਿਗਮ ਦਫ਼ਤਰ ਅੱਗੇ ਪ੍ਰਦਰਸ਼ਨ