ਬਠਿੰਡਾ (ਸਮਾਜ ਵੀਕਲੀ) : ਪੰਜਾਬ ਵਿਚ ਚੱਲ ਰਹੇ ਕਿਸਾਨੀ ਘੋਲ ਨੂੰ ਦੇਖਦਿਆਂ ਭਾਜਪਾ ਸਰਕਾਰ ਦੇ ਮੰਤਰੀ ਵਿਰੋਧ ਦੇ ਡਰ ਕਾਰਨ ਸੂਬੇ ’ਚ ਹੋਣ ਵਾਲੇ ਪ੍ਰੋਗਰਾਮਾਂ ਤੋਂ ਦੂਰੀ ਬਣਾ ਕੇ ਚਲ ਰਹੇ ਹਨ। ਕੇਂਦਰੀ ਸਿੱਖਿਆ ਮੰਤਰੀ ਰਾਮੇਸ਼ ਪੋਖਰਿਆਲ ‘ਨਿਸ਼ੰਕ’ ਨੇ ਪੰਜਾਬ ਦੀ ਪਹਿਲੀ ਕੇਂਦਰੀ ਯੂਨੀਵਰਸਿਟੀ ਬਠਿੰਡਾ ਦਾ ਉਦਘਾਟਨ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਕੀਤਾ।
ਉਧਰ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਵੀਡੀਓ ਕਾਨਫਰੰਸ ਰਾਹੀਂ ਆਪਣੀ ਹਾਜ਼ਰੀ ਲਗਾਈ। ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਅੱਜ ਖੇਤੀ ਕਾਨੂੰਨਾਂ ਨੂੰ ਕਿਸਾਨ ਪੱਖੀ ਦਿਖਾ ਕੇ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਪਲੋਸਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਬਠਿੰਡਾ ’ਚ ਰੱਖੇ ਗਏ ਆਨਲਾਈਨ ਸਮਾਗਮ ਦੌਰਾਨ ਸੂਬੇ ਦੇ ਵੱਖ-ਵੱਖ ਥਾਵਾਂ ਤੋਂ ਆਏ ਆੜ੍ਹਤੀਆਂ ਦੇ ਵਿਚਾਰ ਵੀ ਜਾਣੇ।
ਉਨ੍ਹਾਂ ਮੋਦੀ ਸਰਕਾਰ ਦਾ ਗੁਣਗਾਨ ਕਰਦਿਆਂ ਕਿਹਾ ਕਿ ਕਾਂਗਰਸ ਨੇ ਦੇਸ਼ ਅੰਦਰ ਕਿਸਾਨਾਂ ਨੂੰ ਹਨੇਰੇ ਵਿਚ ਰੱਖ ਕੇ ਰਾਜ ਕੀਤਾ ਜਦੋਂ ਕਿ ਮੋਦੀ ਸਰਕਾਰ ਨੇ ਸੱਤਾ ਵਿਚ ਆਉਂਦੇ ਹੀ ਫ਼ਸਲਾਂ ਦੇ ਭਾਅ ਵਿਚ ਵਾਧਾ ਕਰਨ ਦੇ ਨਾਲ ਹੀ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਰਾਹੀਂ 90 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਖਾਤਿਆਂ ਵਿਚ ਪਾ ਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ। ਸਮ੍ਰਿਤੀ ਇਰਾਨੀ ਨੇ ਕਿਹਾ ਕਿ ਕਿਸਾਨ ਆਪਣੀ ਫ਼ਸਲ ਸਮਰਥਨ ਮੁੱਲ ’ਤੇ ਵੇਚ ਰਹੇ ਹਨ। ਇਸ ਮੌਕੇ ਤੁਰਣ ਚੁੱਘ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ’ਤੇ ਹੋਏ ਹਮਲੇ ਦੀ ਨਿਖੇਧੀ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਵਿਨੋਦ ਬਿੰਟਾ, ਦਿਆਲ ਦਾਸ ਸੋਢੀ ਆਦਿ ਆਗੂ ਹਾਜ਼ਰ ਸਨ।