ਮਾਨਸਾ- ਕਰੋਨਾਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ/ਮੈਰੀਟੋਰੀਅਸ/ਆਦਰਸ਼/ਏਡਿਡ/ਪ੍ਰਾਈਵੇਟ ਸਕੂਲਾਂ ਨੂੰ ਮੁਕੰਮਲ ਬੰਦ ਦੇ ਹੁਕਮਾਂ ਤੋਂ ਬਾਅਦ ਸਿੱਖਿਆ ਵਿਭਾਗ ਇਸ ਮਾਮਲੇ ਵਿੱਚ ਲਾਪ੍ਰਵਾਹੀ ਵਰਤਣ ਵਾਲੇ ਸਕੂਲਾਂ ਖ਼ਿਲਾਫ਼ ਕਾਰਵਾਈ ਕਰਨ ਲੱਗਿਆ ਹੈ। ਅੱਜ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਜ਼ਿਲ੍ਹੇ ਦੇ ਸਮੂਹ ਸਿੱਖਿਆ ਅਧਿਕਾਰੀਆਂ ਨੂੰ ਸਕੂਲ ਮੁਕੰਮਲ ਬੰਦ ਕਰਨ ਦੇ ਮਾਮਲੇ ਵਿੱਚ ਦਿਖਾਈ ਸਖਤੀ ਤੋਂ ਬਾਅਦ ਮਾਨਸਾ ਦੇ ਸਿੱਖਿਆ ਵਿਭਾਗ ਵੱਲੋਂ ਡੀਏਵੀ ਸਕੂਲ ਖੈਰਾ ਖੁਰਦ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ। ਸਿੱਖਿਆ ਅਧਿਕਾਰੀਆਂ ਵੱਲੋਂ ਵਾਰ-ਵਾਰ ਕਹਿਣ ’ਤੇ ਵੀ ਸਕੂਲ ਪ੍ਰਬੰਧਕਾਂ ਨੇ ਕੋਈ ਗੰਭੀਰਤਾ ਨਾ ਦਿਖਾਈ। ਮਾਨਸਾ ਦੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਜਗਰੂਪ ਭਾਰਤੀ ਵੱਲੋਂ ਜਾਰੀ ਪੱਤਰ ਨੰ:ਸਸਅ/ਆਰ.ਟੀ.ਈ/2019-20/202097717-23 ਮਿਤੀ 20.03.2020 ਰਾਹੀਂ ਡੀਏਵੀ ਸਕੂਲ ਖੈਰਾ ਖੁਰਦ ਦੀ ਮਾਨਤਾ ਰੱਦ ਕਰ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਕੱਲ੍ਹ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ 31 ਮਾਰਚ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਸਨ, ਪਰ ਇਸ ਦੇ ਬਾਵਜੂਦ ਇਸ ਸਕੂਲ ਦੇ ਪ੍ਰਬੰਧਕਾਂ ਵੱਲੋਂ ਅਧਿਆਪਕਾਂ ਅਤੇ ਬੱਚਿਆਂ ਨੂੰ ਸਕੂਲ ਬੁਲਾਇਆ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜਵੰਤ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਲਾਭ ਸਿੰਘ ਨੇ ਕਿਹਾ ਕਿ ਅਣਗਹਿਲੀ ਵਰਤਣ ਵਾਲੇ ਸਕੂਲ ਪ੍ਰਬੰਧਕਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
INDIA ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਦੀ ਮਾਨਤਾ ਰੱਦ