ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਕਾਂਗਰਸ ਸਰਕਾਰ ਮਹਿੰਗਾਈ ਭੱਤੇ (ਡੀਏ) ਦੀਆਂ ਕਿਸ਼ਤਾਂ ਅਤੇ 4000 ਕਰੋੜ ਰੁਪਏ ਦੇ ਬਕਾਏ ਤੁਰੰਤ ਜਾਰੀ ਕਰੇ। ਇਸ ਤੋਂ ਇਲਾਵਾ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਪਾਸ ਕੀਤੇ ਐਕਟ ਮੁਤਾਬਿਕ ਠੇਕੇ ਉੱਤੇ ਰੱਖੇ ਸਾਰੇ ਕਰਮਚਾਰੀਆਂ ਦੀਆਂ ਸੇਵਾਵਾਂ ਪੱਕੀਆਂ ਕਰੇ। ਪਾਰਟੀ ਨੇ ਇਹ ਵੀ ਮੰਗ ਕੀਤੀ ਹੈ ਕਿ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਛੇਤੀ ਦਾਖ਼ਲ ਕੀਤਾ ਜਾਵੇ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਇਸ ਤੋਂ ਪਹਿਲਾਂ ਕਦੇ ਵੀ ਸਰਕਾਰੀ ਕਰਮਚਾਰੀਆਂ ਨੂੰ ਉਨ੍ਹਾਂ ਦੇ ਬਣਦੇ ਹੱਕਾਂ ਤੋਂ ਵਾਂਝਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਸਾਲ ਕਰਮਚਾਰੀਆਂ ਨੂੰ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਕਰਮਚਾਰੀਆਂ ਦੀ ਮੁੱਢਲੀ ਤਨਖਾਹ ਦਾ ਇਹ ਡੀਏ 22 ਫੀਸਦੀ ਬਣਦਾ ਹੈ, ਜੋ ਕਿ ਬਕਾਇਆ ਖੜ੍ਹਾ ਹੈ। ਇਸ ਤੋਂ ਇਲਾਵਾ ਪਿਛਲੇ ਡੇਢ ਸਾਲ ਤੋਂ 4000 ਕਰੋੜ ਰੁਪਏ ਦੇ ਬਕਾਏ ਸਰਕਾਰ ਵੱਲ ਖੜ੍ਹੇ ਹਨ। ਸ੍ਰੀ ਢੀਂਡਸਾ ਨੇ ਕਿਹਾ ਕਿ 27 ਹਜ਼ਾਰ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਵੀ ਕੀਤੀ, ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਵਾਸਤੇ ਪਿਛਲੀ ਸਰਕਾਰ ਨੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਪੰਜਾਬ ਐਡਹਾਕ, ਕਾਨਟਰੈਕਚੂਅਲ, ਡੇਲੀ ਵੇਜ਼, ਟੈਂਪਰੇਰੀ, ਵਰਕ ਚਾਰਜਡ ਐਂਡ ਆਊਟ ਸੋਰਸਡ ਐਂਪਲਾਈਜ਼ ਵੈਲਫੇਅਰ ਬਿਲ 2016 ਪਾਸ ਕੀਤਾ ਸੀ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ 10 ਸਾਲਾਂ ਦੌਰਾਨ ਅਧਿਆਪਕਾਂ ਦੀਆਂ ਤਨਖਾਹਾਂ 10 ਹਜ਼ਾਰ ਪ੍ਰਤੀ ਮਹੀਨਾ ਤੋਂ ਵਧਾ ਕੇ 42 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀ ਮੁੱਢਲੀ ਤਨਖਾਹ ਵਿਚ ਸੋਧ ਕਰਕੇ ਉਨ੍ਹਾਂ ਨੂੰ ਅੰਤਰਿਮ ਰਾਹਤ ਦੇਣੀ ਚਾਹੀਦੀ ਹੈ। ਸਾਬਕਾ ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਦੀ ਵਿੱਤੀ ਪ੍ਰਬੰਧ ਗ਼ਲਤ ਢੰਗ ਨਾਲ ਚਲਾ ਰਹੀ ਹੈ।
INDIA ਸਰਕਾਰ ਦੀਆਂ ਗ਼ਲਤ ਨੀਤੀਆਂ ਨੇ ਡੋਬਿਆ ਸੂਬਾ: ਢੀਂਡਸਾ