ਮਾਨਸਾ (ਸਮਾਜ ਵੀਕਲੀ) : ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਬਿਹਤਰ ਤੋਂ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਦੂਰ ਕਰਨ ਲਈ ਸੰਭਵ ਉਪਰਾਲੇ ਕਰ ਰਹੀ ਹੈ। ਉਹ ਅੱਜ ਇੱਥੇ ਸਿਵਲ ਹਸਪਤਾਲ ਮਾਨਸਾ, ਬੁਢਲਾਡਾ ਅਤੇ ਭੀਖੀ ਵਿੱਚ ਸਿਹਤ ਸੇਵਾਵਾਂ ਦਾ ਅਚਨਚੇਤ ਜਾਇਜ਼ਾ ਲੈਣ ਲਈ ਆਏ ਹੋਏ ਸਨ।
ਸਿਹਤ ਮੰਤਰੀ ਨੇ ਦੌਰੇ ਦੌਰਾਨ ਸਿਹਤ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ’ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਕਿ ਭਵਿੱਖ ਅੰਦਰ ਹੋਰ ਚੰਗੀਆਂ ਸਿਹਤ ਸੁਵਿਧਾਵਾਂ ਦੇਣ ਲਈ ਸਟਾਫ ਅਤੇ, ਲੋੜੀਂਦੀਆਂ ਦਵਾਈਆਂ ਆਦਿ ਦੀ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਹਸਪਤਾਲਾਂ ਦੇ ਵੱਖ-ਵੱਖ ਵਾਰਡਾਂ ਸਣੇ ਐਮਰਜੈਂਸੀ ਵਾਰਡ ਦਾ ਦੌਰਾ ਕਰ ਕੇ ਇੱਥੇ ਉਪਲੱਬਧ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਮਰੀਜ਼ਾਂ ਦਾ ਹਾਲ-ਚਾਲ ਵੀ ਪੁੱਛਿਆ।
ਸਿਹਤ ਮੰਤਰੀ ਨੇ ਕਿਹਾ ਕਿ ਬੁਢਲਾਡਾ ਵਿੱਚ ਬਣ ਰਹੇ ਜ਼ੱਚਾ-ਬੱਚਾ ਹਸਪਤਾਲ ਦਾ 90 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਿਆ ਹੈ, ਜਿਸ ਨੂੰ ਜਲਦੀ ਪੂਰਾ ਹੋਣ ਤੋਂ ਬਾਅਦ ਲੋਕਾਂ ਦੇ ਸਪੁਰਦ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨਸਾ ਦੇ ਸਿਵਲ ਹਸਪਤਾਲ ਨੂੰ ਡਾਕਟਰੀ ਸਟਾਫ ਸਣੇ ਲੋੜੀਂਦੀਆਂ ਆਧੁਨਿਕ ਮਸ਼ੀਨਾਂ ਉਪਲੱਬਧ ਕਰਵਾਈਆਂ ਜਾਣਗੀਆਂ। ਉਨ੍ਹਾਂ ਹਸਪਤਾਲ ਪ੍ਰਬੰਧਕਾਂ ਨੂੰ ਸਫ਼ਾਈ ਰੱਖਣ ਦੇ ਆਦੇਸ਼ ਜਾਰੀ ਕੀਤੇ।
ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਤੋਂ ਸੂਬੇ ਦੇ ਲੋਕ ਪੂਰੀ ਤਰ੍ਹਾਂ ਖ਼ੁਸ਼ ਹਨ ਅਤੇ ਮਰੀਜ਼ਾਂ ਦੇ ਇਲਾਜ ਵਿੱਚ ਇਹ ਕਲੀਨਿਕ ਲਾਭਦਾਇਕ ਸਿੱਧ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 10 ਦਿਨਾਂ ਦੇ ਅੰਦਰ ਕਰੀਬ 52 ਹਜ਼ਾਰ ਦੀ ਓਪੀਡੀ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਦਰਜ ਕੀਤੀ ਗਈ ਹੈ। ਇਨ੍ਹਾਂ ਵਿੱਚ 5200 ਦੇ ਕਰੀਬ ਟੈਸਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਸੰਜੀਦਗੀ ਨਾਲ ਕੰਮ ਕਰ ਰਹੀ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਹਸਪਤਾਲਾਂ ਅੰਦਰ ਮਿਲ ਰਹੀਆਂ ਸਿਹਤ ਸੁਵਿਧਾਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ। ਹੁਣ ਉਹ ਖ਼ੁਦ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਹਰ ਜ਼ਿਲ੍ਹੇ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡਾਕਟਰਾਂ ਜਾਂ ਸਿਹਤ ਸਟਾਫ ਦੀ ਕਿਸੇ ਵੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।