ਚੰਡੀਗੜ੍ਹ (ਸਮਾਜਵੀਕਲੀ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਪੰਜਾਬ ਸਰਕਾਰ ਨਿੱਜੀ ਹਸਪਤਾਲਾਂ ਵਿੱਚ ਕੋਵਿਡ-19 ਦੇ ਇਲਾਜ ਲਈ ਕੀਮਤਾਂ ਨਿਰਧਾਰਿਤ ਕਰੇਗੀ ਅਤੇ ਇਸ ਦੀ ਪਾਲਣਾ ਨਾ ਕਰਨ ਵਾਲੇ ਹਸਪਤਾਲ ਬੰਦ ਕਰ ਦਿੱਤੇ ਜਾਣਗੇ। ਫੇਸਬੁੱਕ ’ਤੇ ਲਾਈਵ ਪ੍ਰੋਗਰਾਮ ‘ਕੈਪਟਨ ਨੂੰ ਸਵਾਲ’ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਅਤੇ ਕਲੀਨਿਕਾਂ ਲਈ ਫੀਸ ਢਾਂਚੇ ਨੂੰ ਸੋਮਵਾਰ ਤੱਕ ਅੰਤਿਮ ਰੂਪ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਸੂਬੇ ਵਿੱਚ ਕੋਵਿਡ ਦੇ ਕੇਸ ਵਧਣ ’ਤੇ ਚਿੰਤਾ ਜ਼ਾਹਿਰ ਕੀਤੀ ਤੇ ਕਿਹਾ ਕਿ ਇਸ ਦਾ ਕਾਰਨ ਵੱਡੀ ਗਿਣਤੀ ਵਿੱਚ ਲੋਕ ਦੂਜੀਆਂ ਥਾਵਾਂ ਤੋਂ ਆ ਰਹੇ ਹਨ। ਕੈਪਟਨ ਨੇ ਕਿਹਾ ਕਿ ਸੂਬਾਈ ਸਰਹੱਦ ਪਾਰ ਕਰ ਕੇ ਆਉਣ ਵਾਲਿਆਂ ਲਈ ਕੋਵਿਡ ਟੈਸਟ ਦਾ ਸਰਟੀਫਿਕੇਟ ਲਾਜ਼ਮੀ ਕਰਨ ਸਬੰਧੀ ਸੂਬੇ ਨੂੰ ਇਜਾਜ਼ਤ ਦੇਣ ਲਈ ਉਨ੍ਹਾਂ ਕੇਂਦਰ ਸਰਕਾਰ ਪਾਸੋਂ ਪ੍ਰਵਾਨਗੀ ਮੰਗੀ ਹੈ।
ਉਨ੍ਹਾਂ ਕਿਹਾ ਕਿ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਕੋਲ 551 ਵੈਂਟੀਲੇਟਰ ਪਹਿਲਾਂ ਹੀ ਮੌਜੂਦ ਹਨ ਅਤੇ 93 ਹੋਰ ਵੈਂਟੀਲੇਟਰਾਂ ਲਈ ਆਰਡਰ ਦਿੱਤਾ ਜਾ ਚੁੱਕਿਆ ਹੈ। ਕੁਝ ਸਨਅਤਕਾਰਾਂ ਵੱਲੋਂ ਆਪਣੇ ਖਰਚੇ ’ਤੇ ਕਿਰਤੀਆਂ ਨੂੰ ਵਾਪਸ ਲਿਆਉਣ ਦੀ ਜਤਾਈ ਇੱਛਾ ਸਬੰਧੀ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਕਰਨ ਲਈ ਉਨ੍ਹਾਂ ਦਾ ਸਵਾਗਤ ਹੈ ਪਰ 14 ਦਿਨਾਂ ਦੇ ਘਰੇਲੂ ਇਕਾਂਤਵਾਸ ਨੂੰ ਯਕੀਨੀ ਬਣਾਏ ਜਾਣ ਦੀ ਜ਼ਰੂਰਤ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲੀਸ ਮੁਖੀ ਨੂੰ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਸਬੰਧੀ ਨਿਰਦੇਸ਼ ਦੇਣਗੇ। ਯੂਪੀ ਵਿੱਚ ਸਿੱਖਾਂ ਦੇ ਉਜਾੜੇ ਦੇ ਮੁੱਦੇ ’ਤੇ ਕੈਪਟਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨਾਲ ਗੱਲ ਕੀਤੀ ਗਈ ਹੈ ਅਤੇ ਉਮੀਦ ਹੈ ਕਿ ਉਹ ਇਸ ਕਾਰਵਾਈ ਨੂੰ ਰੋਕਣਗੇ। ਉਨ੍ਹਾਂ ਕਿਹਾ ਕਿ ਨਸ਼ਾ ਮਾਫੀਆ ਦਾ ਲੱਕ ਤੋੜਨ ਲਈ ਸਰਕਾਰ ਵਚਨਬੱਧ ਹੈ।