ਚੰਡੀਗੜ੍ਹ (ਸਮਾਜ ਵੀਕਲੀ): ਵਿਜੀਲੈਂਸ ਨੇ ਅੱਜ ਦੇਰ ਸ਼ਾਮ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਭ੍ਰਿਸ਼ਟਾਚਾਰ ਦੇ ਕਥਿਤ ਦੋਸ਼ਾਂ ਤਹਿਤ ਗ੍ਰਿਫ਼ਤਾਰ ਕਰ ਲਿਆ ਹੈ। ਉਹ ਇਕ ਦਰਜਨ ਦੇ ਕਰੀਬ ਫੌਜਦਾਰੀ ਕੇਸਾਂ ਦਾ ਸਾਹਮਣਾ ਕਰ ਰਹੇ ਹਨ ਤੇ ਉਨ੍ਹਾਂ ਖ਼ਿਲਾਫ਼ ਪੰਜਾਬ ਪੁਲੀਸ ਦੀ ਭਰਤੀ ਦੌਰਾਨ ਕਥਿਤ ਘਪਲੇ ਕਰਨ ਦਾ ਮਾਮਲਾ ਵੀ ਦਰਜ ਹੈ ਜਿਸ ਤਹਿਤ ਉਹ ਗ੍ਰਿਫ਼ਤਾਰ ਕੀਤੇ ਗਏ ਹਨ। ਕੁਝ ਦਿਨ ਪਹਿਲਾਂ ਵਿਜੀਲੈਂਸ ਵਿਭਾਗ ਨੇ ਸਾਬਕਾ ਡੀਜੀਪੀ ਸੈਣੀ ਖ਼ਿਲਾਫ਼ ਸਰੋਤਾਂ ਤੋਂ ਵੱਧ ਜਾਇਦਾਦ ਇਕੱਤਰ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ ਅਤੇ ਇਸ ਮਾਮਲੇ ਵਿੱਚ ਹਾਈ ਕੋਰਟ ਨੇ ਡੀਜੀਪੀ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾ ਦਿੱਤੀ ਸੀ।
ਸੂਤਰਾਂ ਅਨੁਸਾਰ ਵਿਜੀਲੈਂਸ ਨੇ ਇਸ ਕੇਸ ਵਿਚ ਦੋਸ਼ਾਂ ਦਾ ਵਾਧਾ ਕਰ ਦਿੱਤਾ ਸੀ ਜਿਸ ਕਰਕੇ ਸੁਮੇਧ ਸੈਣੀ ਨੇ ਆਪਣੀ ਜ਼ਮਾਨਤ ਅਰਜ਼ੀ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚੋਂ ਵਾਪਸ ਲੈ ਲਈ ਸੀ ਅਤੇ ਵਿਜੀਲੈਂਸ ਨੇ ਉਨ੍ਹਾਂ ਨੂੰ ਵਕੀਲਾਂ ਦੀ ਹਾਜ਼ਰੀ ਵਿੱਚ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਨੂੰ ਕੱਲ੍ਹ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਮੈਡੀਕਲ ਜਾਂਚ ਮਗਰੋਂ ਸੈਣੀ ਨੂੰ ਵਿਜੀਲੈਂਸ ਦੇ ਹੈੱਡਕੁਆਰਟਰ ਲਿਆਂਦਾ ਗਿਆ ਹੈ। ਵਿਜੀਲੈਂਸ ਵਿਭਾਗ ਦੇ ਅਧਿਕਾਰੀ ਉਸ ਤੋਂ ਪੁਲੀਸ ਭਰਤੀ ਘੁਟਾਲੇ ਬਾਰੇ ਪੁੱਛਗਿੱਛ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਜਿਸ ਮਾਮਲੇ ਵਿੱਚ ਸੈਣੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਉਸ ਮਾਮਲੇ ਵਿਚ ਉਸ ਦੀ ਗ੍ਰਿਫ਼ਤਾਰੀ ਉੱਪਰ ਕੋਈ ਰੋਕ ਨਹੀਂ ਸੀ ਅਤੇ ਇਹ ਮਾਮਲਾ ਗ੍ਰਿਫ਼ਤਾਰੀ ਤੋਂ ਕੁਝ ਘੰਟੇ ਪਹਿਲਾਂ ਹੀ ਦਰਜ ਕੀਤਾ ਗਿਆ ਸੀੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly