ਸੰਨ 1984 ਵਿੱਚ ਹੋਏ ਸਿੱਖ ਕਤਲੇਆਮ ਦੌਰਾਨ ਪੂਰਬੀ ਦਿੱਲੀ ਦੇ ਤ੍ਰਿਲੋਕਪੁਰੀ ਵਿੱਚ ਮਾਰੇ ਗਏ 95 ਸਿੱਖਾਂ ਦੇ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਵੱਲੋਂ ਦੋਸ਼ੀ ਕਰਾਰ ਦਿੱਤੇ ਗਏ 15 ਵਿਅਕਤੀਆਂ ਨੂੰ ਸੁਪਰੀਮ ਕੋਰਟ ਨੇ ਬਰੀ ਕਰ ਦਿੱਤਾ ਹੈ।
ਸੁਪਰੀਮ ਕੋਰਟ ਦੇ ਚੀਫ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਇਨ੍ਹਾਂ ਲੋਕਾਂ ਖ਼ਿਲਾਫ਼ ਕਤਲੇਆਮ ਵਿੱਚ ਸ਼ਾਮਲ ਹੋਣ ਦਾ ਕੋਈ ਸਿੱਧਾ ਸਬੂਤ ਨਹੀਂ ਹੈ ਤੇ ਇਨ੍ਹਾਂ ਦੀ ਗਵਾਹਾਂ ਨੇ ਵੀ ਸ਼ਨਾਖ਼ਤ ਨਹੀਂ ਕੀਤੀ ਸੀ, ਇਸ ਲਈ ਇਨ੍ਹਾਂ ਨੂੰ ਬਰੀ ਕੀਤਾ ਜਾਵੇ।
ਦੱਸਣਯੋਗ ਹੈ ਕਿ ਦਿੱਲੀ ਹਾਈ ਕੋਰਟ ਨੇ ਪੂਰਬੀ ਦਿੱਲੀ ਵਿਚ ਹੋਏ ਕਤਲੇਆਮ ਸਬੰਧੀ ਦਾਇਰ ਕੇਸ ਦੀ ਸੁਣਵਾਈ 28 ਨਵੰਬਰ 2018 ਨੂੰ ਕੀਤੀ ਸੀ। ਹਾਈ ਕੋਰਟ ਨੇ 88 ਦੋਸ਼ੀਆਂ ਬਾਰੇ ਦੰਗਾ ਕਰਨ ਅਤੇ ਕਈ ਥਾਈਂ ਅੱਗ ਲਾਉਣ ਦੇ ਹੇਠਲੀ ਅਦਾਲਤ ਵੱਲੋਂ 1996 ਵਿੱਚ ਕੀਤੇ ਗਏ ਫ਼ੈਸਲੇ ਨੂੰ ਕਾਇਮ ਰੱਖਦਿਆਂ ਉਨ੍ਹਾਂ ਨੂੰ ਮਿਲੀ 5-5 ਸਾਲ ਦੀ ਕੈਦ ਬਰਕਰਾਰ ਰੱਖੀ ਸੀ। ਦੋਸ਼ੀਆਂ ਨੇ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਅੱਜ ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਫ਼ੈਸਲੇ ਨੂੰ ਉਲਟਾ ਦਿੱਤਾ।
ਤਤਕਾਲੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਦੇ ਕਤਲ ਮਗਰੋਂ ਦੇਸ਼ ਦੇ ਹੋਰ ਹਿੱਸਿਆਂ ਸਮੇਤ ਰਾਜਧਾਨੀ ਦਿੱਲੀ ਵਿਚ ਭੜਕੇ ਸਿੱਖ ਵਿਰੋਧੀ ਕਤਲੇਆਮ ਦੌਰਾਨ ਦਿੱਲੀ ਪੁਲੀਸ ਨੇ ਤ੍ਰਿਲੋਕਪੁਰੀ ਵਿਚ 95 ਸਿੱਖਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਸਨ। ਤ੍ਰਿਲੋਕਪੁਰੀ ਦੀਆਂ ਕੁਝ ਗਲੀਆਂ ਨੂੰ ਘੇਰ ਕੇ ਦੰਗਾਕਾਰੀਆਂ ਨੇ ਸਿੱਖਾਂ ਨੂੰ ਜਿਊਂਦੇ ਸਾੜਿਆ ਸੀ ਤੇ ਉਨ੍ਹਾਂ ਦੇ 100 ਤੋਂ ਵਧ ਘਰਾਂ ਨੂੰ ਅੱਗ ਲਾ ਦਿੱਤੀ ਸੀ। ਹੇਠਲੀ ਅਦਾਲਤ ਨੇ 1996 ਵਿੱਚ ਦੋਸ਼ੀਆਂ ਨੂੰ 5-5 ਸਾਲ ਦੀ ਸਜ਼ਾ ਸੁਣਾਈ ਸੀ ਪਰ ਕਿਸੇ ਵੀ ਦੋਸ਼ੀ ਨੂੰ ਕਤਲ ਦੀਆਂ ਧਾਰਾਵਾਂ ਹੇਠ ਸਜ਼ਾ ਨਹੀਂ ਦਿੱਤੀ ਸੀ। ਉਨ੍ਹਾਂ ਖ਼ਿਲਾਫ਼ ਕਰਫਿਊ ਦੀ ਉਲੰਘਣਾ ਕਰਨ ਅਤੇ ਹਿੰਸਾ ਕਰਨ ਦੇ ਦੋਸ਼ ਆਇਦ ਕੀਤੇ ਗਏ ਸਨ। ਇਸ ਇਲਾਕੇ ਵਿੱਚ ਵੀ ਸਿੱਖਾਂ ਦਾ ਬਹੁਤ ਨੁਕਸਾਨ ਹੋਇਆ ਸੀ।
HOME ਸਿੱਖ ਕਤਲੇਆਮ: ਸੁਪਰੀਮ ਕੋਰਟ ਵੱਲੋਂ 15 ਬਰੀ