ਦਿੱਲੀ ਹਾਈ ਕੋਰਟ ਦੇ ਜਸਟਿਸ ਐੱਸ ਐੱਨ ਢੀਂਗਰਾ ਦੀ ਅਗਵਾਈ ਹੇਠ ਕਾਇਮ ਵਿਸ਼ੇਸ਼ ਜਾਂਚ ਟੀਮ (ਸਿਟ) ਨੂੰ ਸਮੇਟਣ ਲਈ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਤੋਂ ਆਗਿਆ ਮੰਗੀ ਹੈ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਜਾਣਕਾਰੀ ਦਿੱਤੀ ਹੈ ਕਿ ਸਿਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਸਬੰਧ ਵਿੱਚ 186 ਕੇਸਾਂ ਦੀ ਜਾਂਚ ਮੁਕੰਮਲ ਕਰ ਲਈ ਹੈ।
ਜ਼ਿਕਰਯੋਗ ਹੈ ਕਿ ਵਿਸ਼ੇਸ਼ ਜਾਂਚ ਟੀਮ ਵਿੱਚ ਸੁਪਰੀਮ ਕੋਰਟ ਨੇ ਬੀਤੇ ਸਾਲ 11 ਜਨਵਰੀ ਨੂੰ ਸੇਵਾਮੁਕਤ ਆਈਪੀਐੱਸ ਅਧਿਕਾਰੀ ਰਾਜਦੀਪ ਸਿੰਘ ਅਤੇ 2006 ਬੈਚ ਦੇ ਅਧਿਕਾਰੀ ਅਭਿਸ਼ੇਕ ਦੁਲਾਰ ਨੂੰ ਸ਼ਾਮਲ ਕੀਤਾ ਸੀ, ਇਨ੍ਹਾਂ ਨੂੰ ਹੋਰ 186 ਕੇਸਾਂ ਦੀ ਜਾਂਚ ਦੀ ਜਿੰਮੇਵਾਰੀ ਸੌਂਪੀ ਗਈ ਸੀ। ਇਨ੍ਹਾਂ ਕੇਸਾਂ ਸਬੰਧੀ ਵਿਸ਼ੇਸ਼ ਜਾਂਚ ਟੀਮ ਨੇ ਆਪਣੀ ਰਿਪੋਰਟ ਸੌਂਪ ਦਿੱਤੀ ਹੈ। ਇਸ ਸਮੇਂ ਵਿਸ਼ੇਸ਼ ਜਾਂਚ ਟੀਮ ਦੇ ਦੋ ਹੀ ਮੈਂਬਰ ਹਨ ਕਿਉਂਕਿ ਸ੍ਰੀ ਸਿੰਘ ਨਿਜੀ ਕਾਰਨਾਂ ਕਰਕੇ ਸਿਟ ਦੇ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਚੁੱਕੇ ਹਨ। ਸ਼ੁੱਕਰਵਾਰ ਨੂੰ ਕੇਂਦਰ ਨੇ ਸੁਪਰੀਮ ਕੋਰਟ ਦੇ ਚੀਫ ਜਸਟਿਸ ਐੱਸਐੱਸ ਬੋਬੜੇ ਅਤੇ ਜਸਟਿਸ ਬੀਆਰ ਗਵਈ ਦੇ ਬੈਂਚ ਅੱਗੇ ਸਿਟ ਦੀ ਅੰਤਿਮ ਰਿਪੋਰਟ ਸੀਲ ਬੰਦ ਲਿਫ਼ਾਫੇ ਵਿੱਚ ਪੇਸ਼ ਕਰ ਦਿੱਤੀ ਹੈ। ਵਧੀਕ ਸੌਲਿਸਟਰ ਜਨਰਲ ਪਿੰਕੀ ਆਨੰਦ ਨੇ ਅਦਾਲਤ ਨੂੰ ਦੱਸਿਆ ਹੈ ਕਿ ਵਿਸ਼ੇਸ਼ ਜਾਂਚ ਟੀਮ ਨੇ ਆਪਣਾ ਕਾਰਜ ਮੁਕੰਮਲ ਕਰ ਲਿਆ ਹੈ ਅਤੇ ਆਪਣੀ ਅੰਤਿਮ ਰਿਪੋਰਟ ਦੇ ਦਿੱਤੀ ਹੈ ਅਤੇ ਹੁਣ ਇਸ ਦੀਆਂ ਸੇਵਾਵਾਂ ਬੰਦ ਕਰ ਦੇਣੀਆਂ ਚਾਹੀਦੀਆਂ ਹਨ। ਇਸ ਦੌਰਾਨ ਸਿੱਖ ਦੰੰਗਾ ਪੀੜਤਾਂ ਦੇ ਵਕੀਲ ਐੱਚਐੱਸ ਫੂਲਕਾ ਨੇ ਕਿਹਾ ਕਿ ਬੈਂਚ ਨੂੰ ਪਹਿਲਾਂ ਰਿਪੋਰਟ ਦਾ ਮੁਲੰਕਣ ਕਰਨਾ ਚਾਹੀਦਾ ਹੈ ਅਤੇ ਦੇਖਣਾ ਚਾਹੀਦਾ ਹੈ ਕਿ ਕਿਸੇ ਤਰ੍ਹਾਂ ਦੀ ਜਾਂਚ ਦੀ ਕੋਈ ਹੋਰ ਲੋੜ ਤਾਂ ਨਹੀਂ ਹੈ ਅਤੇ ਇਸ ਤੋਂ ਬਾਅਦ ਹੀ ਫੈਸਲਾ ਲੈਣਾ ਚਾਹੀਦਾ ਹੈ।
HOME ਸਿੱਖ ਵਿਰੋਧੀ ਦੰਗੇ: ਸਿਟ ਸਮੇਟਣ ਲਈ ਕੇਂਦਰ ਨੇ ਸੁਪਰੀਮ ਕੋਰਟ ਤੋਂ ਆਗਿਆ...