‘ਸਿੱਟ’ਵਲੋਂ ਦੋਵੇਂ ਬਾਦਲਾਂ ਤੇ ਅਕਸ਼ੈ ਕੁਮਾਰ ਨੂੰ ਸੰਮਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਬੌਲੀਵੁਡ ਦੇ ਉੱਘੇ ਅਦਾਕਾਰ ਅਕਸ਼ੈ ਕੁਮਾਰ ਨੂੰ ਅੱਜ ਉਸ ਸਮੇਂ ਤਕੜਾ ਝਟਕਾ ਲੱਗਾ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਨੇ (ਐਸਆਈਟੀ) ਉਨ੍ਹਾਂ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕਰ ਦਿੱਤੇ। ‘ਸਿੱਟ’ ਵਲੋਂ ਪੰਜਾਬ ਪੁਲੀਸ ਦੇ ਤਤਕਾਲੀ ਡੀ.ਜੀ.ਪੀ. ਸੁਮੇਧ ਸੈਣੀ ਨੂੰ ਵੀ ਸੰਮਨ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ। ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ 16 ਨਵੰਬਰ, ਸੁਖਬੀਰ ਬਾਦਲ ਨੂੰ 19 ਨਵੰਬਰ ਅਤੇ ਸਟਾਰ ਅਕਸ਼ੈ ਕੁਮਾਰ ਨੂੰ 21 ਨਵੰਬਰ ਸ੍ਰੀ ਅੰਮ੍ਰਿਤਸਰ ਦੇ ਸਰਕਟ ਹਾਊਸ ਵਿਚ ਜਾਂਚ ਟੀਮ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ ਜਿਨ੍ਹਾਂ ਬਾਰੇ ਸਮਝਿਆ ਜਾਂਦਾ ਹੈ ਕਿ ਉਨ੍ਹਾਂ ਡੇਰਾਮੁਖੀ ਦੀ ਫਿਲਮ ਰਿਲੀਜ਼ ਕਰਾਉਣ ਵਿਚ ਯੋਗਦਾਨ ਪਾਇਆ ਸੀ। ਵਿਸ਼ੇਸ਼ ਜਾਂਚ ਟੀਮ ਵਲੋਂ ਜਾਰੀ ਕੀਤੇ ਸੰਮਨਾਂ ਵਿਚ ਗਿਆ ਹੈ ਕਿ ਉਨ੍ਹਾਂ ਕੋਲੋਂ ਬਰਗਾੜੀ ’ਚ ਬੇਅਦਬੀ, ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਬਾਰੇ ਪੁੱਛਗਿਛ ਕੀਤੀ ਜਾਵੇਗੀ। ਇਹ ਸੰਮਨ ਸੀਆਰਪੀਸੀ ਦੀ ਧਾਰਾ 160 ਤਹਿਤ ਜਾਰੀ ਕੀਤੇ ਗਏ ਹਨ ਜਿਸ ਤਹਿਤ ਸਬੰਧਤ ਵਿਅਕਤੀਆਂ ਦਾ ਪੇਸ਼ ਹੋਣਾ ਜ਼ਰੁੂਰੀ ਹੁੰਦਾ ਹੈ। ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਆਪਣੀ ਰਿਪੋਰਟ ਵਿਚ ਵੀ ਅਕਾਲੀ ਦਲ ਦੀ ਪਿਛਲੀ ਸਰਕਾਰ ਵੇਲੇ ਸਿਖਰਲੀ ਲੀਡਰਸ਼ਿਪ ਬਾਰੇ ਸੁਆਲ ਖੜ੍ਹੇ ਕੀਤੇ ਸਨ ਤੇ ਇਸ ਲਈ ਜਾਂਚ ਟੀਮ ਵਲੋਂ ਗੋਲੀ ਚਲਾਉਣ ਦੇ ਹੁਕਮ ਦੇਣ ਅਤੇ ਬੇਅਬਦੀ ਨਾਲ ਜੁੜੇ ਮਾਮਲਿਆਂ ਬਾਰੇ ਸੁਆਲ ਪੁੱਛੇ ਜਾ ਸਕਦੇ ਹਨ। ਦੱਸਣਯੋਗ ਹੈ ਕਿ ਏ.ਡੀ.ਜੀ.ਪੀ. ਜਤਿੰਦਰ ਜੈਨ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਆਈ.ਜੀ. ਅਮਰ ਸਿੰਘ ਚਾਹਲ, ਫ਼ਰੀਦਕੋਟ ਦੇ ਸਾਬਕਾ ਡਿਪਟੀ ਕਮਿਸ਼ਨਰ ਐਮ.ਐਸ. ਜੱਗੀ, ਫਰੀਦਕੋਟ ਦੇ ਸਾਬਕਾ ਐਸਐਸਪੀ ਐਸ.ਐਸ. ਮਾਨ, ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਪਹਿਲਾਂ ਹੀ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਵਾ ਚੁੱਕੇ ਹਨ। ਜਾਂਚ ਟੀਮ 30 ਪੁਲੀਸ ਅਫ਼ਸਰਾਂ ਤੇ ਮੁਲਾਜ਼ਮਾਂ ਅਤੇ ਪੰਜਾਹ ਹੋਰਨਾਂ ਕੋਲੋਂ ਪੁੱਛ-ਪੜਤਾਲ ਕਰ ਚੁੱਕੀ ਹੈ। ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀਆਂ ਸ਼ਿਫਾਰਸਾਂ ਦੇ ਅਧਾਰ ’ਤੇ ਹੀ ਪੰਜ ਮੈਂਬਰੀ ਵਿਸ਼ੇਸ਼ ਜਾਂਚ ਟੀਮ ਕਾਇਮ ਕੀਤੀ ਗਈ ਸੀ ਜਿਸ ਨੇ ਪਿਛਲੇ ਮਹੀਨੇ ਜਾਂਚ ਦਾ ਕੰਮ ਸ਼ੁਰੂ ਕਰ ਦਿੱਤਾ ਸੀ ਤੇ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਟੀਮ ਦੀ ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ ਜਾਵੇਗੀ।

Previous articleਬ੍ਰਹਮਪੁਰਾ ਤੇ ਅਜਨਾਲਾ ਅਕਾਲੀ ਦਲ ’ਚੋਂ ਛੇ ਸਾਲਾਂ ਲਈ ਕੱਢੇ
Next articleਚੌਟਾਲਾ ਭਰਾਵਾਂ ਵਿਚਾਲੇ ਬੇਸਿੱਟਾ ਰਹੀ ਗੱਲਬਾਤ