1984 ਸਿੱਖ ਕਤਲੇਆਮ ਨਾਲ ਜੁੜੇ ਕੇਸਾਂ ਦੀ ਮੁੜ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਖਿਲਾਫ਼ ਦਰਜ ਕੇਸ ਸਮੇਤ ਸੱਤ ਕੇਸਾਂ ਦੀ ਜਾਂਚ ਮੁੜ ਖੋਲ੍ਹ ਦਿੱਤੀ ਹੈ। ਇੱਕ ਕੇਸ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਏ ਕਤਲੇਆਮ ਨਾਲ ਸਬੰਧਤ ਹੈ। ਕੇਸ ਮੁੜ ਖੁੱਲ੍ਹਣ ਨਾਲ ਕਮਲਨਾਥ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਇਹ ਸੱਤ ਕੇਸ ਵਸੰਤ ਵਿਹਾਰ, ਸਨ ਲਾਈਟ ਕਾਲੋਨੀ, ਕਲਿਆਣਪੁਰੀ, ਪਾਰਲੀਮੈਂਟ ਸਟਰੀਟ, ਕਨਾਟ ਪਲੇਸ, ਪਟੇਲ ਨਗਰ ਤੇ ਸ਼ਾਹਦਰਾ ਪੁਲੀਸ ਸਟੇਸ਼ਨਾਂ ਵਿੱਚ ਦਰਜ ਐਫ਼ਆਈਆਰਾਂ ਨਾਲ ਸਬੰਧਤ ਹਨ। ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਖ਼ਿਲਾਫ਼ ਦਰਜ ਕੇਸ (601/84) ਵਿੱਚ ਮੁਖਤਿਆਰ ਸਿੰਘ ਤੇ ਸਾਬਕਾ ਪੱਤਰਕਾਰ ਸੰਜੇ ਸੂਰੀ, ਦੋ ਗਵਾਹ ਹਨ। ਇਨ੍ਹਾਂ ਨੇ ਨਾਨਾਵਤੀ ਕਮਿਸ਼ਨ ਅੱਗੇ ਹਲਫੀਆ ਬਿਆਨ ਦਾਇਰ ਕਰ ਕੇ ਕਮਲਨਾਥ ਤੇ ਵਸੰਤ ਸਾਠੇ ਵੱਲੋਂ 1984 ਸਿੱਖ ਕਤਲੇਆਮ ਵਿੱਚ ਨਿਭਾਈ ਭੂਮਿਕਾ ਦਾ ਖੁਲਾਸਾ ਕੀਤਾ ਸੀ। ਉਨ੍ਹਾਂ ਹਲਫੀਆ ਬਿਆਨਾਂ ’ਚ ਦੱਸਿਆ ਕਿ ਕਿਵੇਂ ਕਮਲਨਾਥ ਨੇ 1984 ਦੇ ਸਿੱਖ ਕਤਲੇਆਮ ਦੌਰਾਨ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹਜੂਮ ਨੂੰ ਹਦਾਇਤਾਂ ਦੇ ਕੇ ਸਿੱਖਾਂ ਦਾ ਕਤਲੇਆਮ ਕਰਵਾਇਆ। ਉਨ੍ਹਾਂ ਦੱਸਿਆ ਕਿ ਇਹ ਕੇਸ ਤਕਨੀਕੀ ਕਾਰਨਾਂ ਕਰ ਕੇ ਬੰਦ ਕਰ ਦਿੱਤਾ ਗਿਆ ਸੀ ਤੇ ਕਮਲਨਾਥ ਦਾ ਨਾਮ ਜਾਣਬੁੱਝ ਕੇ ਬਾਹਰ ਰੱਖਿਆ ਗਿਆ। ਸੰਜੈ ਸੂਰੀ ਅੱਜਕੱਲ੍ਹ ਇੰਗਲੈਂਡ ਵਿੱਚ ਹੈ ਜਦੋਂਕਿ ਮੁਖਤਿਆਰ ਪਟਨਾ ਵਿੱਚ ਰਹਿੰਦਾ ਹੈ। ਮਨਜਿੰਦਰ ਸਿੰਘ ਸਿਰਸਾ ਤੇ ਹਰਮੀਤ ਸਿੰਘ ਕਾਲਕਾ ਨੇ ਮੰਗ ਕੀਤੀ ਕਿ ਸਿੱਟ ਵੱਲੋਂ ਕੇਸ ਮੁੜ ਖੋਲ੍ਹੇ ਜਾਣ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ, ਕਮਲਨਾਥ ਤੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਤੁਰੰਤ ਅਸਤੀਫਾ ਲੈਣ। ਉਨ੍ਹਾਂ ਕਿਹਾ ਕਿ ਕਮਲਨਾਥ ਮੁੱਖ ਮੰਤਰੀ ਦੀ ਕੁਰਸੀ ’ਤੇ ਹੁੰਦਿਆਂ ਜਾਂਚ ਦੇ ਕੰਮ ਨੂੰ ਪ੍ਰਭਾਵਿਤ ਅਤੇ ਗਵਾਹਾਂ ਨੂੰ ਧਮਕਾ ਸਕਦੇ ਹਨ। ਉਨ੍ਹਾਂ ਕਿਹਾ ਕਿ ਉਪਰੋਕਤ ਦੋਵੇਂ ਗਵਾਹ ਸਿੱਟ ਅੱਗੇ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਵਾਉਣ ਲਈ ਤਿਆਰ ਹਨ, ਲਿਹਾਜ਼ਾ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਜਾਵੇ।