ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਮੌਕੇ ਪਾਕਿਸਤਾਨੀ ਸੈਨਾ ਦੇ ਮੁਖੀ ਕਮਰ ਜਾਵੇਦ ਬਾਜਵਾ ਨੂੰ ਪਾਈ ਗਲਵੱਕੜੀ ਦੇ ਮੁੱਦੇ ਦੀ ਅੱਜ ਵਜ਼ਾਰਤੀ ਮੀਟਿੰਗ ਦੌਰਾਨ ਚਰਚਾ ਭਾਰੂ ਰਹੀ। ਸੂਤਰਾਂ ਦਾ ਦੱਸਣਾ ਹੈ ਕਿ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਦਿਹਾਤੀ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਦੇ ਖਿਲਾਫ਼ ਇਸ ਮੁੱਦੇ ’ਤੇ ਨਿਸ਼ਾਨਾ ਸੇਧਣ ਦਾ ਯਤਨ ਕੀਤਾ ਜਦੋਂ ਕਿ ਉਚੇਰੀ ਸਿੱਖਿਆ ਮੰਤਰੀ ਬੇਗਮ ਰਜ਼ੀਆ ਸੁਲਤਾਨਾ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਵਜੋਤ ਸਿੰਘ ਸਿੱਧੂ ਦੀ ਪਿੱਠ ਥਾਪੜੀ। ਮੁੱਖ ਮੰਤਰੀ ਨੇ ਬਚਾਅ ਵਾਲਾ ਰਸਤਾ ਹੀ ਚੁਣਿਆ। ਉਧਰ ਨਵਜੋਤ ਸਿੰਘ ਸਿੱਧੂ ਨੇ ਸਿਆਸੀ ਵਿਰੋਧੀਆਂ ’ਤੇ ਹੱਲਾ ਬੋਲਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿਨਾਂ ਕਿਸੇ ਸੱਦੇ ਤੋਂ ਹੀ ਪਾਕਿਸਤਾਨ ਦੇ ਤਤਕਾਲੀ ਪ੍ਰਧਾਨ ਮੰਤਰੀ ਨਵਾਜ਼ ਸਰੀਫ਼ ਦੇ ਘਰ ਪਹੁੰਚ ਗਏ ਸੀ ਤੇ ‘ਜੱਫ਼ੀਆਂ’ ਪਾਈਆਂ ਸਨ। ਇਸ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਉਸ ਜਰਨੈਲ ਨੂੰ ਦਿੱਲੀ ਵਾਰਤਾ ਲਈ ਬੁਲਾ ਕੇ ਹੱਥ ਮਿਲਾਏ ਸਨ, ਜਿਸ ਦੇ ਹੱਥ ਕਾਰਗਿਲ ਯੁੱਧ ਦੌਰਾਨ ਮਾਰੇ ਗਏ 527 ਭਾਰਤੀ ਸੈਨਿਕਾਂ ਦੇ ਖੂਨ ਨਾਲ ਰੰਗੇ ਹੋਏ ਸਨ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਬੰਧੀ ਕੋਈ ਟਿੱਪਣੀ ਨਹੀਂ ਕੀਤੀ। ਸ੍ਰੀ ਸਿੱੱਧੂ ਨੇ ਕਿਹਾ ਕਿ ਇੱਕ ਸਮਗਾਮ ਦੌਰਾਨ ਜੇ ਪਾਕਿਸਤਾਨ ਦੇ ਫੌਜੀ ਜਰਨੈਲ ਨੇ ਖ਼ੁਦ ਹੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਦਾ ਪ੍ਰਸਤਾਵ ਰੱਖਿਆ ਹੈ ਤਾਂ ਉਸ ਨੂੰ ਠੁਕਰਾਇਆ ਵੀ ਕਿਵੇਂ ਜਾ ਸਕਦਾ ਹੈ। ਰਜ਼ੀਆ ਸੁਲਤਾਨਾ ਅਤੇ ਚਰਨਜੀਤ ਸਿੰਘ ਚੰਨੀ ਨੇ ਨਵਜੋਤ ਸਿੰਘ ਸਿੱਧੂ ਦੀ ਹਮਾਇਤ ਕਰਦਿਆਂ ਕਿਹਾ ਕਿ ਲਾਂਘਾ ਖੁੱਲ੍ਹਣਾ ਚਾਹੀਦਾ ਹੈ ਤੇ ਦੋਹਾਂ ਮੁਲਕਾਂ ਦਰਮਿਆਨ ਸਬੰਧ ਸੁਧਰਨੇ ਚਾਹੀਦੇ ਹਨ। ਇਸ ਮੁੱਦੇ ’ਤੇ ਤਕਰੀਬਨ 15 ਮਿੰਟ ਬਹਿਸ ਹੋਈ। ਇਸੇ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਕਿਸਤਾਨ ਵਿੱਚ ਆਈ ਸਿਆਸੀ ਤਬਦੀਲੀ ਨਾਲ ਖਿੱਤੇ ਵਿੱਚ ਅਮਨ ਦੀਆਂ ਸੰਭਾਵਨਾਵਾਂ ਵਧੀਆਂ ਹਨ। ਨਰਿੰਦਰ ਮੋਦੀ ਨੇ ਵੀ ਪ੍ਰਧਾਨ ਮੰਤਰੀ ਬਣਨ ’ਤੇ ਸਾਰਕ ਦੇਸ਼ਾਂ ਦੇ ਹੋਰ ਮੁਖੀਆਂ ਸਮੇਤ ਪਾਕਿਸਤਾਨ ਦੇ ਤਤਕਾਲੀ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਵੀ ਆਪਣੇ ਸਹੁੰ ਚੁੱਕ ਸਮਾਗਮ ਵਿਚ ਆਉਣ ਦਾ ਸੱਦਾ ਦਿੱਤਾ ਸੀ। ਇੱਥੇ ਹੀ ਬੱਸ ਨਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿਨਾਂ ਕਿਸੇ ਸੱਦੇ ਤੋਂ ਹੀ ਤਤਕਾਲੀ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਜਨਮ ਦਿਨ ਮੌਕੇ ਸ਼ੁਭ ਇੱਛਾਵਾਂ ਭੇਟ ਕਰਨ ਲਈ ਅਚਾਨਕ ਹੀ ਲਾਹੌਰ ਪਹੁੰਚ ਗਏ ਸਨ।