ਸੀਬੀਐੱਸਈ ਦੀਆਂ 10ਵੀਂ ਦੀਆਂ ਪ੍ਰੀਖਿਆਵਾਂ ਰੱਦ, 12ਵੀਂ ਦੀਆਂ ਮੁਲਤਵੀ

ਨਵੀਂ ਦਿੱਲੀ (ਸਮਾਜ ਵੀਕਲੀ) : ਕੇਂਦਰ ਸਰਕਾਰ ਨੇ ਦੇਸ਼ ਭਰ ਵਿੱਚ ਕਰੋਨਾਵਾਇਰਸ ਮਹਾਮਾਰੀ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਸੀਬੀਐੱਸਈ ਦੀਆਂ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ ਜਦਕਿ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਅਤੇ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ, ਕੇਂਦਰੀ ਸਿੱਖਿਆ ਸਕੱਤਰ ਤੇ ਹੋਰ ਉੱਚ ਅਧਿਕਾਰੀਆਂ ਦੀ ਮੌਜੂਦਗੀ ’ਚ ਅੱਜ ਹੋਈ ਇਕ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ। ਮੀਟਿੰਗ ਤੋਂ ਬਾਅਦ ਇਕ ਬਿਆਨ ਜਾਰੀ ਕਰ ਕੇ ਪ੍ਰੀਖਿਆਵਾਂ ਦੇ ਸਬੰਧ ਵਿੱਚ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।

ਕਾਂਗਰਸੀ ਆਗੂ ਰਾਹੁਲ ਗਾਂਧੀ, ਕਾਂਗਰਸੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਹੋਰ ਕਈ ਆਗੂਆਂ ਵੱਲੋਂ ਕਰੋਨਾ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਸੀਬੀਐੱਸਈ ਦੀਆਂ ਬੋਰਡ ਪ੍ਰੀਖਿਆਵਾਂ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਸੀਬੀਐੱਸਈ ਬੋਰਡ ਪਹਿਲੀ ਜੂਨ ਨੂੰ ਕੋਵਿਡ ਮਹਾਮਾਰੀ ਦੀ ਸਥਿਤੀ ਦੀ ਸਮੀਖਿਆ ਕਰੇਗਾ ਅਤੇ ਉਸ ਤੋਂ ਬਾਅਦ ਪ੍ਰੀਖਿਆ ਦੀਆਂ ਤਰੀਕਾਂ ਸਬੰਧੀ ਫ਼ੈਸਲਾ ਲਵੇਗਾ। ਬਿਆਨ ਵਿਚ ਕਿਹਾ ਗਿਆ ਹੈ ਕਿ ਪ੍ਰੀਖਿਆ ਸ਼ੁਰੂ ਹੋਣ ਤੋਂ ਘੱਟੋ ਘੱਟ 15 ਦਿਨ ਪਹਿਲਾਂ ਵਿਦਿਆਰਥੀਆਂ ਨੂੰ ਇਸ ਸਬੰਧੀ ਸੂਚਨਾ ਦਿੱਤੀ ਜਾਵੇਗੀ।

ਬਿਆਨ ਵਿਚ ਕਿਹਾ ਗਿਆ ਹੈ, ‘‘ਦਸਵੀਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਤੀਜੇ ਬੋਰਡ ਵੱਲੋਂ ਤਿਆਰ ਕੀਤੇ ਗੲੇ ਮਾਪਦੰਡਾਂ ਦੇ ਅਧਾਰ ’ਤੇ ਤਿਆਰ ਕੀਤੇ ਜਾਣਗੇ।’’ ਬਿਆਨ ਮੁਤਾਬਕ ਜੇਕਰ ਕੋਈ ਵਿਦਿਆਰਥੀ ਉਸ ਨੂੰ ਮਿਲੇ ਅੰਕਾਂ ਤੋਂ ਸੰਤੁਸ਼ਟ ਨਹੀਂ ਹੁੰਦਾ ਹੈ ਤਾਂ ਉਸ ਨੂੰ ਪ੍ਰੀਖਿਆ ਵਿੱਚ ਬੈਠਣ ਦਾ ਇਕ ਮੌਕਾ ਦਿੱਤਾ ਜਾਵੇਗਾ ਪਰ ਇਹ ਉਦੋਂ ਹੀ ਸੰਭਵ ਹੋਵੇਗਾ ਜਦੋਂ ਹਾਲਾਤ ਸੁਖਾਵੇਂ ਹੋਣਗੇ।

Previous articleਜਾਤ ਕਥਾ
Next articleMaxwell’s knock was the difference: Kohli