ਫ਼ਰੀਦਕੋਟ (ਸਮਾਜਵੀਕਲੀ) – 21 ਮਾਰਚ ਤੋਂ ਬੰਦ ਪਏ ਜ਼ਿਲ੍ਹੇ ਦੇ ਨਿੱਜੀ ਸਕੂਲਾਂ ਨੂੰ ਡਿਪਟੀ ਕਮਿਸ਼ਨਰ ਨੇ ਸੀਮਿਤ ਸਟਾਫ਼ ਨਾਲ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ। ਹਾਲਾਂਕਿ ਸਕੂਲ ਵਿੱਚ ਵਿਦਿਆਰਥੀ ਪੜ੍ਹਾਈ ਲਈ ਨਹੀਂ ਆ ਸਕਣਗੇ ਅਤੇ ਨਿੱਜੀ ਸਕੂਲਾਂ ਦਾ ਸਟਾਫ਼ ਵਿਦਿਆਰਥੀਆਂ ਨੂੰ ਆਨ-ਲਾਈਨ ਪੜ੍ਹਾਈ ਕਰਵਾਏਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਸੀਬੀਐੱਸਈ ਅਤੇ ਆਈਸੀਐੱਸਈ ਮਾਨਤਾ ਪ੍ਰਾਪਤ ਸਕੂਲਾਂ ਦੇ ਪ੍ਰਿੰਸੀਪਲ ਵੱਧ ਤੋਂ ਵੱਧ 10 ਕਰਮਚਾਰੀਆਂ ਦੀ ਮਦਦ ਨਾਲ ਸਕੂਲ ਖੋਲ੍ਹ ਸਕਣਗੇ ਪਰ ਇਸ ਸਮੇਂ ਦੌਰਾਨ ਵਿਦਿਆਰਥੀਆਂ ਜਾਂ ਉਨ੍ਹਾ ਦੇ ਮਾਪਿਆਂ ਨੂੰ ਸਕੂਲ ਵਿੱਚ ਨਹੀਂ ਬੁਲਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਦੇ ਇਹ ਹੁਕਮ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਨਿੱਜੀ ਸਕੂਲਾਂ ਉੱਪਰ ਲਾਗੂ ਨਹੀਂ ਹੋਣਗੇ। ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਕਿਹਾ ਕਿ ਸਕੂਲ ਖੋਲਣ ਤੋਂ ਪਹਿਲਾਂ ਸਕੂਲਾਂ ਨੂੰ ਸੈਨੀਟਾਈਜ਼ ਕਰਨਾ ਜ਼ਰੂਰੀ ਹੋਵੇਗਾ ਅਤੇ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਕਰਨਾ ਯਕੀਨੀ ਹੋਵੇਗਾ।