ਸ਼੍ਰੋਮਣੀ ਅਕਾਲੀ ਦਲ ਦਾ ਸਿਆਸੀ ਸੰਕਟ
ਕੋਰ ਕਮੇਟੀ ਦੀ ਮੀਟਿੰਗ ’ਚ ਫੈਸਲੇ ਮੁਤਾਬਕ ‘ਦੋਸ਼ ਪੱਤਰ’ ਜਾਰੀ ਹੋਵੇਗਾ
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਤੋਂ ਬਾਗ਼ੀ ਚੱਲੇ ਆ ਰਹੇ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਪੁੱਤਰ ਤੇ ਲਹਿਰਾਗਾਗਾ ਤੋਂ ਪਾਰਟੀ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਤਹਿਤ ਅਕਾਲੀ ਦਲ ’ਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਫ਼ੈਸਲਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ 8 ਘੰਟੇ ਦੇ ਕਰੀਬ ਚੱਲੀ ਕੋਰ ਕਮੇਟੀ ਦੀ ਮੀਟਿੰਗ ’ਚ ਲਿਆ ਗਿਆ। ਪਾਰਟੀ ਵੱਲੋਂ ਢੀਂਡਸਾ ਜੋੜੀ ਨੂੰ ‘ਦੋਸ਼ ਪੱਤਰ’ ਜਾਰੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਜਿਸ ਦਾ ਜਵਾਬ ਦੋ ਹਫ਼ਤਿਆਂ ਦੇ ਅੰਦਰ-ਅੰਦਰ ਦੇਣ ਲਈ ਕਿਹਾ ਜਾ ਰਿਹਾ ਹੈ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕੋਰ ਕਮੇਟੀ ਦੇ ਮੈਂਬਰਾਂ ਅਤੇ ਸੰਗਰੂਰ ਤੇ ਬਰਨਾਲਾ ਜ਼ਿਲ੍ਹਿਆਂ ਦੇ ਨਿਗਰਾਨ ਸਿਕੰਦਰ ਸਿੰਘ ਮਲੂਕਾ ਵੱਲੋਂ ਮੀਟਿੰਗ ਦੌਰਾਨ ਦੋਵਾਂ ਜ਼ਿਲ੍ਹਿਆਂ ਦੇ ਵਰਕਰਾਂ ਤੇ ਆਗੂਆਂ ਦੀਆਂ ਭਾਵਨਾਵਾਂ ਤੇ ਮੰਗ ਪ੍ਰਤੀ ਪਾਰਟੀ ਆਗੂਆਂ ਨੂੰ ਜਾਣੂ ਕਰਾਇਆ ਗਿਆ ਸੀ ਜਿਸ ਦੇ ਅਧਾਰ ’ਤੇ ਕੋਰ ਕਮੇਟੀ ਨੇ ਇਹ ਫ਼ੈਸਲਾ ਲਿਆ। ਸੂਤਰਾਂ ਦਾ ਦੱਸਣਾ ਹੈ ਕਿ ਪਾਰਟੀ ਦੇ ਕੁੱਝ ਆਗੂਆਂ ਜਿਨ੍ਹਾਂ ਵਿੱਚ ਬਿਕਰਮ ਸਿੰਘ ਮਜੀਠੀਆ, ਜਥੇਦਾਰ ਤੋਤਾ ਸਿੰਘ ਅਤੇ ਗੁਲਜ਼ਾਰ ਸਿੰਘ ਰਣੀਕੇ ਆਦਿ ਸ਼ਾਮਲ ਸਨ, ਨੇ ਮੀਟਿੰਗ ਦੌਰਾਨ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਪੁੱਤਰ ਖ਼ਿਲਾਫ਼ ਕਾਰਵਾਈ ਕਰਨ ਦੀ ਥਾਂ ਨੋਟਿਸ ਦੇ ਦਿੱਤਾ ਜਾਵੇ ਤਾਂ ਪਾਰਟੀ ਦੇ ਵੀ ਹਿੱਤ ’ਚ ਹੋਵੇਗਾ। ਦੂਜੇ ਪਾਸੇ ਪਾਰਟੀ ਦੇ ਚਾਰ ਆਗੂਆਂ ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋਂ ਅਤੇ ਸਿਕੰਦਰ ਸਿੰਘ ਮਲੂਕਾ ਨੇ ਜ਼ੋਰ ਦਿੱਤਾ ਕਿ ਪਿਓ-ਪੁੱਤਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਿੱਜੀ ਤੌਰ ’ਤੇ ਇਸ ਮਾਮਲੇ ’ਤੇ ਕੁੱਝ ਨਹੀਂ ਕਿਹਾ ਤੇ ਆਗੂਆਂ ਦੇ ਬੋਲਾਂ ’ਤੇ ਹੀ ਫੁੱਲ ਚੜ੍ਹਾਏ।
ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਪਾਰਟੀ ਵੱਲੋਂ ਢੀਂਡਸਾ ਜੋੜੀ ਦੇ ਖਿਲਾਫ਼ ਕਾਰਵਾਈ ਦੇ ਮਾਮਲੇ ਵਿੱਚ ਭਾਵੇਂ ਇੰਤਜ਼ਾਰ ਕੀਤਾ ਜਾ ਸਕਦਾ ਸੀ ਪਰ 18 ਜਨਵਰੀ ਨੂੰ ਨਵੀਂ ਦਿੱਲੀ ਵਿੱਚ ਮਨਜੀਤ ਸਿੰਘ ਜੀ.ਕੇ. ਨਾਲ ਕੀਤੀ ਜਾਣ ਵਾਲੀ ਮੀਟਿੰਗ ਦੇ ਮੱਦੇਨਜ਼ਰ ਪਾਰਟੀ ਆਗੂਆਂ ਦੇ ਦਬਾਅ ਅਧੀਨ ਅੱਜ ਵਾਲਾ ਫ਼ੈਸਲਾ ਲਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ’ਚ ਨਮੋਸ਼ੀ ਭਰੀ ਹਾਰ ਝੱਲਣ ਤੋਂ ਬਾਅਦ ਪਾਰਟੀ ਅੰਦਰ ਲਗਾਤਾਰ ਬਗਾਵਤੀ ਸੁਰਾਂ ਉੱਠ ਰਹੀਆਂ ਹਨ। ਇਸ ਫ਼ੈਸਲੇ ਨਾਲ ਬਾਦਲ ਪਰਿਵਾਰ ਤੇ ਢੀਂਡਸਾ ਪਰਿਵਾਰ ਦਰਮਿਆਨ ਲਕੀਰ ਪੱਕੇ ਤੌਰ ’ਤੇ ਖਿੱਚੀ ਗਈ ਹੈ। ਪਾਰਟੀ ਦੇ ਇੱਕ ਸੀਨੀਅਰ ਆਗੂ ਦਾ ਕਹਿਣਾ ਹੈ ਕਿ ਸੁਖਦੇਵ ਸਿੰਘ ਢੀਂਡਸਾ ਦੇ ਰਾਜ ਸਭਾ ਮੈਂਬਰ ਅਤੇ ਪਰਮਿੰਦਰ ਸਿੰਘ ਢੀਂਡਸਾ ਦੇ ਵਿਧਾਇਕ ਹੋਣ ਕਾਰਨ ਪਾਰਟੀ ’ਚੋਂ ਕੱਢਣ ਵਾਲੀ ਕਾਰਵਾਈ ਦੇ ਮਾਮਲੇ ’ਤੇ ਜਲਦੀ ਫੈਸਲਾ ਹੋਣ ਦੇ ਆਸਾਰ ਨਹੀਂ ਹਨ। ਅਕਾਲੀ ਦਲ ਜੇਕਰ ਦੋਵਾਂ ਨੂੰ ਪਾਰਟੀ ਵਿੱਚੋਂ ਕੱਢ ਦਿੰਦਾ ਹੈ ਤਾਂ ਦਲ-ਬਦਲੀ ਕਾਨੂੰਨ ਦੇ ਦਾਇਰੇ ਵਿੱਚੋਂ ਨਿਕਲ ਜਾਣਗੇ। ਇਸ ਤੋਂ ਪਹਿਲਾਂ ਤਿੰਨ ਸੀਨੀਅਰ ਆਗੂਆਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ ਅਤੇ ਸੇਵਾ ਸਿੰਘ ਸੇਖਵਾਂ ਨੂੰ ਵੀ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਸੀ।
ਕੋਰ ਕਮੇਟੀ ਦੀ ਅੱਜ ਇੱਥੇ ਅੱਠ ਘੰਟੇ ਤੋਂ ਵੱਧ ਸਮਾਂ ਚੱਲੀ ਮੀਟਿੰਗ ਦੌਰਾਨ ਪਾਰਟੀ ਅੱਗੇ ਬਣੇ ਸਿਆਸੀ ਸੰਕਟ ਅਤੇ ਭਵਿੱਖ ਦੀ ਰਣਨੀਤੀ ਬਾਰੇ ਖੁੱਲ੍ਹੀ ਵਿਚਾਰ ਚਰਚਾ ਕੀਤੀ ਗਈ। ਪਾਰਟੀ ਨੂੰ ਪੰਜਾਬ ਵਿੱਚੋਂ ਸੱਤਾ ਖੁੱਸਣ ਤੋਂ ਬਾਅਦ ਲਗਾਤਾਰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਫ਼ੀ ਚਿਰ ਬਾਅਦ ਐਨਾ ਲੰਮਾ ਸਮਾਂ ਮੀਟਿੰਗ ਕੀਤੀ ਗਈ ਹੈ। ਪਾਰਟੀ ਦੀ ਕੋਰ ਕਮੇਟੀ ਵੱਲੋਂ ਪੰਜਾਬ ਸਰਕਾਰ ’ਤੇ ਬਿਜਲੀ ਕੰਪਨੀਆਂ ਨਾਲ ਲੁਕਵਾਂ ਸੌਦਾ ਕਰਕੇ ਲੋਕਾਂ ’ਤੇ ਅਰਬਾਂ ਰੁਪਏ ਦਾ ਬੋਝ ਪਾਉਣ ਦੇ ਦੋਸ਼ ਲਾਏ ਗਏ। ਅਕਾਲੀ ਦਲ ਨੇ ਫੈਸਲਾ ਕੀਤਾ ਹੈ ਕਿ ਇਸ ਮੁੱਦੇ ’ਤੇ ਇੱਕ ਵਫ਼ਦ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਮਿਲ ਕੇ ਨਿਰਪੱਖ ਜਾਂਚ ਦੀ ਮੰਗ ਕਰੇਗਾ। ਇਸੇ ਤਰ੍ਹਾਂ ਅਕਾਲ ਦਲ ਦਾ ਇੱਕ ਵਫ਼ਦ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਅਤੇ ਗੁਰੂ ਤੇਗ ਬਹਾਦਰ ਦਾ 400 ਸਾਲਾ ਪ੍ਰਕਾਸ਼ ਦਿਹਾੜਾ ਮਨਾਉਣ ਅਤੇ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਦੇ ਮਾਮਲੇ ’ਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗਾ।