ਸੁਖਬੀਰ ਦੀ ਪ੍ਰਧਾਨਗੀ ’ਤੇ ਕੋਰ ਕਮੇਟੀ ਦੀ ਮੋਹਰ

ਵੱਡੇ ਬਾਦਲ ਦੀ ਹਾਜ਼ਰੀ ਵਿਚ ‘ਸਰਬਸੰਮਤੀ’ ਨਾਲ ਹੋਇਆ ਫ਼ੈਸਲਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ‘ਕੁਰਸੀ’ ਕਾਇਮ ਰੱਖਣ ਲਈ ਅੱਜ ਇੱਥੇ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਵੱਡੇ ਬਾਦਲ ਦੀ ਮੌਜੂਦਗੀ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਤੋਂ ਮੋਹਰ ਲਵਾ ਲਈ ਹੈ। ਸੂਤਰਾਂ ਮੁਤਾਬਕ ਕੋਰ ਕਮੇਟੀ ਦੇ ਮੈਂਬਰਾਂ ਨੇ ਮੀਟਿੰਗ ਦੌਰਾਨ ਕਿਹਾ ਕਿ ਸਮੁੱਚੀ ਪਾਰਟੀ ‘ਪ੍ਰਧਾਨ’ ਨਾਲ ਖੜ੍ਹੀ ਹੈ ਅਤੇ ਕਿਸੇ ਨੇ ਅਸਤੀਫ਼ਾ ਨਹੀਂ ਮੰਗਿਆ ਹੈ। ਕੋਰ ਕਮੇਟੀ ਦੇ ਮੈਂਬਰਾਂ ਨੇ ਇਹ ਵੀ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਅਤੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਦਿੱਤੇ ਅਸਤੀਫ਼ੇ ਜਲਦਬਾਜ਼ੀ ਵਿੱਚ ਪ੍ਰਵਾਨ ਕਰਨ ਦੀ ਵੀ ਕੋਈ ਜ਼ਰੂਰਤ ਨਹੀਂ ਹੈ ਅਤੇ ਮਾਮਲਾ ਆਪਣੇ ਆਪ ਠੰਢਾ ਪੈ ਜਾਵੇਗਾ। ਉਨ੍ਹਾਂ ਮਾਝੇ ਦੇ ਤਿੰਨ ਸੀਨੀਅਰ ਆਗੂਆਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ ਅਤੇ ਜਥੇਦਾਰ ਸੇਵਾ ਸਿੰਘ ਸੇਖਵਾਂ ਦੀਆਂ ਦਲੀਲਾਂ ਅਤੇ ਪਾਰਟੀ ਪ੍ਰਧਾਨ ਖਿਲਾਫ਼ ਕੀਤੀ ਬਿਆਨਬਾਜ਼ੀ ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਹੈ। ਤਾਜ਼ਾ ਘਟਨਾਕ੍ਰਮ ਤੋਂ ਇਹ ਵੀ ਝਲਕ ਪੈਂਦੀ ਹੈ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਅਸਤੀਫ਼ੇ ਦੀ ਪੇਸ਼ਕਸ਼ ਕਰਨਾ ਸੋਚੀ-ਸਮਝੀ ਰਣਨੀਤੀ ਸੀ ਅਤੇ 24 ਘੰਟਿਆਂ ਦੇ ਅੰਦਰ ਹੀ ਪ੍ਰਧਾਨ ਬਣੇ ਰਹਿਣ ਦਾ ਫਤਵਾ ਵੀ ਲੈ ਲਿਆ ਗਿਆ। ਕੋਰ ਕਮੇਟੀ ਦੀ ਅੱਜ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਹਾਜ਼ਰ ਸਨ। ਪਾਰਟੀ ਦੇ ਸਿਆਸੀ ਫ਼ੈਸਲੇ ਲੈਣ ਵਾਲੀ ਇਸ ਅਹਿਮ ਕਮੇਟੀ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਪੱਖ ਵਿੱਚ ਲਏ ਗਏ ਸਪੱਸ਼ਟ ਸਟੈਂਡ ਨੇ ਪਾਰਟੀ ਦੇ ਟਕਸਾਲੀ ਆਗੂਆਂ ਅਤੇ ਬਾਦਲ ਪਰਿਵਾਰ ਦਰਮਿਆਨ ਸਿੱਧੀ ਲਕੀਰ ਵੀ ਖਿੱਚ ਦਿੱਤੀ ਹੈ। ਅਕਾਲੀ ਦਲ ਦੇ ਆਗੂਆਂ ਨੇ ਦੱਸਿਆ ਕਿ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਇਹੀ ਫ਼ੈਸਲਾ ਕੀਤਾ ਗਿਆ ਕਿ ਮਾਝੇ ਨਾਲ ਸਬੰਧਤ ਅਕਾਲੀ ਨੇਤਾਵਾਂ ਜਾਂ ਹੋਰਨਾਂ ਦੀਆਂ ਗਤੀਵਿਧੀਆਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਜਾਵੇ। ਅਕਾਲੀ ਦਲ ਦੇ ਆਗੂਆਂ ਨੇ ਬਰਗਾੜੀ ਕਾਂਡ ਤੋਂ ਹੋ ਰਹੇ ਨੁਕਸਾਨ ਦੀ ਪੂਰਤੀ ਲਈ ਪੰਥਕ ਮੁੱਦਿਆਂ ’ਤੇ ਧਿਆਨ ਕੇਂਦਰਿਤ ਕਰਨ ਦੀ ਰਣਨੀਤੀ ਵੀ ਬਣਾਈ ਹੈ। ਇਸੇ ਤਰ੍ਹਾਂ ਸਰਕਾਰ ’ਤੇ ਬਾਰ੍ਹਵੀਂ ਜਮਾਤ ਦੀਆਂ ਕਿਤਾਬਾਂ ਵਿੱਚ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੇ ਦੋਸ਼ ਲਾਉਂਦਿਆਂ ਸਰਕਾਰ ਖਿਲਾਫ਼ ਪਹਿਲੀ ਨਵੰਬਰ ਤੋਂ ਹੀ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਕੋਰ ਕਮੇਟੀ ਨੇ ਫ਼ੈਸਲਾ ਕੀਤਾ ਕਿ ਅਕਾਲੀ ਦਲ ਵੱਲੋਂ ਅਕਾਲ ਤਖ਼ਤ ਸਾਹਿਬ ’ਤੇ ਅਰਦਾਸ ਕਰਨ ਤੋਂ ਬਾਅਦ ਸੰਘਰਸ਼ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਰਕਾਰ ਸਿੱਖ ਕੌਮ ਤੋਂ ਤੁਰੰਤ ਮੁਆਫ਼ੀ ਮੰਗਣ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਗਠਿਤ ਕਮੇਟੀ ਦੀਆਂ ਗਤੀਵਿਧੀਆਂ ਨੂੰ ਦੇਖਦਿਆਂ ਕਮੇਟੀ ਦੇ ਨੁਮਾਇੰਦਿਆਂ ਨੇ ਅਸਤੀਫ਼ਾ ਦੇ ਦਿੱਤਾ ਸੀ। ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਨੇ ਪਹਿਲਾਂ ਵੀ ਸਿੱਖ ਸੰਸਥਾਵਾਂ ਨੂੰ ਢਾਹ ਲਾਈ ਸੀ ਅਤੇ ਹੁਣ ਸਿੱਖ ਇਤਿਹਾਸ ਨੂੰ ਖ਼ਤਮ ਕਰਨ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ।

Previous articleਅਯੁੱਧਿਆ ਕੇਸ: ਜਨਵਰੀ ’ਚ ਹੋਵੇਗੀ ਸੁਣਵਾਈ
Next articleਇੰਡੋਨੇਸ਼ਿਆਈ ਜਹਾਜ਼ ਹਾਦਸਾਗ੍ਰਸਤ, 189 ਮੌਤਾਂ ਦਾ ਖ਼ਦਸ਼ਾ