ਕਾਂਗਰਸ ਵਲੋਂ ਲੰਬੀ ਵਿਚ ਕੀਤੀ ਜਾ ਰਹੀ ਰੈਲੀ ਤੋਂ ਇਕ ਦਿਨ ਪਹਿਲਾਂ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਪਟਿਆਲਾ ਰੈਲੀ ਵਿਚ ਪੰਜਾਬ ਦੇ ਲੋਕਾਂ ਨੂੰ ਜਵਾਬ ਦੇਣ ਕਿ ਕੀ ਉਨ੍ਹਾਂ ਦੀ ਮੀਟਿੰਗ 14 ਸਤੰਬਰ 2015 ਨੂੰ ਡੇਰਾ ਸਿਰਸਾ ਮੁਖੀ ਨਾਲ ਹੋਈ ਸੀ ਕਿ ਨਹੀਂ? ਉਨ੍ਹਾਂ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੰਬਈ ਵਿਚ ਸੁਖਬੀਰ ਬਾਦਲ ਤੇ ਡੇਰਾ ਮੁਖੀ ਵਿਚਾਲੇ ਹੋਈ ਕਥਿਤ ਮੀਟਿੰਗ ਦੀ ਤਰੀਕ ਵੀ ਨਸ਼ਰ ਕੀਤੀ। ਸ੍ਰੀ ਜਾਖੜ ਨੇ ਕਿਹਾ ਕਿ ਇਹ ਮੀਟਿੰਗ ਡੇਰਾ ਮੁਖੀ ਦੀ ਫ਼ਿਲਮ ‘ਐਮਐੱਸਜੀ-2’ ਦੀ 18 ਸਤੰਬਰ 2015 ਨੂੰ ਰਿਲੀਜ਼ ਤੋਂ ਬਿਲਕੁਲ ਪਹਿਲਾਂ ਹੋਈ ਸੀ ਤੇ ਇਸ ਮੀਟਿੰਗ ਤੋਂ ਬਾਅਦ ਹੀ ਸੁਖਬੀਰ ਬਾਦਲ ਨੇ 24 ਸਤੰਬਰ 2015 ਨੂੰ ਡੇਰਾ ਮੁਖੀ ਨੂੰ ਮੁਆਫ਼ੀ ਦੁਆਈ ਸੀ। ਸ੍ਰੀ ਜਾਖੜ ਨੇ ਕਿਹਾ ਕਿ ਪੰਜਾਬ ਦੇ ਲੋਕ ਕਈ ਸਵਾਲਾਂ ਦਾ ਜਵਾਬ ਬਾਦਲਾਂ ਕੋਲੋਂ ਚਾਹੁੰਦੇ ਹਨ। ਇਨ੍ਹਾਂ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਬਾਰੇ ਅਤੇ ਗੋਲੀ ਚਲਾਉਣ ਦੇ ਹੁਕਮ ਦੇਣ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਨਾ ਕੀਤੇ ਜਾਣਾ ਪ੍ਰਮੁੱਖ ਹਨ। ਸੁਨੀਲ ਜਾਖੜ ਨੇ ਕਿਹਾ ਕਿ ਬਹਿਬਲ ਕਲਾਂ ’ਚ ਹੋਏ ਗੋਲੀ ਕਾਂਡ ਅਤੇ ਬਰਗਾੜੀ ’ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਬਾਰੇ ਉਨ੍ਹਾਂ ਵੱਲੋਂ ਖੜ੍ਹੇ ਕੀਤੇ ਗਏ ਸਵਾਲਾਂ ਤੋਂ ਸੁਖਬੀਰ ਸਿੰਘ ਬਾਦਲ ਕਿਉਂ ਭੱਜ ਰਹੇ ਹਨ। ਜਦਕਿ ਉਨ੍ਹਾਂ ਨੂੰ ਪਟਿਆਲਾ ਦੀ ਰੈਲੀ ਵਿਚ ਇਨ੍ਹਾਂ ਸਾਰੀਆਂ ਗੱਲਾਂ ਦਾ ਜਵਾਬ ਦੇਣਾ ਚਾਹੀਦਾ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਨੇ ਦਾਅਵਾ ਕੀਤਾ ਕਿ 14 ਸਤੰਬਰ ਨੂੰ ਹੋਈ ਮੀਟਿੰਗ ਵਿਚ ਸੁਖਬੀਰ ਬਾਦਲ ਨੇ ਡੇਰਾ ਮੁਖੀ ਨਾਲ ਫਿਲਮ ਰਿਲੀਜ਼ ਕਰਨ ਦਾ ਵਾਅਦਾ ਕੀਤਾ ਸੀ ਤੇ ਤੇਜ਼ੀ ਨਾਲ ਵਾਪਰੇ ਘਟਨਾਕ੍ਰਮ ਦੌਰਾਨ ਤਖ਼ਤਾਂ ਦੇ ਜਥੇਦਾਰਾਂ ਨੂੰ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਸੱਦ ਕੇ ਉਨ੍ਹਾਂ ਨੂੰ ਮੁਆਫ਼ੀ ਦੇਣ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਇਸ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਕਾਇਦਾ 97 ਲੱਖ ਰੁਪਏ ਦੇ ਇਸ਼ਤਿਹਾਰ ਦਿੱਤੇ ਸਨ। ਸਿੱਖ ਸੰਗਤਾਂ ਵੱਲੋਂ ਕੀਤੇ ਗਏ ਤਿੱਖੇ ਵਿਰੋਧ ਕਾਰਨ ਉਨ੍ਹਾਂ ਨੂੰ ਮੁਆਫ਼ੀ ਵੀ ਵਾਪਸ ਲੈਣੀ ਪਈ ਸੀ। ਸੁਨੀਲ ਜਾਖੜ ਨੇ ਆਪਣੇ ਤਾਜ਼ੇ ਲਾਏ ਦੋਸ਼ਾਂ ਬਾਰੇ ਸੁਖਬੀਰ ਸਿੰਘ ਬਾਦਲ ਨੂੰ ਵੰਗਾਰਦਿਆਂ ਕਿਹਾ ਕਿ ਪਹਿਲਾਂ ਉਹ ਇਨ੍ਹਾਂ ਗੱਲਾਂ ਦਾ ਜਵਾਬ ਦੇਣ, ਉਨ੍ਹਾਂ ਕੋਲ ਹੋਰ ਵੀ ਪੁਖ਼ਤਾ ਸਬੂਤ ਹਨ। ਸ੍ਰੀ ਜਾਖੜ ਨੇ ਪ੍ਰਕਾਸ਼ ਸਿੰਘ ਬਾਦਲ ਦੀ ਉਹ ਵੀਡੀਓ ਵੀ ਦਿਖਾਈ ਜਿਸ ਵਿਚ ਉਹ ਕਹਿ ਰਹੇ ਹਨ ਕਿ ਪਟਿਆਲਾ ਰੈਲੀ ਉਨ੍ਹਾਂ ਦੇ ਵੱਕਾਰ ਦਾ ਸਵਾਲ ਬਣੀ ਹੋਈ ਹੈ।
INDIA ਸੁਖਬੀਰ ਬਾਦਲ ਡੇਰਾ ਮੁਖੀ ਨਾਲ ਹੋਈ ਮੁਲਾਕਾਤ ਬਾਰੇ ਸੱਚ ਬਿਆਨਣ: ਜਾਖੜ