ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਸਿੱਖ ਦੰਗਿਆਂ ਦੇ ਮਾਮਲੇ ਵਿੱਚ ਬਿਨਾਂ ਵਜ੍ਹਾ ਗਾਂਧੀ ਪਰਿਵਾਰ ਨੂੰ ਲਪੇਟਣ ਦੀ ਮੁੜ ਕੋਸ਼ਿਸ਼ ਕਰਨ ’ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਦੰਗਿਆਂ ਵਿੱਚ ਕੁਝ ਕਾਂਗਰਸੀ ਆਗੂ ਵਿਅਕਤੀਗਤ ਤੌਰ ’ਤੇ ਸ਼ਾਮਲ ਸਨ ਜਿਨ੍ਹਾਂ ਨੂੰ ਪਾਰਟੀ ਲੀਡਰਸ਼ਿਪ ਦੀ ਲੁਕਵੇਂ ਜਾਂ ਖੁੱਲ੍ਹੇ ਤੌਰ ’ਤੇ ਕੋਈ ਹਮਾਇਤ ਹਾਸਲ ਨਹੀਂ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਕੀਤੀਆਂ ਨਿਰਾਸ਼ ਕੋਸ਼ਿਸ਼ਾਂ ਨੂੰ ਹਾਸੋਹੀਣਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਨੇ ਹਾਲ ਹੀ ’ਚ ਤਿੰਨ ਵੱਡੇ ਸੂਬਿਆਂ ਵਿੱਚ ਜਿੱਤ ਹਾਸਲ ਕੀਤੀ ਹੈ। ਇਸ ਤੋਂ ਸਿੱਧ ਹੁੰਦਾ ਹੈ ਕਿ ਸੁਖਬੀਰ ਬਾਦਲ ਸੰਸਦੀ ਚੋਣਾਂ ਤੋਂ ਪਹਿਲਾਂ ਚੋਣ ਮੈਦਾਨ ਵਿੱਚ ਕੁੱਦਣ ਲਈ ਹੱਥ-ਪੈਰ ਮਾਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਵੋਟਰਾਂ ਦਾ ਸਮਰਥਨ ਜੁਟਾਉਣ ਵਾਸਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡ ਰਿਹਾ ਹੈ।
ਉਨ੍ਹਾਂ ਨੇ ਸੁਖਬੀਰ ਬਾਦਲ ਨੂੰ ਇਸ ਸੰਵੇਦਨਸ਼ੀਲ ਮਸਲੇ ਦਾ ਸਿਆਸੀਕਰਨ ਬੰਦ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਵੀ ਇਸ ਪਾਰਟੀ ਦਾ ਹਸ਼ਰ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਾਲਾ ਹੀ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਜੇ ਕਿਸੇ ਦੀ ਵਿਅਕਤੀਗਤ ਤੌਰ ’ਤੇ ਸਿੱਖ ਦੰਗਿਆਂ ਵਿੱਚ ਕੋਈ ਸ਼ਮੂਲੀਅਤ ਹੈ ਤਾਂ ਉਹ ਸਜ਼ਾ ਦਾ ਹੱਕਦਾਰ ਹੈ ਅਤੇ ਉਸ ਨੂੰ ਗੁਨਾਹਾਂ ਦੀ ਸਜ਼ਾ ਮਿਲਣੀ ਚਾਹੀਦੀ ਹੈ ਪਰ ਇਸ ਮਾਮਲੇ ਵਿੱਚ ਪੂਰੀ ਕਾਂਗਰਸ ਪਾਰਟੀ ਜਾਂ ਗਾਂਧੀ ਪਰਿਵਾਰ ਨੂੰ ਲਪੇਟਣ ਦੀ ਕੋਸ਼ਿਸ਼ ਕਰਨੀ ਗੈਰ-ਵਾਜਬ ਹੈ ਕਿਉਂਕਿ ਹਿੰਸਾ ਮੌਕੇ ਰਾਹੁਲ ਸਕੂਲ ਪੜ੍ਹਦਾ ਬੱਚਾ ਸੀ ਅਤੇ ਰਾਜੀਵ ਗਾਂਧੀ ਪੱਛਮੀ ਬੰਗਾਲ ਵਿੱਚ ਸਨ। ਕੈਪਟਨ ਨੇ ਕਿਹਾ ਕਿ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦੇ ਮੱਦੇਨਜ਼ਰ ਹਿੰਸਾ ਭੜਕਾਉਣ ਵਾਲੇ ਲੋਕਾਂ ਨੂੰ ਕੀਤੇ ਅਪਰਾਧ ਲਈ ਸਜ਼ਾ ਭੁਗਤਣੀ ਪਵੇਗੀ। ਅਦਾਲਤ ਨੇ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਦੇ ਕੇ ਮਿਸਾਲ ਕਾਇਮ ਕਰ ਦਿੱਤੀ ਹੈ। ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਬਾਕੀ ਦੋਸ਼ੀਆਂ ਦਾ ਵੀ ਇਹੀ ਹਸ਼ਰ ਹੋਵੇਗਾ।
ਮੁੱਖ ਮੰਤਰੀ ਨੇ ਸਵਾਲ ਕੀਤਾ ਕਿ ਜੇਕਰ ਸੁਖਬੀਰ ਬਾਦਲ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਸੱਚਮੁੱਚ ਹੀ ਚਿੰਤਤ ਹੈ ਤਾਂ ਇਸ ਮਾਮਲੇ ਵਿੱਚ ਤੁਗਲਕ ਪੁਲੀਸ ਥਾਣੇ ’ਚ ਦਰਜ ਐਫ.ਆਈ.ਆਰ. ਵਿੱਚ ਸ਼ਾਮਲ ਆਰ.ਐਸ.ਐਸ./ਭਾਜਪਾ ਦੇ 22 ਵਰਕਰਾਂ ਦੇ ਮੁੱਦੇ ਨੂੰ ਕਦੇ ਕਿਉਂ ਨਹੀਂ ਚੁੱਕਿਆ। ਅਕਾਲੀਆਂ ਵੱਲੋਂ ਇਸ ਮਾਮਲੇ ਨੂੰ ਇਸ ਕਰਕੇ ਉਠਾਇਆ ਜਾ ਰਿਹਾ ਹੈ ਤਾਂ ਕਿ ਉਹ ਆਪਣੇ ਖ਼ਿਲਾਫ਼ ਪੈਦਾ ਹੋਏ ਲੋਕ ਰੋਹ ਤੋਂ ਧਿਆਨ ਹਟਾ ਸਕਣ।
INDIA ਸੁਖਬੀਰ ਸਿਆਸੀ ਲਾਹੇ ਲਈ ਗਾਂਧੀ ਪਰਿਵਾਰ ’ਤੇ ਸਿਆਸਤ ਕਰ ਰਿਹੈ: ਕੈਪਟਨ