ਐੱਸਏਐੱਸ ਨਗਰ (ਮੁਹਾਲੀ) (ਸਮਾਜਵੀਕਲੀ) : ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ।
ਮੁਹਾਲੀ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਆਰਐੱਸ ਰਾਏ ਨੇ ਪੰਜਾਬ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਸੈਣੀ ਖ਼ਿਲਾਫ਼ ਮੁਹਾਲੀ ਦੇ ਮਟੌਰ ਥਾਣੇ ਵਿੱਚ ਦਰਜ ਕੇਸ ਦੂਜੀ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਹੈ। ਇਸ ਦੌਰਾਨ ਵਿਸ਼ੇਸ਼ ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲਾ ਅਤੇ ਸਰਕਾਰੀ ਵਕੀਲ ਸੰਜੀਵ ਬੱਤਰਾ ਅਤੇ ਬਚਾਅ ਪੱਖ ਦੇ ਵਕੀਲ ਐੱਚਐੱਸ ਧਨੋਆ ਵਿਚਕਾਰ ਕੇਸ ਤਬਦੀਲੀ ਨੂੰ ਲੈ ਕੇ ਭਖਵੀਂ ਬਹਿਸ ਹੋਈ।
ਸੁਣਵਾਈ ਮੌਕੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਵੀ ਅਦਾਲਤ ਵਿੱਚ ਹਾਜ਼ਰ ਸਨ। ਜ਼ਿਲ੍ਹਾ ਤੇ ਸੈਸ਼ਨ ਜੱਜ ਆਰਐਸ ਰਾਏ ਨੇ ਕੇਸ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਇਹ ਕੇਸ ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਮੋਨਿਕਾ ਗੋਇਲ ਦੀ ਅਦਾਲਤ ਵਿੱਚ ਚਲ ਰਿਹਾ ਸੀ। ਹੁਣ ਨਵੀਂ ਅਦਾਲਤ ਵਿੱਚ ਸੋਮਵਾਰ ਨੂੰ ਸੈਣੀ ਖ਼ਿਲਾਫ਼ ਕੇਸ ਦੀ ਅਗਲੀ ਸੁਣਵਾਈ ਹੋਵੇਗੀ।