ਸੂਬਾ ਪ੍ਰਧਾਨ ’ਤੇ ਹੋਇਆ ਹਮਲਾ ਰਾਜਨੀਤੀ ਤੋਂ ਪ੍ਰੇਰਿਤ: ਮਿੱਤਲ

ਚੰਡੀਗੜ੍ਹ (ਸਮਾਜ ਵੀਕਲੀ): ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ’ਤੇ ਹੋਏ ਹਮਲੇ ਦੇ ਮਾਮਲੇ ਸਬੰਧੀ ਅੱਜ ਪਾਰਟੀ ਆਗੂਆਂ ਦਿਨੇਸ਼ ਕੁਮਾਰ, ਸਾਬਕਾ ਭਾਜਪਾ ਪ੍ਰਧਾਨ ਮਦਨ ਮੋਹਨ ਮਿੱਤਲ ਅਤੇ ਸਾਬਕਾ ਪ੍ਰਧਾਨ ਮਨੋਰੰਜਨ ਕਾਲੀਆ ਨੇ ਰਾਜਪਾਲ ਪੰਜਾਬ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰ ਕੇ ਮੰਗ ਪੱਤਰ ਦਿੱਤਾ। ਇਸ ਮੌਕੇ ਸ੍ਰੀ ਮਿੱਤਲ ਨੇ ਕਿਹਾ ਕਿ ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਵੱਲ ਪੰਜਾਬ ਸਰਕਾਰ ਦਾ ਕੋਈ ਧਿਆਨ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ’ਤੇ ਹੋਏ ਹਮਲੇ ਵਿਚ ਉਨ੍ਹਾਂ ਦੀ ਕਾਰ ਨੂੰ ਨੁਕਸਾਨ ਪਹੁੰਚਿਆ। ਉਨ੍ਹਾਂ ਦੇ ਸੁਰੱਖਿਆ ਕਰਮਚਾਰੀਆਂ ਨੇ ਮੁਸ਼ਕਲ ਨਾਲ ਉਨ੍ਹਾਂ ਨੂੰ ਬਚਾਅ ਕੇ ਬਾਹਰ ਕੱਢਿਆ।

ਸ੍ਰੀ ਮਿੱਤਲ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਆਨ ਦਿੱਤਾ ਸੀ ਕਿ ਪੰਜਾਬ ਦਾ ਮਾਹੌਲ ਖ਼ਰਾਬ ਹੁੰਦਾ ਜਾ ਰਿਹਾ ਹੈ। ਇਸ ਤੋਂ ਬਾਅਦ ਜਲਦ ਹੀ ਕਾਂਗਰਸ ਦੇ ਕਈ ਮੰਤਰੀਆਂ ਅਤੇ ਵਿਧਾਇਕਾਂ ਨੇ ਇਹ ਵੀ ਕਿਹਾ ਕਿ ਭਾਜਪਾ ਨੇਤਾਵਾਂ ਅਤੇ ਵਰਕਰਾਂ ਨੂੰ ਪਿੰਡ ਵਿਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕੀ ਇਨ੍ਹਾਂ ਬਿਆਨਾਂ ਤੋਂ ਤੁਰੰਤ ਬਾਅਦ ਪੰਜਾਬ ਯੂਥ ਕਾਂਗਰਸ ਦੇ ਕਾਰਕੁਨਾਂ ਨੇ ਅੰਮ੍ਰਿਤਸਰ ਅਤੇ ਲੁਧਿਆਣਾ ਦੇ ਜ਼ਿਲ੍ਹਾ ਦਫ਼ਤਰ ’ਤੇ ਹਮਲਾ ਕਰ ਦਿੱਤਾ। ਯੂਥ ਕਾਂਗਰਸ ਨੇ ਭਾਜਪਾ ਵਰਕਰਾਂ ਦੇ ਘਰਾਂ ’ਤੇ ਪਾਰਟੀ ਦੇ ਝੰਡੇ ਹਟਾਉਣ ਦਾ ਕੰਮ ਵੀ ਕੀਤਾ।

ਸ੍ਰੀ ਮਿੱਤਲ ਨੇ ਕਿਹਾ ਕੀ ਇਨ੍ਹਾਂ ਘਟਨਾਵਾਂ ਪਿੱਛੇ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਸ਼ਾਮਲ ਹੈ। ਇਸੇ ਤਰ੍ਹਾਂ ਫ਼ਤਹਿਗੜ੍ਹ ਸਾਹਿਬ ਵਿਚ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਦੀ ਜਾਂਚ ਕਰਨੀ ਚਾਹੀਦੀ ਹੈ।

Previous articleਖ਼ਾਲਿਸਤਾਨੀ ਝੰਡਾ: ਐੱਨਆਈਏ ਨੇ ਮੋਗਾ ’ਚ ਲਾਏ ਡੇਰੇ
Next articleਭਾਸ਼ਾ ਵਿਭਾਗ ਵਿੱਚ ਵੱਡੇ ਪੱਧਰ ’ਤੇ ਅਸਾਮੀਆਂ ਖਾਲੀ