ਸੂਬੇ ’ਚ ਭਾਈਚਾਰਕ ਸਾਂਝ ਨੂੰ ਭੰਗ ਨਹੀਂ ਹੋਣ ਦਿਆਂਗੇ: ਕੈਪਟਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਸੂਬੇ ਵਿਚ ਭਾਈਚਾਰਕ ਸਾਂਝ ’ਚ ਤਰੇੜ ਪਾਉਣ ਦੀ ਕਿਸੇ ਵੀ ਕੋਸ਼ਿਸ਼ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਕਿਸੇ ਵੀ ਯਤਨ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ ਜੋ ਸੂਬੇ ’ਚ ਫ਼ਿਰਕਾਪ੍ਰਸਤੀ ਨੂੰ ਸ਼ਹਿ ਦੇ ਕੇ ਧਰਮ-ਨਿਰਪੱਖ ਮਾਹੌਲ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰੇਗਾ। ਮੁੱਖ ਮੰਤਰੀ ਨੇ ਵੀਰਵਾਰ ਨੂੰ ਫ਼ਤਹਿਗੜ੍ਹ ਸਾਹਿਬ ’ਚ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਇੱਥੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਕਿਹਾ ਕਿ ਸਿੱਖ ਧਰਮ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਾ ਹੈ ਤੇ ਇਸ ਨੂੰ ਹਰ ਹਾਲਤ ਬਰਕਰਾਰ ਰੱਖਿਆ ਜਾਵੇਗਾ। ਸਿੱਖ ਧਰਮ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਅਕੀਦਤ ਭੇਟ ਕਰਦਿਆਂ ਕੈਪਟਨ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਸ਼ਹਾਦਤ ਧਾਰਮਿਕ ਕੱਟੜਵਾਦ ਦੇ ਵਿਰੋਧ ਦੀ ਤਰਜ਼ਮਾਨੀ ਕਰਦੀ ਹੈ। ਉਨ੍ਹਾਂ ਹਾਲ ਹੀ ਵਿਚ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਏ ਜਾਣ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਚਿਤਾਵਨੀ ਦਿੱਤੀ ਕਿ ਅਜਿਹੀਆਂ ਗਤੀਵਿਧੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਤੇ ਸਰਕਾਰ ਹੋਰਨਾਂ ਪਾਰਟੀਆਂ ਦੇ ਸੀਨੀਅਰ ਆਗੂਆਂ ਦੇ ਬੁੱਤਾਂ ਦੀ ਰਾਖੀ ਲਈ ਵੀ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ 1984 ਦੇ ਸਿੱਖ ਵਿਰੋਧੀ ਦੰਗਿਆਂ ਜਿਹੇ ਸੰਵੇਦਨਸ਼ੀਲ ਮਾਮਲੇ ਵਿਚ ਵੀ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਧਰਮ ਦੇ ਨਾਂ ’ਤੇ ਪਾੜਾ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਦੰਗਿਆਂ ਨਾਲ ਗਾਂਧੀ ਪਰਿਵਾਰ ਦਾ ਨਾਂ ਜੋੜੇ ਜਾਣ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਜਦ ਤੱਕ ਹਿੰਸਕ ਘਟਨਾਵਾਂ ਵਾਪਰਨੀਆਂ ਸ਼ੁਰੂ ਹੋਈਆਂ, ਉਸ ਵੇਲੇ ਰਾਜੀਵ ਗਾਂਧੀ ਉੱਥੇ ਮੌਜੂਦ ਹੀ ਨਹੀਂ ਸਨ। ਕੈਪਟਨ ਅਮਰਿੰਦਰ ਨੇ ਕਿਹਾ ਕਿ ਦੰਗਿਆਂ ਵੇਲੇ ਸੁਖਬੀਰ ਬਾਦਲ ਅਮਰੀਕਾ ਵਿਚ ਪੜ੍ਹਾਈ ਕਰ ਰਹੇ ਸਨ ਤੇ ਬਿਕਰਮ ਸਿੰਘ ਮਜੀਠੀਆ ਵੀ ਪੰਜਾਬ ਵਿਚ ਕਿਸੇ ਥਾਂ ਪੜ੍ਹ ਰਹੇ ਸਨ। ਇਸ ਲਈ ਉਨ੍ਹਾਂ ਨੂੰ ਉਸ ਵੇਲੇ ਵਾਪਰੀਆਂ ਘਟਨਾਵਾਂ ਬਾਰੇ ਕੁਝ ਪਤਾ ਨਹੀਂ ਹੈ। ਇਸ ਲਈ ਇਨ੍ਹਾਂ ਆਗੂਆਂ ਨੂੰ ਸਿਆਸੀ ਲਾਹਾ ਲੈਣ ਲਈ ਧਰਮ ਤੇ ਇਨ੍ਹਾਂ ਘਟਨਾਵਾਂ ਨੂੰ ਰਲ-ਗੱਡ ਨਹੀਂ ਕਰਨਾ ਚਾਹੀਦਾ। ਗੁਰਦਾਸਪੁਰ ਵਿਚ 3 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਜਵੀਜ਼ਸ਼ੁਦਾ ਸਿਆਸੀ ਰੈਲੀ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਨਰਿੰਦਰ ਮੋਦੀ ਅਜਿਹੀਆਂ ਰੈਲੀਆਂ ਕਰ ਰਹੇ ਹਨ, ਪਰ ਕਾਂਗਰਸ ਇਕ ਵਾਰ ਫੇਰ ਅਕਾਲੀ-ਭਾਜਪਾ ਗੱਠਜੋੜ ’ਤੇ ਭਾਰੀ ਪਏਗੀ। ਮੁੱਖ ਮੰਤਰੀ ਨੇ ਇਸ ਮੌਕੇ ਜਲਦੀ ਹੀ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂ ’ਤੇ ਚੌਕ ਬਣਾਉਣ ਦਾ ਵੀ ਐਲਾਨ ਕੀਤਾ। ਉਨ੍ਹਾਂ ਸ਼ਹੀਦੀ ਸਭਾ ਦੌਰਾਨ ਸਿਆਸੀ ਕਾਨਫ਼ਰੰਸ ਨਾ ਕਰਨ ਦਾ ਵਾਅਦਾ ਦੁਹਰਾਇਆ। ਮੁੱਖ ਮੰਤਰੀ ਤੋਂ ਇਲਾਵਾ ਬਾਅਦ ਦੁਪਹਿਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਵੀ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਮੱਥਾ ਟੇਕਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ਹਲਕਾ ਫ਼ਤਹਿਗੜ੍ਹ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ, ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ., ਵਿਧਾਇਕ ਲਖਬੀਰ ਸਿੰਘ ਲੱਖਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ, ਰੂਪਨਗਰ ਰੇਂਜ ਦੇ ਆਈਜੀ ਵੀ. ਨੀਰਜਾ, ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਪੁਲੀਸ ਮੁਖੀ ਅਲਕਾ ਮੀਨਾ ਹਾਜ਼ਰ ਸਨ।

Previous articleਕਾਂਗਰਸ ਨੇ ਕਰਜ਼ਾ ਮੁਆਫ਼ੀ ਦੇ ਮੁੱਦੇ ’ਤੇ ਕਿਸਾਨਾਂ ਨੂੰ ਗੁੰਮਰਾਹ ਕੀਤਾ: ਮੋਦੀ
Next articleਸ਼ੱਕੀ ਦਹਿਸ਼ਤੀਆਂ ਨੂੰ 12 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚ ਭੇਜਿਆ