ਚੰਡੀਗੜ੍ਹ (ਸਮਾਜਵੀਕਲੀ): ਸਿਟੀ ਬਿਊਟੀਫੁੱਲ ਦੇ ਸੈਕਟਰ-38 ਅਤੇ 52 ਨੂੰ ਕੰਟੇਨਮੈਂਟ ਜ਼ੋਨ ਵਿੱਚੋਂ ਬਾਹਰ ਕਰ ਦਿੱਤਾ ਹੈ। ਇਸੇ ਤਰ੍ਹਾਂ ਸ਼ਾਸਤਰੀ ਨਗਰ ਮਨੀਮਾਜਰਾ ਨੂੰ 31 ਮਈ ਨੂੰ ਕੰਟੇਨਮੈਂਟ ਜ਼ੋਨ ਤੋਂ ਬਾਹਰ ਕਰ ਦਿੱਤਾ ਜਾਵੇਗਾ। ਇਸ ਗੱਲ ਦਾ ਖੁਲਾਸਾ ਯੂਟੀ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਅੱਜ ਸਮੀਖਿਆ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਵਿੱਚ ਪਿੱਛਲੇ 28 ਦਿਨਾਂ ਤੋਂ ਕਰੋਨਾਵਾਇਰਸ ਦਾ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ ਅਤੇ ਕੇਂਦਰ ਸਰਕਾਰ ਦੇ ਆਦੇਸ਼ਾਂ ਮੁਤਾਬਕ ਜੇਕਰ ਕਿਸੇ ਇਲਾਕੇ ਵਿੱਚ 28 ਦਿਨ ਕੋਈ ਕੇਸ ਨਹੀਂ ਆਉਂਦਾ ਤਾਂ ਉਸ ਨੂੰ ਕੰਟੇਨਮੈਂਟ ਜ਼ੋਨ ਵਿੱਚੋਂ ਬਾਹਰ ਕੀਤਾ ਜਾ ਸਕਦਾ ਹੈ।
ਪ੍ਰਸ਼ਾਸਕ ਨੇ ਸੈਕਟਰ-38 ਅਤੇ 52 ਵਿੱਚ ਰਹਿਣ ਵਾਲੇ ਲੋਕਾਂ ਨੂੰ ਆਪਸੀ ਦੂਰੀ ਬਣਾਏ ਰੱਖਣ, ਮਾਸਕ ਦੀ ਵਰਤੋਂ ਕਰਨ ਅਤੇ ਹੱਥ ਵਾਰ-ਵਾਰ ਸਾਫ਼ ਕਰਨ ਅਤੇ ਕਰੋਨਾਵਾਇਰਸ ਤੋਂ ਸੁਰੱਖਿਅਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕੰਟੇਨਮੈਂਟ ਜ਼ੋਨ ਵਿੱਚ ਰਹਿਣ ਵਾਲੇ ਲੋਕਾਂ ’ਤੇ ਨਜ਼ਰ ਰੱਖੀ ਜਾਵੇ ਅਤੇ ਜੇਕਰ ਕੋਈ ਸ਼ੱਕੀ ਮਰੀਜ਼ ਪਾਇਆ ਜਾਂਦਾ ਹੈ ਤਾਂ ਉਸ ਦੀ ਤੁਰੰਤ ਜਾਂਚ ਕੀਤੀ ਜਾਵੇ।
ਇਸ ਮੌਕੇ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਕਿਹਾ ਕਿ ਯੂਟੀ ਪ੍ਰਸ਼ਾਸਨ ਵੱਲੋਂ ਚੰਡੀਗੜ੍ਹ ਸ਼ਹਿਰ ਵਿੱਚ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਵਿਦੇਸ਼ੀ ਅਤੇ ਘਰੇਲੂ ਉਡਾਨਾਂ ਰਾਹੀਂ ਸਫ਼ਰ ਕਰਕੇ ਆਉਣ ਵਾਲੇ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸੇ ਦੌਰਾਨ ਨਗਰ ਨਿਗਮ ਕਮਿਸ਼ਨਰ ਕੇ.ਕੇ. ਯਾਦਵ ਨੇ ਦੱਸਿਆ ਕਿ ਸੈਕਟਰ-26 ਦੇ ਥੋਕ ਬਾਜ਼ਾਰ ਨੂੰ ਫਿਲਹਾਲ ਖੋਲ੍ਹਿਆ ਨਹੀਂ ਜਾਵੇਗਾ।