ਸੀਪੀਆਈ ਵੱਲੋਂ ਬਾਬਾ ਸੋਹਣ ਸਿੰਘ ਭਕਨਾ ਨੂੰ ਸਮਰਪਿਤ ਕਾਨਫ਼ਰੰਸ ਤੇ ਸਮਾਗਮ
ਅਟਾਰੀ– ਗ਼ਦਰ ਪਾਰਟੀ ਦੇ ਬਾਨੀ ਪ੍ਰਧਾਨ ਬਾਬਾ ਸੋਹਣ ਸਿੰਘ ਭਕਨਾ ਦੇ 150ਵੇਂ ਜਨਮ ਦਿਹਾੜੇ ਮੌਕੇ ਭਕਨਾ ਕਲਾਂ ਵਿਚ ਅੱਜ ਸੀਪੀਆਈ ਵੱਲੋਂ ਵਿਸ਼ਾਲ ਕਾਨਫ਼ਰੰਸ ਤੇ ਸਭਿਆਚਾਰਕ ਸਮਾਗਮ ਕਰਵਾਇਆ ਗਿਆ। ਸੀਪੀਆਈ ਦੇ ਜਨਰਲ ਸਕੱਤਰ ਡੀ. ਰਾਜਾ, ਸੂਬਾ ਸਕੱਤਰ ਬੰਤ ਸਿੰਘ ਬਰਾੜ, ਬਾਬਾ ਭਕਨਾ ਦੇ ਪਰਿਵਾਰਕ ਮੈਂਬਰਾਂ ਤੇ ਹੋਰ ਆਗੂਆਂ ਨੇ ਬਾਬਾ ਭਕਨਾ ਦੀ ਯਾਦਗਾਰ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸੀਪੀਆਈ ਆਗੂ ਡੀ. ਰਾਜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਾਜਪਾ ਸਰਕਾਰ ਦੀ ਸੱਤਾ ਹੇਠ ਦੇਸ਼ ਗੰਭੀਰ ਹਾਲਤਾਂ ’ਚੋਂ ਗੁਜ਼ਰ ਰਿਹਾ ਹੈ। ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ’ਚ ਜਮਹੂਰੀਅਤ ਦਾ ਘਾਣ ਕੀਤਾ ਹੈ ਤੇ ਸੂਬੇ ਨੂੰ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਯੂਟੀ ਬਣਾ ਦਿੱਤੇ ਗਏ ਜੰਮੂ ਕਸ਼ਮੀਰ ਦਾ ਸੂਬੇ ਦਾ ਦਰਜਾ ਬਹਾਲ ਕਰਨ ਤੇ ਨਜ਼ਰਬੰਦਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਡੀ. ਰਾਜਾ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਨਾਗਰਿਕਤਾ ਕਾਨੂੰਨ ਸੋਧ ਕੇ ਫਿਰਕਾਪ੍ਰਸਤੀ ਨੂੰ ਸ਼ਹਿ ਦਿੱਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ-ਸ਼ਾਹ ਪੂਰੇ ਦੇਸ਼ ਵਿੱਚ ਇੱਕ ਵਿਸ਼ੇਸ਼ ਧਰਮ ਦਾ ਰਾਜ ਚਾਹੁੰਦੇ ਹਨ ਜੋ ਘਾਤਕ ਹੈ। ਭਾਜਪਾ ਤੇ ਆਰਐੱਸਐੱਸ ਦੇਸ਼ ਦਾ ਧਰਮ ਨਿਰਪੱਖ ਦਰਜਾ ਮੇਟਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਨਾਗਰਿਕਤਾ ਕਾਨੂੰਨ ਵਿਚ ਸੋਧ ਕਰ ਕੇ ਮੁਸਲਮਾਨਾਂ ਨੂੰ ਬਾਹਰ ਰੱਖਣਾ ਅਨਿਆਂ ਹੈ ਤੇ ਇਸ ਖ਼ਿਲਾਫ਼ ਦੇਸ਼ ਭਰ ਵਿੱਚ ਵਿਆਪਕ ਰੋਸ ਦੀ ਲਹਿਰ ਹੈ। ਡੀ. ਰਾਜਾ ਨੇ ਕਿਹਾ ਕਿ ਪੰਜਾਬ ਦੀ ਧਰਤੀ ਤੋਂ ਬਾਬਾ ਨਾਨਕ ਨੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੱਤਾ ਸੀ ਤੇ ਹੁਣ ਭਾਜਪਾ ਤੇ ਆਰਐੱਸਐੱਸ ਵੱਲੋਂ ਵੰਡ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਾਰਟੀ ਦੇ ਸੂਬਾ ਸਕੱਤਰ ਬੰਤ ਸਿੰਘ ਬਰਾੜ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਦੇਸ਼ ਦੀਆਂ ਸੈਂਕੜੇ ਕਿਸਾਨ ਜਥੇਬੰਦੀਆਂ 8 ਜਨਵਰੀ ਨੂੰ ਕੌਮੀ ਪੱਧਰ ’ਤੇ ‘ਪੇਂਡੂ ਭਾਰਤ ਬੰਦ’ ਦੇ ਸੱਦੇ ’ਤੇ ਹੜਤਾਲ ਕਰਨਗੀਆਂ। ਸੂਬਾ ਕਾਰਜਕਾਰਨੀ ਮੈਂਬਰ ਹਰਭਜਨ ਸਿੰਘ ਤੇ ਪ੍ਰਿਥੀਪਾਲ ਸਿੰਘ ਮਾੜੀਮੇਘਾ (ਸੂਬਾ ਮੀਤ ਸਕੱਤਰ ਤੇ ਟਰੱਸਟੀ ਦੇਸ਼ ਭਗਤ ਯਾਦਗਾਰ ਕਮੇਟੀ) ਨੇ ਕਿਹਾ ਕਿ ਬਾਬਾ ਭਕਨਾ ਨੇ ਬ੍ਰਿਟਿਸ਼ ਸ਼ਾਸਨ ਦੌਰਾਨ ਅਕਹਿ ਤਸ਼ੱਦਦ ਝੱਲੇ ਸਨ, 26 ਸਾਲ ਜ਼ੇਲ੍ਹਾਂ ਵਿੱਚ ਗੁਜ਼ਾਰਨੇ ਪਏ। ਉਨ੍ਹਾਂ ਕਿਹਾ ਕਿ ਅੱਜ ਦੇਸ਼ ’ਤੇ ਉਹ ਪਾਰਟੀ ਰਾਜ ਕਰ ਰਹੀ ਹੈ ਜਿਸ ਦਾ ਆਜ਼ਾਦੀ ਦੇ ਅੰਦੋਲਨ ਵਿੱਚ ਕੋਈ ਹਿੱਸਾ ਨਹੀਂ ਹੈ। ਪਾਰਟੀ ਆਗੂਆਂ ਨੇ ਮੰਗ ਕੀਤੀ ਕਿ ਬਾਬਾ ਸੋਹਣ ਸਿੰਘ ਭਕਨਾ ਦਾ ਆਦਮਕੱਦ ਬੁੱਤ ਜੀਟੀ ਰੋਡ ਖਾਸਾ ਵਿਖੇ ਲਾਇਆ ਜਾਵੇ। ਬਾਬਾ ਸੋਹਣ ਸਿੰਘ ਭਕਨਾ ਦੇ ਪੋਤਰੇ ਹਜ਼ਾਰਾ ਸਿੰਘ ਗਿੱਲ ਤੇ ਪੜਪੋਤਰੇ ਜਸਬੀਰ ਸਿੰਘ ਗਿੱਲ ਵੀ ਇਸ ਮੌਕੇ ਹਾਜ਼ਰ ਸਨ। ਡਾ. ਗੁਰਦਿਆਲ ਸਿੰਘ ਫੁੱਲ ਦਾ ਲਿਖਿਆ ਨਾਟਕ ‘ਇਹ ਲਹੂ ਕਿਸਦਾ ਹੈ’ ਇਸ ਮੌਕੇ ਖੇਡਿਆ ਗਿਆ। ਇਸੇ ਦੌਰਾਨ ਡੀ ਰਾਜਾ ਨੇ ਆਖਿਆ ਕਿ ਨਾਗਰਿਕਤਾ ਸੋਧ ਐਕਟ ਦਾ ਦੇਸ਼ ਭਰ ਵਿਚ ਵਿਰੋਧ ਹੋ ਰਿਹਾ ਹੈ ਅਤੇ ਅਜੋਕੀ ਸਥਿਤੀ ਵਿਚ ਦੇਸ਼ ਦੇ ਰਾਸ਼ਟਰਪਤੀ ਨੂੰ ਦਖਲ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਸੋਧੇ ਹੋਏ ਕਾਨੂੰਨ ਵਿਚ ਸ੍ਰੀਲੰਕਾ ਦੇ ਤਾਮਿਲਾਂ ਨੂੰ ਸ਼ਾਮਲ ਨਹੀਂ ਕੀਤਾ ਗਿਆ, ਜਿਨ੍ਹਾਂ ’ਤੇ ਲਗਾਤਾਰ ਜ਼ੁਲਮ ਹੋਏ ਹਨ। ਅਜਿਹੇ ਤਾਮਿਲ ਵੀ ਸ਼ਰਨਾਰਥੀਆਂ ਵਾਂਗ ਦੇਸ਼ ਵਿਚ ਹਨ।