ਕੁੱਲ ਹਿੰਦ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਅੱਜ ਕਾਂਗਰਸ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ ਗਈ। ਇਹ ਮੀਟਿੰਗ ਪਾਰਟੀ ਦੀ ਸੱਤਾ ਵਾਲੇ ਸੂਬਿਆਂ ਨੂੰ ਵਧੀਆ ਪ੍ਰਬੰਧ ਦੇ ਮਾਮਲੇ ’ਚ ਰੋਲ ਮਾਡਲ ਰਾਜ ਬਣਾਉਣ ਸਬੰਧੀ ਵਿਚਾਰ-ਚਰਚਾ ਕਰਨ ਲਈ ਕੀਤੀ ਗਈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਾਘੇਲ ਅਤੇ ਪੁੱਡੂਚੇਰੀ ਦੇ ਮੁੱਖ ਮੰਤਰੀ ਵੀ ਨਾਰਾਇਣਾਸਾਮੀ ਅੱਜ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਉਨ੍ਹਾਂ ਦੇ ਘਰ ’ਚ ਮਿਲੇ। ਸੂਤਰਾਂ ਅਨੁਸਾਰ ਮੀਟਿੰਗ ਵਿੱਚ ਰਾਜਸਥਾਨ ਦੇ ਉਪ ਮੁੱਖ ਮੰਤਰੀ ਸਚਿਨ ਪਾਇਲਟ ਸਣੇ ਕਾਂਗਰਸ ਦੀ ਸੱਤਾ ਵਾਲੇ ਰਾਜਾਂ ਦੀਆਂ ਕਾਂਗਰਸ ਪ੍ਰਦੇਸ਼ ਇਕਾਈਆਂ ਦੇ ਪ੍ਰਧਾਨ ਵੀ ਸ਼ਾਮਲ ਸਨ। ਦਾਂਤੇਵਾੜਾ ਵਿੱਚ ਉਪ ਚੋਣ ਦੇ ਰੁਝੇਵਿਆਂ ਕਾਰਨ ਛੱਤੀਸਗੜ੍ਹ ਕਾਂਗਰਸ ਦੇ ਪ੍ਰਧਾਨ ਮੋਹਨ ਮਰਕਮ ਹੀ ਇਕੱਲੇ ਸੂਬਾ ਪ੍ਰਧਾਨ ਸਨ ਜੋ ਇਸ ਮੌਕੇ ਹਾਜ਼ਰ ਨਹੀਂ ਸਨ।
ਵੀਰਵਾਰ ਨੂੰ ਇੱਥੇ ਪਾਰਟੀ ਦੇ ਜਨਰਲ ਸਕੱਤਰਾਂ, ਇੰਚਾਰਜਾਂ, ਸੂਬਾ ਇਕਾਈਆਂ ਦੇ ਪ੍ਰਧਾਨਾਂ ਅਤੇ ਵਿਰੋਧੀ ਧਿਰ ਦੇ ਆਗੂਆਂ ਨਾਲ ਕੀਤੀ ਮੀਟਿੰਗ ’ਚ ਸ੍ਰੀਮਤੀ ਸੋਨੀਆ ਗਾਂਧੀ ਨੇ ਕਿਹਾ ਸੀ, ‘‘ਮੈਂ ਇਹ ਕਹਿਣਾ ਚਾਹੁੰਦੀ ਹਾਂ ਕਿ ਪੰਜਾਬ, ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਪੁੱਡੂਚੇਰੀ ਵਰਗੇ ਜਿਨ੍ਹਾਂ ਰਾਜਾਂ ਵਿੱਚ ਅਸੀਂ ਸੱਤਾ ਵਿੱਚ ਹਨ ਉੱਥੇ ਸਾਡੀ ਵਿਸ਼ੇਸ਼ ਜ਼ਿੰਮੇਵਾਰੀ ਹੈ। ਇਹ ਰਾਜ ਸੰਵੇਦਨਸ਼ੀਲ ਤੇ ਜਵਾਬਦੇਹ ਪ੍ਰਬੰਧ, ਜ਼ਿੰਮੇਵਾਰੀ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੀ ਉਦਹਾਰਨ ਬਣਨੇ ਚਾਹੀਦੇ ਹਨ।’’
HOME ਸੋਨੀਆ ਵੱਲੋਂ ਕਾਂਗਰਸੀ ਮੁੱਖ ਮੰਤਰੀਆਂ ਨਾਲ ਮੀਟਿੰਗ