ਚੰਡੀਗੜ੍ਹ ,ਸਮਾਜ ਵੀਕਲੀ; ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਪਿੰਡਾਂ ਵਿੱਚ ਟੀਕਾਕਰਨ ਨੂੰ ਉਤਸ਼ਾਹਿਤ ਕਰਨ ਲਈ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਦੇ ‘ਕਰੋਨਾ ਮੁਕਤ ਪਿੰਡ ਅਭਿਆਨ’ ਤਹਿਤ 100 ਫ਼ੀਸਦੀ ਟੀਕਾਕਰਨ ਦਾ ਟੀਚਾ ਪੂਰਾ ਕਰਨ ਵਾਲੇ ਹਰੇਕ ਪਿੰਡ ਨੂੰ 10 ਲੱਖ ਰੁਪਏ ਦੀ ਵਿਕਾਸ ਗ੍ਰਾਂਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਪੰਚਾਂ ਅਤੇ ਪੰਚਾਂ ਵੱਲੋਂ ਲੋਕਾਂ ਨੂੰ ਹਲਕੇ ਲੱਛਣ ਨਜ਼ਰ ਆਉਣ ਉੱਤੇ ਵੀ ਆਪਣੀ ਕੋਵਿਡ- 19 ਸਬੰਧੀ ਜਾਂਚ ਅਤੇ ਟੀਕਾਕਰਨ ਕਰਵਾਉਣ ਹਿੱਤ ਪ੍ਰੇਰਿਤ ਕੀਤਾ ਜਾਵੇ।
ਮੁੱਖ ਮੰਤਰੀ 4000 ਲਾਈਵ ਲੋਕੇਸ਼ਨਾਂ ’ਤੇ ਵੱਖੋ-ਵੱਖ ਪਿੰਡਾਂ ਦੀਆਂ ਪੰਚਾਇਤਾਂ ਦੇ 2000 ਮੁਖੀਆਂ/ਮੈਂਬਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਸਰਪੰਚਾਂ ਨੂੰ ਕੋਵਿਡ- 19 ਦੇ ਐਮਰਜੈਂਸੀ ਇਲਾਜ ਲਈ ਪੰਚਾਇਤ ਫੰਡਾਂ ਵਿੱਚੋਂ ਪ੍ਰਤੀ ਦਿਨ 5000 ਰੁਪਏ ਦੀ ਹੱਦ ਤੱਕ ਖ਼ਰਚਾ ਕਰਨ ਦੀ ਮਨਜ਼ੂਰੀ ਦਿੱਤੀ ਹੈ ਅਤੇ ਇਹ ਹੱਦ 50,000 ਰੁਪਏ ਤੱਕ ਮਿੱਥੀ ਗਈ ਹੈ। ਮੁੱਖ ਮੰਤਰੀ ਨੇ ਸਰਪੰਚਾਂ ਅਤੇ ਪੰਚਾਂ ਨੂੰ ਆਪੋ-ਆਪਣੇ ਪਿੰਡਾਂ ਵਿੱਚ ਕਰੋਨਾ ਗ੍ਰਸਤ ਵਿਅਕਤੀਆਂ ਦਾ ਦਾਖ਼ਲਾ ਰੋਕਣ ਲਈ ਠੀਕਰੀ ਪਹਿਰੇ ਸ਼ੁਰੂ ਕਰਨ ਲਈ ਕਿਹਾ।
ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 18 ਸਾਲ ਤੋਂ ਵੱਧ ਦੇ ਉਮਰ ਵਰਗ ਦੇ ਟੀਕਾਕਰਨ ਲਈ ਵੱਖੋ-ਵੱਖ ਸਰੋਤਾਂ ਲਈ ਟੀਕਿਆਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਹਾਮਾਰੀ ਵਿਰੁੱਧ ਰਲ ਕੇ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਰੋਜ਼ਾਨਾ ਕੇਸਾਂ ਦੀ ਗਿਣਤੀ 17 ਮਈ ਨੂੰ 9000 ਤੋਂ ਘਟ ਕੇ 6947 ਹੋ ਗਈ ਸੀ ਪਰ ਹਾਲਾਤ ਅਜੇ ਵੀ ਨਾਜ਼ੁਕ ਹਨ ਅਤੇ ਕਈ ਲੋਕ ਅਜੇ ਵੀ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ ਕਿਉਂਕਿ ਉਹ ਇਲਾਜ ਕਰਵਾਉਣ ਵਿੱਚ ਕਾਫ਼ੀ ਦੇਰੀ ਕਰ ਦਿੰਦੇ ਹਨ। ਉਨ੍ਹਾਂ ਕਿਹਾ,‘ਜੇਕਰ ਇਨ੍ਹਾਂ ਲੋਕਾਂ ਨੇ ਮੁੱਢਲੇ ਪੜਾਅ ’ਤੇ ਹੀ ਡਾਕਟਰੀ ਸਹਾਇਤਾ ਲਈ ਹੁੰਦੀ ਤਾਂ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਸਨ।’
ਮੁੱਖ ਮੰਤਰੀ ਨੇ ਪਿੰਡਾਂ ਦੇ ਵਸਨੀਕਾਂ ਨੂੰ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਉੱਤੇ ਜਾਰੀ ਸਿਹਤ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਅਤੇ ਦੱਸਿਆ ਕਿ ਸਰਕਾਰ ਵੱਲੋਂ ਲੋਕਾਂ ਦੀ ਸਹਾਇਤਾ ਲਈ ‘104’ ਹੈਲਪਲਾਈਨ 24×7 ਘੰਟੇ ਚਾਲੂ ਹੈ ਅਤੇ ਘਰੇਲੂ ਇਕਾਂਤਵਾਸ ਵਿੱਚ ਰਹਿ ਰਹੇ ਮਰੀਜ਼ਾਂ ਨੂੰ ਸਿਹਤ ਟੀਮਾਂ ਵੱਲੋਂ ਰੋਜ਼ਾਨਾ ਫੋਨ ਕਰ ਕੇ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਪੰਜਾਬ ਪੁਲੀਸ ਵੱਲੋਂ ਭੋਜਨ ਹੈਲਪਲਾਈਨ ‘112’ ਰਾਹੀਂ ਕੋਵਿਡ- 19 ਦੇ ਮਰੀਜ਼ਾਂ ਨੂੰ 24 ਘੰਟੇ ਭੋਜਨ ਮੁਹੱਈਆ ਕਰਵਾਉਣ ਦਾ ਅਮਲ ਜਾਰੀ ਹੈ।
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਿਹਤ ਵਿਭਾਗ ਰੈਪਿਡ ਐਂਟੀਜਨ ਟੈਸਟ (ਆਰਏਟੀ) ਲਈ 12 ਲੱਖ ਕਿੱਟਾਂ ਦਾ ਆਰਡਰ ਦੇ ਚੁੱਕਾ ਹੈ ਤਾਂ ਕਿ ਸ਼ੁਰੂ ਵਿੱਚ ਹੀ ਕੋਵਿਡ- 19 ਕੇਸਾਂ ਦਾ ਪਤਾ ਲਾਇਆ ਜਾ ਸਕੇ। ਇਸ ਤੋਂ ਪਹਿਲਾਂ ਬਠਿੰਡਾ ਜ਼ਿਲ੍ਹੇ ਦੇ ਪਿੰਡ ਮਾਨਕ ਖਾਨਾ ਦੀ ਸਰਪੰਚ ਸੈਸਨਦੀਪ ਕੌਰ, ਹੁਸ਼ਿਆਰਪੁਰ ਦੇ ਪਿੰਡ ਸਾਰੰਗਵਾਲ ਦੀ ਸਰਪੰਚ ਸੁਰਜੀਤ ਕੌਰ, ਮੋਗਾ ਦੇ ਸਾਫੂਵਾਲਾ ਦੇ ਸਰਪੰਚ ਲਖਵੰਤ ਸਿੰਘ, ਪਟਿਆਲਾ ਦੇ ਪਿੰਡ ਖਨੌਰਾ ਦੀ ਸਰਪੰਚ ਗੁਰਦੀਪ ਕੌਰ ਅਤੇ ਅੰਮ੍ਰਿਤਸਰ ਦੇ ਪਿੰਡ ਮਹਿਤਾ ਦੇ ਸਰਪੰਚ ਕਸ਼ਮੀਰ ਸਿੰਘ ਨੇ ਪਿੰਡਾਂ ਵਿੱਚ ਸਿਹਤ ਸੰਭਾਲ ਦੇ ਮੌਜੂਦਾ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਸੁਝਾਅ ਦਿੱਤੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly