ਸ੍ਰੀਨਗਰ ਕੇਂਦਰੀ ਜੇਲ੍ਹ ਵਿੱਚ ਬੈਰਕ ਬਦਲਣ ਤੋਂ ਨਾਰਾਜ਼ ਕੁਝ ਕੈਦੀ ਜੇਲ੍ਹ ਮੁਲਾਜ਼ਮਾਂ ਨਾਲ ਭਿੜ ਗਏ। ਜੇਲ੍ਹ ਅਧਿਕਾਰੀਆਂ ਮੁਤਾਬਕ ਹਾਲਾਤ ਕਾਬੂ ਹੇਠ ਹਨ ਤੇ ਉੱਚ ਅਧਿਕਾਰੀ ਹਾਲਾਤ ’ਤੇ ਨੇੜਿਓਂ ਹੋ ਕੇ ਨਜ਼ਰ ਰੱਖ ਰਹੇ ਹਨ। ਉਂਜ ਇਹਤਿਆਤ ਵਜੋਂ ਸ੍ਰੀਨਗਰ ਸ਼ਹਿਰ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।
ਜਾਣਕਾਰੀ ਅਨੁਸਾਰ ਵੀਰਵਾਰ ਰਾਤ ਨੂੰ ਰੇੜਕਾ ਉਦੋਂ ਸ਼ੁਰੂ ਹੋਇਆ ਜਦੋਂ ਕੁਝ ਕੈਦੀਆਂ ਨੇ ਉਨ੍ਹਾਂ ਨੂੰ ਦੋ ਬੈਰਕਾਂ ’ਚੋਂ ਕੱਢ ਕੇ ਦੂਜੀ ਥਾਂ ਤਬਦੀਲ ਕੀਤੇ ਜਾਣ ਦੇ ਜੇਲ੍ਹ ਅਧਿਕਾਰੀਆਂ ਦੇ ਫੈਸਲੇ ਦਾ ਵਿਰੋਧ ਕੀਤਾ। ਜੇਲ੍ਹ ਅਧਿਕਾਰੀਆਂ ਮੁਤਾਬਕ ਇਨ੍ਹਾਂ ਬੈਰਕਾਂ ਦੀ ਮੁਰੰਮਤ ਦੇ ਚਲਦਿਆਂ ਸਬੰਧਤ ਕੈਦੀਆਂ ਨੂੰ ਦੂਜੀ ਥਾਂ ਤਬਦੀਲ ਕੀਤਾ ਜਾਣਾ ਸੀ।
ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਕੈਦੀਆਂ ਨੂੰ ਲੱਗਾ ਕਿ ਸ਼ਾਇਦ ਉਨ੍ਹਾਂ ਨੂੰ ਵਾਦੀ ਤੋਂ ਬਾਹਰਲੀਆਂ ਜੇਲ੍ਹਾਂ ਵਿੱਚ ਤਬਦੀਲ ਕੀਤਾ ਜਾ ਰਿਹੈ। ਗੁੱਸੇ ਵਿੱਚ ਆਏ ਕੈਦੀਆਂ ਨੇ ਸਿਲੰਡਰਾਂ ਨੂੰ ਅੱਗ ਲਾ ਦਿੱਤੀ ਤੇ ਜੇਲ੍ਹ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਂਦਿਆਂ ਹੁੜਦੰਗ ਮਚਾਇਆ। ਕੈਦੀਆਂ ਨੇ ਘੱਟੋ-ਘੱਟ ਦੋ ਬੈਰਕਾਂ ਤੇ ਰਸੋਈ ਨੂੰ ਅੱਗ ਲਾ ਦਿੱਤੀ।
ਅਧਿਕਾਰੀ ਨੇ ਦੱਸਿਆ ਕਿ ਸਥਿਤੀ ਕਾਬੂ ਹੇਠ ਹੈ ਤੇ ਪੂਰੇ ਹਾਲਾਤ ’ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਦੌਰਾਨ ਇਹਤਿਆਤ ਵਜੋਂ ਸ੍ਰੀਨਗਰ ਸ਼ਹਿਰ ਵਿੱਚ ਇੰਟਰਨੈੱਟ ਸੇਵਾਵਾਂ ਠੱਪ ਕਰ ਦਿੱਤੀਆਂ ਗਈਆਂ ਹਨ ਜਦੋਂ ਕਿ ਦੱਖਣੀ ਕਸ਼ਮੀਰ ’ਚ ਇੰਟਰਨੈੱਟ ਦੀ ਰਫ਼ਤਾਰ ਘਟਾ ਦਿੱਤੀ ਹੈ। ਪੁਰਾਣੇ ਸ਼ਹਿਰ ਦੇ ਇਲਾਕੇ ਵਿੱਚ ਸੁਰੱਖਿਆ ਮੁਲਾਜ਼ਮਾਂ ਦੀ ਨਫ਼ਰੀ ਵੀ ਵਧਾਈ ਗਈ ਹੈ।
INDIA ਸ੍ਰੀਨਗਰ ਕੇਂਦਰੀ ਜੇਲ੍ਹ ਵਿੱਚ ਮੁਲਾਜ਼ਮਾਂ ਤੇ ਕੈਦੀਆਂ ਵਿਚਾਲੇ ਟਕਰਾਅ